ਹੜ੍ਹ ਦੀ ਮਾਰ ਝੱਲ ਰਹੇ ਕਿਸਾਨਾਂ ਦੀ ਮਦਦ ਲਈ ਅੱਗੇ ਆਈ SGPC, ਐਡਵੋਕੇਟ ਧਾਮੀ ਨੇ ਕੀਤਾ ਇਹ ਐਲਾਨ

Thursday, Jul 13, 2023 - 10:06 PM (IST)

ਹੜ੍ਹ ਦੀ ਮਾਰ ਝੱਲ ਰਹੇ ਕਿਸਾਨਾਂ ਦੀ ਮਦਦ ਲਈ ਅੱਗੇ ਆਈ SGPC, ਐਡਵੋਕੇਟ ਧਾਮੀ ਨੇ ਕੀਤਾ ਇਹ ਐਲਾਨ

ਅੰਮ੍ਰਿਤਸਰ: ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਸੂਬੇ ਇਸ ਵੇਲੇ ਮੀਂਹ ਅਤੇ ਹੜ੍ਹ ਦੀ ਮਾਰ ਝੱਲ ਰਹੇ ਹਨ। ਇਸ ਨਾਲ ਜਿੱਥੇ ਕਈ ਕੀਮਤੀ ਜਾਨਾਂ ਗਈਆਂ ਹਨ, ਉੱਥੇ ਹੀ ਲੋਕਾਂ ਦਾ ਬਹੁਤ ਜ਼ਿਆਦਾ ਮਾਲੀ ਨੁਕਸਾਨ ਵੀ ਹੋਇਆ ਹੈ। ਬਹੁਤ ਸਾਰੇ ਪਿੰਡਾਂ ਵਿਚ ਕਿਸਾਨਾਂ ਦੀਆਂ ਫ਼ਸਲਾਂ ਤਬਾਹ ਹੋ ਗਈਆਂ ਹਨ। ਇਸ ਵਿਚਾਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਨ੍ਹਾਂ ਦੀ ਮਦਦ ਲਈ ਅੱਗੇ ਆਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸਾਹਿਬਾਨਾਂ ਨੂੰ 53 ਏਕੜ ਜ਼ਮੀਨ ਵਿਚ ਪਨੀਰੀ ਬੀਜਣ ਦੇ ਹੁਕਮ ਜਾਰੀ ਕੀਤੇ ਹਨ, ਤਾਂ ਜੋ ਇਨ੍ਹਾਂ ਕਿਸਾਨਾਂ ਦੀ ਮਦਦ ਕੀਤੀ ਜਾ ਸਕੇ।

ਇਹ ਖ਼ਬਰ ਵੀ ਪੜ੍ਹੋ - ਸੜਕ ਹਾਦਸਿਆਂ ਨੇ ਉਜਾੜੇ 3 ਘਰ, ਕਾਰ ਤੇ ਟਰੱਕ ਦੀ ਟੱਕਰ ਵੱਜਣ ਨਾਲ ਮੋਟਰਸਾਈਕਲ ਸਵਾਰਾਂ ਦੀ ਹੋਈ ਮੌਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਹੜ੍ਹਾਂ ਕਾਰਨ ਕਿਸਾਨਾਂ ਦੀ ਫਸਲਾਂ ਦਾ ਵੱਡਾ ਨੁਕਸਾਨ ਹੋਇਆ ਹੈ, ਜਿਸ ਨੂੰ ਵੇਖਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਪ੍ਰਬੰਧ ਵਾਲੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀ ਜ਼ਮੀਨ ਵਿਚ ਪਨੀਰੀ ਬੀਜਣ ਦੇ ਆਦੇਸ਼ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਸ ਤਹਿਤ ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ ਵਿਖੇ 10 ਕਿਲ੍ਹੇ, ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਹੇਰਾਂ ਲੁਧਿਆਣਾ ਵਿਖੇ 12 ਕਿਲ੍ਹੇ, ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ 15 ਕਿਲ੍ਹੇ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ 5 ਕਿਲ੍ਹੇ, ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਜਲਾਲਬਾਦ ਫਾਰਮ ਵਿਖੇ 8 ਕਿਲ੍ਹੇ ਅਤੇ ਗੁਰਦੁਆਰਾ ਬਾਬਾ ਬੀਰ ਸਿੰਘ ਜੀ ਰੱਤੋਕੇ ਵਿਖੇ 3 ਕਿਲ੍ਹੇ ਝੋਨੇ ਦੀ ਪਨੀਰੀ ਬੀਜਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਨੀਰੀ ਪਛੇਤੀਆਂ ਕਿਸਮਾਂ ਦੀ ਬੀਜੀ ਜਾਵੇਗੀ, ਤਾਂ ਜੋ ਪੀੜਤ ਕਿਸਾਨਾਂ ਨੂੰ ਇਸ ਦਾ ਲਾਭ ਮਿਲ ਸਕੇ।

ਇਹ ਖ਼ਬਰ ਵੀ ਪੜ੍ਹੋ - ਹੜ੍ਹ ਪ੍ਰਭਾਵਿਤ ਇਲਾਕੇ 'ਚ ਆਹਮੋ-ਸਾਹਮਣੇ ਹੋਏ ਜੈਇੰਦਰ ਕੌਰ ਤੇ ਕੈਬਨਿਟ ਮੰਤਰੀ ਜੌੜਾਮਾਜਰਾ, ਹੋਈ ਤਿੱਖੀ ਬਹਿਸ

ਉਨ੍ਹਾਂ ਇਹ ਵੀ ਦੱਸਿਆ ਕਿ ਜਿਥੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ ਲੰਗਰ ਤਿਆਰ ਕਰਕੇ ਪਾਣੀ ਦੀ ਮਾਰ ਹੇਠ ਆਏ ਲੋਕਾਂ ਤੱਕ ਪੁੱਜਦਾ ਕੀਤਾ ਜਾ ਰਿਹਾ ਹੈ, ਉੱਥੇ ਹੀ ਮੈਡੀਕਲ ਟੀਮਾਂ ਵੀ ਆਪਣੀਆਂ ਸੇਵਾਵਾਂ ਦੇ ਰਹੀਆਂ ਹਨ। ਇਸ ਦੇ ਨਾਲ ਹੀ ਲੋੜ ਅਨੁਸਾਰ ਪੀੜਤ ਪਰਿਵਾਰਾਂ ਲਈ ਗੁਰਦੁਆਰਾ ਸਾਹਿਬਾਨ ਅੰਦਰ ਰਿਹਾਇਸ਼ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ।.

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News