ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ SGPC ਵੱਲੋਂ 9 ਮੈਂਬਰੀ ਉੱਚ ਪੱਧਰੀ ਕਮੇਟੀ ਦਾ ਐਲਾਨ

Monday, May 16, 2022 - 05:43 PM (IST)

ਅੰਮ੍ਰਿਤਸਰ (ਵੈੱਬ ਡੈਸਕ)— ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ 9 ਮੈਂਬਰੀ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਹਰਜਿੰਦਰ ਸਿੰਘ ਧਾਮੀ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਕਮੇਟੀ ’ਚ ਉਨ੍ਹਾਂ ਤੋਂ ਇਲਾਵਾ ਸੁਖਬੀਰ ਸਿੰਘ ਬਾਦਲ, ਸਿਮਰਨਜੀਤ ਸਿੰਘ ਮਾਨ, ਬਾਬਾ ਹਰਨਾਮ ਸਿੰਘ ਖ਼ਾਲਸਾ ਦਮਦਮੀ ਟਕਸਾਲ, ਬਲਜੀਤ ਸਿੰਘ ਦਾਦੂਵਾਲ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਮਨਜੀਤ ਸਿੰਘ ਜੀ. ਕੇ., ਪਰਮਜੀਤ ਸਿੰਘ ਸਰਨਾ, ਹਰਮੀਤ ਸਿੰਘ ਕਾਲਕਾ ਸਮੇਤ ਪੰਥਕ ਸ਼ਖ਼ਸੀਅਤਾਂ ਨੂੰ ਸ਼ਾਮਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਜਲੰਧਰ: ਸੜਕ ਹਾਦਸੇ ਨੇ ਤਬਾਹ ਕੀਤੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਦੋ ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ ਮੌਤ

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਾਂਝੇ ਕੌਮੀ ਯਤਨਾਂ ਸਬੰਧੀ ਫਿਲਹਾਲ 9 ਮੈਂਬਰੀ ਕਮੇਟੀ ਬਣਾਈ ਗਈ ਹੈ, ਜੋ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਯਤਨਸ਼ੀਲ ਸੰਸਥਾਵਾਂ ਅਤੇ ਸ਼ਖ਼ਸੀਅਤਾਂ ਦੇ ਸਹਿਯੋਗ ਨਾਲ ਕਾਰਜ ਕਰੇਗੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਸਿੱਖ ਜਥੇਬੰਦੀਆਂ ਤੋਂ ਮਿਲੇ ਸੁਝਾਵਾਂ ਦਾ ਵੀ ਸਤਿਕਾਰ ਕੀਤਾ ਜਾਵੇਗਾ ਅਤੇ ਲੋੜ ਅਨੁਸਾਰ ਕਮੇਟੀ ਦਾ ਵਿਸਥਾਰ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਬਣਾਈ ਗਈ ਇਸ ਕਮੇਟੀ ਦੀ ਪਹਿਲੀ ਇਕੱਤਰਤਾ 19 ਮਈ ਨੂੰ ਅੰਮ੍ਰਿਤਸਰ ਵਿਖੇ ਬੁਲਾਈ ਗਈ ਹੈ, ਜੋ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਮੀਟਿੰਗ ਹਾਲ ਵਿਚ ਦੁਪਹਿਰ 12:00 ਵਜੇ ਹੋਵੇਗੀ। ਇਸ ਦੌਰਾਨ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। 

ਇਥੇ ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 11 ਮਈ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪੰਥਕ ਇਕੱਠ ਬੁਲਾਇਆ ਗਿਆ ਸੀ। ਇਸ ਪੰਥਕ ਇਕੱਠ ਦੌਰਾਨ ਉੱਚ ਪੱਧਰੀ ਕਮੇਟੀ ਦੇ ਗਠਨ ਦਾ ਫ਼ੈਸਲਾ ਕੀਤਾ ਗਿਆ ਸੀ। ਇਸ ਦੌਰਾਨ ਸਰਬਸੰਮਤੀ ਨਾਲ ਸਾਂਝੀ ਕਮੇਟੀ ਸਥਾਪਤ ਕਰਨ ਦੇ ਅਧਿਕਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੇ ਗਏ ਸਨ। 

ਇਹ ਵੀ ਪੜ੍ਹੋ: ਪੰਜਾਬ ’ਚ ਕਣਕ ਦੀ ਰਹਿੰਦ-ਖੂੰਹਦ ਨੂੰ ਸਾੜਨ ਦੇ ਮਾਮਲੇ ਤੇਜ਼ੀ ਨਾਲ ਵਧੇ, ਟੁੱਟ ਸਕਦੈ 7 ਸਾਲਾ ਦਾ ਰਿਕਾਰਡ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri