SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕਾਤ
Thursday, Sep 03, 2026 - 11:39 AM (IST)
ਅੰਮ੍ਰਿਤਸਰ (ਸਰਬਜੀਤ)- ਨੇਪਾਲ ’ਚ ਭਿਆਨਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਨੇਪਾਲ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਪ੍ਰਭਾਵਿਤ ਖੇਤਰ ਬਿਦੂਰ ਦਾ ਦੌਰਾ ਕਰਦਿਆਂ ਸਥਾਨਕ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸ਼੍ਰੋਮਣੀ ਕਮੇਟੀ ਵਫ਼ਦ ਨੇ ਨੇਪਾਲ ਦੇ ਗ੍ਰਹਿ ਮੰਤਰੀ ਮਿਸਟਰ ਸੂਦਨ ਅਤੇ ਗ੍ਰਹਿ ਵਿਭਾਗ ਦੇ ਚੀਫ਼ ਐਗਜ਼ੀਕਿਊਟਿਵ ਡਾ. ਦਰਸ਼ਨ ਰਾਜ ਨਾਲ ਵੀ ਮੁਲਾਕਾਤ ਕੀਤੀ ਅਤੇ ਲੋੜਵੰਦਾਂ ਦੀ ਮਦਦ ਲਈ ਸਾਮਾਨ ਲਿਆਉਣ ਲਈ ਰਸਤਾ ਖੋਲ੍ਹਣ ਅਤੇ ਲੋੜੀਂਦੀ ਪ੍ਰਵਾਨਗੀ ਦੇਣ ਲਈ ਆਖਿਆ। ਸ਼੍ਰੋਮਣੀ ਕਮੇਟੀ ਦੀ ਇਸ ਅਪੀਲ ਨੂੰ ਪ੍ਰਸ਼ਾਸਨ ਨੇ ਪ੍ਰਵਾਨ ਕਰਦਿਆਂ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਪਟਵਾਰੀਆਂ ਦੇ ਹੋਏ ਤਬਾਦਲੇ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੇਪਾਲ ਗਏ ਵਫ਼ਦ ’ਚ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਮੀਤ ਸਕੱਤਰ ਆਜ਼ਾਦ ਦੀਪ ਸਿੰਘ ਸ਼ਾਮਲ ਹਨ । ਨੇਪਾਲ ਤੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਅੱਜ ਬਿਦੂਰ ਇਲਾਕੇ ’ਚ ਪਹੁੰਚ ਕੇ ਜਦੋਂ ਅਸੀਂ ਇਸ ਤਬਾਹੀ ਨੂੰ ਆਪਣੀਆਂ ਅੱਖਾਂ ਨਾਲ ਦੇਖਿਆ ਤਾਂ ਇਸ ਦੀ ਗੰਭੀਰਤਾ ਦਾ ਅਹਿਸਾਸ ਹੋਰ ਵੀ ਡੂੰਘਾ ਹੋਇਆ। ਇੱਥੇ ਅਸੀਂ ਸਥਾਨਕ ਪ੍ਰਸ਼ਾਸਨ ਅਤੇ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਨੂੰ ਕਿਸ ਤਰ੍ਹਾਂ ਦੀ ਸਹਾਇਤਾ ਦੀ ਸਭ ਤੋਂ ਵੱਧ ਲੋੜ ਹੈ ਬਾਰੇ ਜਾਣਕਾਰੀ ਲਈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ
ਉਨ੍ਹਾਂ ਦੱਸਿਆ ਕਿ ਬੀਤੇ ਦਿਨ ਸਾਡੀ ਨੇਪਾਲ ਦੇ ਗ੍ਰਹਿ ਮੰਤਰੀ ਅਤੇ ਵਿੱਤ ਮੰਤਰੀ ਨਾਲ ਵੀ ਮੁਲਾਕਾਤ ਹੋਈ ਸੀ। ਉਨ੍ਹਾਂ ਦੇ ਸੱਦੇ ’ਤੇ ਅਸੀਂ ਬਿਦੂਰ ਪਹੁੰਚੇ ਤਾਂ ਜੋ ਰਾਹਤ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਅੱਗੇ ