ਸੁਲਤਾਨਪੁਰ ਲੋਧੀ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ SGPC ਵੱਲੋਂ 38 ਹਜ਼ਾਰ ਲੀਟਰ ਡੀਜ਼ਲ ਦਾ ਪ੍ਰਬੰਧ

Thursday, Sep 25, 2025 - 06:09 PM (IST)

ਸੁਲਤਾਨਪੁਰ ਲੋਧੀ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ SGPC ਵੱਲੋਂ 38 ਹਜ਼ਾਰ ਲੀਟਰ ਡੀਜ਼ਲ ਦਾ ਪ੍ਰਬੰਧ

ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਨਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਸੰਭਵ ਸਹਿਯੋਗ ਦੀ ਵਚਨਬੱਧਤਾ ਪ੍ਰਗਟਾਈ। ਵਾਰਤਾ ਦੌਰਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਹੜ੍ਹਾਂ ਦੀ ਮਾਰ ਕੁਦਰਤੀ ਕਰੋਪੀ ਨਹੀਂ, ਸਗੋਂ ਸਰਕਾਰਾਂ ਦੀ ਨਾਲਾਇਕੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਡੈਮਾਂ ਤੋਂ ਥੋੜ੍ਹਾ-ਥੋੜ੍ਹਾ ਪਾਣੀ ਛੱਡਿਆ ਜਾਂਦਾ ਤਾਂ ਪੰਜਾਬ ਅੰਦਰ ਇੰਨੀ ਤਬਾਹੀ ਨਹੀਂ ਸੀ ਹੋਣੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਆਪਣੇ ਹਾਲ ’ਤੇ ਛੱਡ ਦਿੱਤਾ ਗਿਆ ਅਤੇ ਲੋਕਾਂ ਨੂੰ ਸਰਕਾਰਾਂ ਵਾਲੇ ਕੰਮ ਵੀ ਖ਼ੁਦ ਕਰਨੇ ਪੈ ਰਹੇ ਹਨ।

ਇਹ ਵੀ ਪੜ੍ਹੋ: ਜਲੰਧਰ 'ਚ ਹੁਣ ਬਰਲਟਨ ਪਾਰਕ ਨਹੀਂ ਸਗੋਂ ਇਸ ਪਾਰਕ 'ਚ ਲੱਗੇਗੀ ਪਟਾਕਾ ਮਾਰਕਿਟ, DC ਵੱਲੋਂ NOC ਜਾਰੀ

ਐਡਵੋਕੇਟ ਧਾਮੀ ਨੇ ਕਿਹਾ ਕਿ ਬੰਨ੍ਹਾਂ ਦੀ ਮਜ਼ਬੂਤੀ ਦਾ ਕਾਰਜ ਸਰਕਾਰਾਂ ਨੇ ਕਰਨਾ ਸੀ ਪਰ ਦੁੱਖ਼ ਦੀ ਗੱਲ ਹੈ ਕਿ ਸਰਕਾਰ ਦਾ ਇਸ ਪਾਸੇ ਵੱਲ ਉੱਕਾ ਹੀ ਧਿਆਨ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕ ਆਪਣੇ ਪਿੰਡਾਂ ਦੀ ਸੁਰੱਖਿਆ ਲਈ ਆਪ ਬੰਨਾਂ ’ਤੇ ਮਿੱਟੀ ਪਾਉਣ ਕੰਮ ਕਰ ਰਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਅੱਜ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਜ਼ਿੰਮੇਵਾਰ ਵਿਅਕਤੀਆਂ ਨੂੰ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਸਬੰਧੀ ਵਿਚਾਰ ਲਏ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਸੰਗਤਾਂ ਦੀ ਮੰਗ ਅਨੁਸਾਰ ਅੱਜ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਬੰਨ੍ਹਾਂ ਦੀ ਮਜ਼ਬੂਤੀ ਲਈ ਕਾਰਜ ਕਰ ਰਹੀਆਂ ਸੰਗਤਾਂ ਨੂੰ 38 ਹਜ਼ਾਰ ਲੀਟਰ ਡੀਜ਼ਲ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ, ਜਦਕਿ ਅੱਜ 8 ਹਜ਼ਾਰ ਲੀਟਰ ਡੀਜ਼ਲ ਮੌਕੇ ’ਤੇ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਆਹਲੀ ਕਲਾਂ ਦੇ ਬੰਨ੍ਹ ਦਾ ਏਰੀਆ ਸਭ ਤੋਂ ਵੱਧ ਹੈ, ਜਿਸ ਵਾਸਤੇ ਮੰਗ ਅਨੁਸਾਰ 20 ਹਜ਼ਾਰ ਲੀਟਰ ਡੀਜ਼ਲ ਦਾ ਪ੍ਰਬੰਧ ਕੀਤਾ ਗਿਆ ਹੈ। ਇਸੇ ਤਰ੍ਹਾਂ ਪਿੰਡ ਬਾਊਪੁਰ, ਧੁੰਦਾਂ, ਚੱਕਵਾਲਾ, ਸਾਗੜਾਂ ਆਦਿ ਪਿੰਡਾਂ ਦੇ ਬੰਨ੍ਹਾਂ ਵਾਸਤੇ ਵੀ ਡੀਜ਼ਲ ਦਿੱਤਾ ਗਿਆ।

ਇਹ ਵੀ ਪੜ੍ਹੋ: ਪੰਜਾਬ ਵਾਸੀ ਥੋੜ੍ਹਾ ਸੰਭਲ ਕੇ! ਮੰਡ ਖੇਤਰ ਦੇ ਪਿੰਡਾਂ 'ਚ ਮੰਡਰਾ ਰਿਹੈ ਅਜੇ ਵੀ ਖ਼ਤਰਾ, ਮੁਸ਼ਕਿਲ 'ਚ ਪਏ ਕਿਸਾਨ

