ਸ਼੍ਰੋਮਣੀ ਕਮੇਟੀ ਨੂੰ ਮਹਾਨ ਕੋਸ਼ ਦੀ ਮੁੜ ਛਪਵਾਈ ਕਰਾਉਣ ਦੀ ਅਪੀਲ
Friday, Jun 09, 2017 - 07:12 AM (IST)
ਚੰਡੀਗੜ੍ਹ (ਪਰਾਸ਼ਰ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਪ੍ਰਧਾਨਗੀ ਹੇਠ ਸਿੱਖ ਵਿਦਵਾਨਾਂ ਦੀ ਅਹਿਮ ਮੀਟਿੰਗ ਸਬ-ਆਫਿਸ, ਸ਼੍ਰ੍ਰੋਮਣੀ ਕਮੇਟੀ, ਚੰਡੀਗੜ੍ਹ ਵਿਖੇ ਹੋਈ। ਇਸ ਮੀਟਿੰਗ 'ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਭਾਈ ਕਾਹਨ ਸਿੰਘ ਨਾਭਾ ਦੁਆਰਾ ਰਚਿਤ ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਦੀ ਪੰਜਾਬੀ ਐਡੀਸ਼ਨ ਦੀ ਮੁੜ ਪ੍ਰਕਾਸ਼ਨਾ ਅਤੇ ਇਸ ਦੇ ਅੰਗਰੇਜ਼ੀ ਅਤੇ ਹਿੰਦੀ ਅਨੁਵਾਦ 'ਚ ਹੋਈਆਂ ਅਣਗਿਣਤ ਬੱਜਰ ਗਲਤੀਆਂ 'ਤੇ ਅਹਿਮ ਵਿਚਾਰਾਂ ਕੀਤੀਆਂ ਗਈਆਂ।
ਮੀਟਿੰਗ 'ਚ ਬਡੂੰਗਰ ਵੱਲੋਂ ਗਠਿਤ ਕਮੇਟੀ ਨੇ ਵਿਚਾਰ ਪੇਸ਼ ਕੀਤੇ। ਕਮੇਟੀ ਨੇ ਇਸ ਗੱਲ 'ਤੇ ਵੀ ਵਿਚਾਰ ਕੀਤੀ ਕਿ ਇਸ ਸਬੰਧ 'ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ਪਹਿਲਾਂ ਤੋਂ ਹੀ ਦਾਖਲ ਰਿੱਟ ਪਟੀਸ਼ਨ ਵਿਚ ਸ਼੍ਰ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪਟੀਸ਼ਨਰ ਧਿਰ ਬਣਨਾ ਚਾਹੀਦਾ ਹੈ ਜਾਂ ਫਿਰ ਸ਼੍ਰ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਸਬੰਧ ਵਿਚ ਵੱਖਰੇ ਤੌਰ 'ਤੇ ਰਿੱਟ ਪਟੀਸ਼ਨ ਦਾਖਲ ਕਰਨੀ ਚਾਹੀਦੀ ਹੈ।
ਵਿਦਵਾਨਾਂ ਦੀ ਕਮੇਟੀ ਨੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਕਿ ਸ਼੍ਰ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਤੌਰ ਤੇ ਮਾਹਰ ਵਿਦਵਾਨਾਂ ਦੀ ਰਾਇ ਲੈ ਕੇ ਮਹਾਨ ਕੋਸ਼ ਦੀ ਮੁੜ ਛਪਵਾਈ ਕਰਾਏ। ਇਥੇ ਇਹ ਵੀ ਵਰਨਣਯੋਗ ਹੈ ਕਿ ਸ਼੍ਰ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਪੱਤਰ ਲਿਖਿਆ ਜਾ ਚੁੱਕਾ ਹੈ। ਇਸ ਇਕੱਤਰਤਾ 'ਚ ਓ. ਪੀ. ਵਸ਼ਿਸ਼ਟ ਰਿਟਾ. ਪ੍ਰੋਫੈਸਰ, ਪੰਜਾਬ ਯੂਨੀਵਰਸਿਟੀ, ਡਾ. ਜਸਪਾਲ ਕੌਰ ਕਾਂਗ ਮੁਖੀ ਗੁਰੂ ਨਾਨਕ ਸਿੱਖ ਸਟੱਡੀਜ਼ ਵਿਭਾਗ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਡਾ. ਪ੍ਰਭਜੋਤ ਕੌਰ ਰਿਟਾ. ਪ੍ਰਿੰਸੀਪਲ ਗੌਰਮਿੰਟ ਕਾਲ਼ਜ ਲੁਧਿਆਣਾ, ਡਾ. ਚਮਕੌਰ ਸਿੰਘ ਅਸਿਸਟੈਂਟ ਡਾਇਰੈਕਟਰ ਟੌਹੜਾ ਇੰਸਟੀਚਿਊਟ ਪਟਿਆਲਾ, ਅਮਰਿੰਦਰ ਸਿੰਘ ਸਾਬਕਾ ਮੈਂਬਰ ਅਤੇ ਅਵਤਾਰ ਸਿੰਘ ਸਕੱਤਰ ਸ਼੍ਰ੍ਰੋਮਣੀ ਗੁ. ਪ੍ਰ. ਕਮੇਟੀ ਨੇ ਹਿੱਸਾ ਲਿਆ।
ਜੰਮੂ ਕਸ਼ਮੀਰ 'ਚ ਛੇਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਸਰਕਾਰੀ ਛੁੱਟੀ ਦੀ ਮੰਗ
ਫਤਿਹਗੜ੍ਹ ਸਾਹਿਬ/ ਅੰਮ੍ਰਿਤਸਰ, (ਜਗਦੇਵ, ਦੀਪਕ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਸਈਅਦ ਪਾਸੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੂਬੇ ਅੰਦਰ 10 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰਨ ਦੀ ਮੰਗ ਕੀਤੀ ਹੈ। ਇਹ ਮੰਗ ਉਨ੍ਹਾਂ ਨੇ ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਨੂੰ ਲਿਖੇ ਇਕ ਪੱਤਰ ਰਾਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜੰਮੂ-ਕਸ਼ਮੀਰ ਦੀ ਧਰਤੀ ਨਾਲ ਗੂੜ੍ਹਾ ਸੰਬੰਧ ਰਿਹਾ ਹੈ।
ਸਿੱਧੂ ਨੂੰ ਵਿਰਾਸਤੀ ਯਾਦਗਾਰਾਂ ਬਾਰੇ ਗਲਤ ਬਿਆਨਬਾਜ਼ੀ ਨਹੀਂ ਸ਼ੋਭਦੀ : ਪ੍ਰੋ: ਬਡੂੰਗਰ
ਫਤਿਹਗੜ੍ਹ ਸਾਹਿਬ, (ਜਗਦੇਵ)-ਸ. ਨਵਜੋਤ ਸਿੰਘ ਸਿੱਧੂ ਨੂੰ ਖਾਲਸਾ ਪੰਥ ਦੇ ਸ਼ਾਨਾਂਮੱਤੇ ਇਤਿਹਾਸ ਦੇ ਨਾਲ-ਨਾਲ ਸਿੱਖ ਵਿਰਾਸਤ ਦਾ ਸਤਿਕਾਰ ਕਰਦਿਆਂ ਵਿਰਾਸਤੀ ਯਾਦਗਾਰਾਂ ਸੰਬੰਧੀ ਗਲਤ ਬਿਆਨਬਾਜ਼ੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਪੰਜਾਬ ਦੀ ਕਾਂਗਰਸ ਸਰਕਾਰ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵੱਲੋਂ ਵਿਰਾਸਤ-ਏ-ਖਾਲਸਾ ਲਈ 'ਚਿੱਟਾ ਹਾਥੀ' ਸ਼ਬਦ ਵਰਤਣ 'ਤੇ ਪ੍ਰਤੀਕਰਮ ਦਿੰਦਿਆਂ ਕੀਤਾ ਹੈ। ਜਾਰੀ ਇਕ ਬਿਆਨ 'ਚ ਪ੍ਰੋ. ਬਡੂੰਗਰ ਨੇ ਨਵਜੋਤ ਸਿੰਘ ਸਿੱਧੂ ਵੱਲੋਂ ਇਸ ਪ੍ਰਤੀ ਗਲਤ ਸ਼ਬਦਾਵਲੀ ਵਰਤਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਸ. ਸਿੱਧੂ ਨੂੰ ਆਪਣੀ ਗਲਤੀ ਦਾ ਅਹਿਸਾਸ ਕਰਦਿਆਂ ਸਿੱਖ ਜਗਤ ਤੋਂ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ।
