ਪੰਜਾਬ ਪੁਲਸ ਦੇ ਇਲਜ਼ਾਮਾਂ 'ਤੇ SGPC ਦਾ ਪਲਟਵਾਰ, ਕਿਹਾ- ਅਸੀਂ ਤਾਂ ਕਰ ਰਹੇ ਸਹਿਯੋਗ ਪਰ...

Wednesday, Dec 11, 2024 - 08:27 PM (IST)

ਅੰਮ੍ਰਿਤਸਰ : ਅੰਮ੍ਰਿਤਸਰ ਦੇ ਗੁਰਦੁਆਰਾ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਉੱਤੇ ਹੋਏ ਹਮਲੇ ਦੇ ਮਾਮਲਾ ਲਗਾਤਾਰ ਸੁਰਖੀਆਂ ਵਿਚ ਬਣਿਆ ਹੋਇਆ ਹੈ। ਸੁਖਬੀਰ ਬਾਦਲ ਉੱਤੇ ਹੋਏ ਹਮਲੇ ਦੇ ਮਾਮਲੇ ਵਿਚ ਪੰਜਾਬ ਪੁਲਸ ਨੇ ਐੱਸਜੀਪੀਸੀ ਉੱਤੇ ਸਹਿਯੋਗ ਨਾ ਕਰਨ ਦੇ ਇਲਜ਼ਾਮ ਲਾਏ ਸਨ ਤੇ ਹੁਣ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਦਾ ਜਵਾਬ ਦਿੱਤਾ ਹੈ। ਐੱਸਜੀਪੀਸੀ ਪ੍ਰਧਾਨ ਨੇ ਇਸ ਦਾ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਪੁਲਸ ਨੂੰ ਸਾਰੀਆਂ ਸੀਸੀਟੀਵੀ ਫੁਟੇਜ ਮੁਹੱਈਆ ਕਰਵਾਈਆਂ ਗਈਆਂ ਹਨ। 

ਦੱਸ ਦਈਏ ਕਿ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੇ ਬਾਹਰ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੇ ਮਾਮਲੇ ਵਿਚ ਨਾਰਾਇਣ ਸਿੰਘ ਚੌੜਾ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਪੰਜਾਬ ਪੁਲਸ ਨੇ ਗੰਭੀਰ ਇਲਜ਼ਾਮ ਲਗਾਏ ਸਨ। ਪੰਜਾਬ ਪੁਲਸ ਦਾ ਕਹਿਣਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਜਾਂਚ 'ਚ ਸਹਿਯੋਗ ਨਹੀਂ ਦੇ ਰਹੀ ਹੈ। ਦੱਸ ਦਈਏ ਕਿ ਪੰਜਾਬ ਪੁਲਸ ਵੱਲੋਂ ਇਸ ਮਾਮਲੇ ਵਿਚ ਸੀ. ਸੀ. ਟੀ. ਵੀ. ਦੀ ਮੰਗ ਕੀਤੀ ਗਈ ਹੈ।

ਨਾਰਾਇਣ ਸਿੰਘ ਦਾ ਮੁੜ ਮਿਲਿਆ 3 ਦਿਨਾਂ ਦਾ ਰਿਮਾਂਡ
ਸੁਖਬੀਰ ਸਿੰਘ ਬਾਦਲ ‘ਤੇ ਗਲ਼ੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਦਾ ਅੱਜ ਰਿਮਾਂਡ ਖ਼ਤਮ ਹੋਣ ਮਗਰੋਂ ਪੰਜਾਬ ਪੁਲਸ ਵੱਲੋਂ ਭਾਰੀ ਸੁਰੱਖਿਆ ਹੇਠ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਵੱਲੋਂ ਨਾਰਾਇਣ ਸਿੰਘ ਚੌੜਾ ਦਾ ਤਿੰਨ ਦਿਨਾਂ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਪੁਲਸ ਨੇ ਨਾਰਾਇਣ ਸਿੰਘ ਚੌੜਾ ਦਾ 8 ਦਿਨਾਂ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਤਿੰਨ ਦਿਨਾਂ ਦਾ ਰਿਮਾਂਡ ਦਿੱਤਾ ਹੈ।

ਇਸ ਮੌਕੇ ਨਾਰਾਇਣ ਸਿੰਘ ਚੌੜਾ ਦੇ ਪੁੱਤਰ ਬਲਜਿੰਦਰ ਨੇ ਦਾਅਵਾ ਕੀਤਾ ਕਿ ਚੌੜਾ 4 ਦਸੰਬਰ ਨੂੰ ਹਰਜਿੰਦਰ ਸਿੰਘ ਧਾਮੀ ਨੂੰ ਮਿਲਿਆ ਸੀ। ਨਾਰਾਇਣ ਸਿੰਘ ਨੇ ਦੁਖਭੰਜਨ ਬੇਰੀ ਸਾਹਿਬ ਕੋਲ ਮੁਲਕਾਤ ਕੀਤੀ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 8 ਦਸੰਬਰ ਅਤੇ 5 ਦਸੰਬਰ ਨੂੰ ਨਾਰਾਇਣ ਸਿੰਘ ਚੌੜਾ ਨੂੰ ਪੁਲਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਵੱਲੋਂ ਨਰਾਇਣ ਸਿੰਘ ਚੌੜਾ ਨੂੰ ਤਿੰਨ ਦਿਨਾਂ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਸੀ।


Baljit Singh

Content Editor

Related News