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸਾਨਾਂ ਦੀ ਕਣਕ ਬਿਜਾਈ ਵਾਸਤੇ ਵੀ ਲਗਾਤਾਰ ਯਤਨਸ਼ੀਲ ਹੈ। ਕਿਸਾਨਾਂ ਨੂੰ ਕਣਕ ਦੀ ਬਿਜਲਾਈ ਲਈ ਇਕ ਲੱਖ ਏਕੜ ਦੇ ਕਰੀਬ ਬੀਜ ਦੇਣ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਲਈ ਖੇਤੀਬਾੜੀ ਯੂਨੀਵਰਸਿਟੀ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਮਿਆਰੀ ਬੀਜ ਮਿਲ ਸਕੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪ੍ਰਭਾਵਿਤ ਖੇਤਰਾਂ ਦੇ ਗੁਰਦੁਆਰਾ ਸਾਹਿਬਾਨ ਨੂੰ ਵੀ 50-50 ਹਜ਼ਾਰ ਰੁਪਏ ਮਾਲੀ ਸਹਾਇਤਾ ਵੀ ਦਿੱਤੀ ਜਾਵੇਗੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਚੁਣੀ ਹੋਈ ਸੰਸਥਾ ਹੈ, ਜਿਸ ਦੇ ਆਰਥਿਕ ਵਸੀਲੇ ਭਾਵੇਂ ਸੀਮਤ ਹਨ ਪਰ ਦੁਖ਼ਦ ਸਮੇਂ ਲੋਕਾਂ ਨਾਲ ਖੜ੍ਹਨਾ ਸਾਡੀ ਵਿਰਾਸਤ ਹੈ। ਉਨ੍ਹਾਂ ਕਿਹਾ ਕਿ ਸ੍ਰੋਮਣੀ ਕਮੇਟੀ ਵੱਲੋਂ ਕਿਸਾਨਾਂ ਨੂੰ ਮੁਹੱਈਆ ਕਰਵਾਏ ਜਾਣ ਵਾਲੇ ਡੀਜ਼ਲ ’ਤੇ ਸਰਕਾਰਾਂ ਨੂੰ ਟੈਕਸ ਹਟਾਉਣ ਵਾਸਤੇ ਕਿਹਾ ਗਿਆ ਸੀ ਪਰ ਸਰਕਾਰਾਂ ਵੱਲੋਂ ਇਸ ਪ੍ਰਤੀ ਵੀ ਕੋਈ ਹੁੰਗਾਰਾ ਨਹੀਂ ਭਰਿਆ ਗਿਆ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਔਖੇ ਸਮੇਂ ਵੱਧ ਤੋਂ ਵੱਧ ਸਹਿਯੋਗ ਕਰਨ ਤਾਂ ਜੋ ਹੜ੍ਹ ਪ੍ਰਭਾਵਿਤ ਲੋਕਾਂ ਦੀ ਵੱਧ ਤੋਂ ਵੱਧ ਮਦਦ ਹੋ ਸਕੇ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਮੈਂਬਰ ਸਾਹਿਬਾਨ ਨੇ ਆਹਲੀ ਕਲਾਂ ਦੇ ਬੰਨ੍ਹ ’ਤੇ ਜਾ ਕੇ ਚੱਲ ਰਹੇ ਕਾਰਜਾਂ ਬਾਰੇ ਜਾਣਕਾਰੀ ਵੀ ਲਈ ਅਤੇ ਟਰੈਕਟਰਾਂ ਲਈ ਡੀਜ਼ਲ ਦਿੱਤਾ। 
ਇਸੇ ਦੌਰਾਨ ਇਲਾਕਾ ਨਿਵਾਸੀਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਔਖੀ ਘੜੀ ਵਿਚ ਸੰਸਥਾ ਨੇ ਉਨ੍ਹਾਂ ਦੀ ਬਾਂਹ ਫੜ੍ਹ ਕੇ ਵੱਡਾ ਧਰਵਾਸ ਦਿੱਤਾ ਹੈ। 

ਉਨ੍ਹਾਂ ਭਵਿੱਖ ਵਿਚ ਵੀ ਸ਼੍ਰੋਮਣੀ ਕਮੇਟੀ ਪਾਸੋਂ ਇਸੇ ਤਰ੍ਹਾਂ ਸਹਿਯੋਗ ਦੀ ਆਸ ਪ੍ਰਗਟਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਗੁਰਮੀਤ ਸਿੰਘ ਬੂਹ, ਬਾਬਾ ਬੂਟਾ ਸਿੰਘ, ਬੀਬੀ ਗੁਰਪ੍ਰੀਤ ਕੌਰ, ਸਕੱਤਰ ਸ. ਪ੍ਰਤਾਪ ਸਿੰਘ, ਸਾਬਕਾ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨਜਰ ਸ. ਅਵਤਾਰ ਸਿੰਘ, ਸੁਪਰਵਾਈਜ਼ਰ ਸ. ਗੁਰਮੀਤ ਸਿੰਘ ਸਿੰਘਪੁਰਾ, ਸ. ਜਸਬੀਰ ਸਿੰਘ, ਸ. ਗੁਰਜੰਟ ਸਿੰਘ ਆਹਲੀ ਕਲਾਂ ਅਤੇ ਇਲਾਕਾ ਨਿਵਾਸੀ ਮੌਜੂਦ ਸਨ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! NRI ਤੇ ਕੇਅਰ ਟੇਕਰ ਔਰਤ ਦਾ ਬੇਰਹਿਮੀ ਨਾਲ ਕਤਲ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News