ਪਾਕਿ ’ਚ ਸਰਕਾਰੀ ਅਦਾਰਿਆਂ ਅੰਦਰ ਸਿੱਖਾਂ ਨੂੰ ਸ੍ਰੀ ਸਾਹਿਬ ਪਹਿਨਣ ’ਤੇ ਰੋਕ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿੰਦਾ

Friday, Dec 24, 2021 - 05:08 PM (IST)

ਪਾਕਿ ’ਚ ਸਰਕਾਰੀ ਅਦਾਰਿਆਂ ਅੰਦਰ ਸਿੱਖਾਂ ਨੂੰ ਸ੍ਰੀ ਸਾਹਿਬ ਪਹਿਨਣ ’ਤੇ ਰੋਕ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿੰਦਾ

ਅੰਮ੍ਰਿਤਸਰ(ਬਿਊਰੋ): ਪਾਕਿਸਤਾਨ ਦੇ ਸੂਬਾ ਖੈਬਰ ਖਪਤੂਨਖਵਾ ’ਚ ਸਿੱਖਾਂ ਦੇ ਸ੍ਰੀ ਸਾਹਿਬ (ਕਿਰਪਾਨ) ਪਹਿਨ ਕੇ ਅਦਾਲਤ ਕੰਪਲੈਕਸ ਜਾਂ ਸਰਕਾਰੀ ਅਦਾਰਿਆਂ ’ਚ ਜਾਣ ’ਤੇ ਰੋਕ ਲਗਾਉਣ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੰਦਭਾਗਾ ਅਤੇ ਧਾਰਮਿਕ ਅਜ਼ਾਦੀ ਦੇ ਖ਼ਿਲਾਫ਼ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਅੰਮ੍ਰਿਤਧਾਰੀ ਸਿੱਖਾਂ ਲਈ ਪੰਜ ਕਕਾਰਾਂ ਵਿੱਚੋਂ ਸ੍ਰੀ ਸਾਹਿਬ ਇਕ ਅਹਿਮ ਹਿੱਸਾ ਹੈ, ਜੋ ਸਿੱਖ ਰਹਿਣੀ ਅਨੁਸਾਰ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖ਼ਾਲਸਾ ਸਾਜਣ ਸਮੇਂ ਬਖ਼ਸ਼ੀ ਪੰਜ ਕਕਾਰੀ ਰਹਿਣੀ ਵਿਚ ਸ੍ਰੀ ਸਾਹਿਬ ਨੂੰ ਜ਼ਰੂਰੀ ਕਰਾਰ ਦਿੱਤਾ ਸੀ, ਜੋ ਖ਼ਾਲਸਾਈ ਰਹਿਣੀ ਦਾ ਅਹਿਮ ਅੰਗ ਹੈ। 

ਇਹ ਵੀ ਪੜ੍ਹੋ : ਨਵੇਂ ਸਾਲ 'ਤੇ ਬਦਲੇਗਾ ਪੰਜਾਬ ਦਾ ਚੋਣ ਅਖਾੜਾ, PM ਮੋਦੀ ਕਰ ਸਕਦੇ ਨੇ ਵੱਡੇ ਐਲਾਨ

ਐਡਵੋਕੇਟ ਧਾਮੀ ਨੇ ਕਿਹਾ ਕਿ ਕਿਰਪਾਨ, ਚਾਕੂ ਜਾਂ ਖੰਜਰ ਨਹੀਂ, ਬਲਕਿ ਸਿੱਖਾਂ ਵਾਸਤੇ ਇਹ ਵਿਸ਼ਵਾਸ ਦਾ ਚਿੰਨ੍ਹ ਹੈ। ਇਸ ਲਈ ਪਿਸ਼ਾਵਰ ਹਾਈਕੋਰਟ ਦੇ ਉਕਤ ਫ਼ੈਸਲੇ ਨਾਲ ਸਿੱਖ ਮਨਾਂ ਅੰਦਰ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਸਿੱਖ ਦੁਨੀਆ ਭਰ ਵਿਚ ਵੱਸੇ ਹੋਏ ਹਨ ਅਤੇ ਹੁਣ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੇ ਹਵਾਈ ਅੱਡਿਆਂ ਸਮੇਤ ਹੋਰ ਥਾਵਾਂ ’ਤੇ ਸਿੱਖਾਂ ਨੂੰ ਸ੍ਰੀ ਸਾਹਿਬ ਪਹਿਨਣ ਦੀ ਮਾਨਤਾ ਦਿੱਤੀ ਹੋਈ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ 1947 ਤੋਂ ਪਹਿਲਾਂ ਭਾਰਤ ਦਾ ਅੰਗ ਰਿਹਾ ਹੈ, ਇਸ ਲਈ ਇੱਥੇ ਵਸਣ ਵਾਲੇ ਸਿੱਖ ਇਤਿਹਾਸ ਅਤੇ ਪ੍ਰੰਪਰਾਵਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰਾਂ ਅਤੇ ਅਦਾਲਤਾਂ ਨੂੰ ਸਿੱਖ ਕੌਮ ਦੇ ਜਜ਼ਬਾਤਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਿੱਥੇ ਪਾਕਿਸਤਾਨ ਸਰਕਾਰ ਨੂੰ ਇਸ ਮਸਲੇ ਦਾ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ, ਉਥੇ ਭਾਰਤ ਸਰਕਾਰ ਨੂੰ ਵੀ ਪਾਕਿਸਤਾਨ ਸਰਕਾਰ ਨਾਲ ਰਾਬਤਾ ਕਰਕੇ ਇਸ ਮਸਲੇ ਦਾ ਹੱਲ ਕਰਵਾਉਣ ਲਈ ਕਿਹਾ।

ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਘਟਨਾ ਦੀ ਵਾਇਰਲ ਵੀਡੀਓ ਸਬੰਧੀ ਕੀਤੀ ਇਹ ਅਪੀਲ

ਨੋਟ : ਪਾਕਿ ਦੇ ਇਸ ਫ਼ੈਸਲੇ ਸਬੰਧੀ ਕੀ ਹੈ ਤੁਹਾਡੀ ਰਾਏ?


author

Harnek Seechewal

Content Editor

Related News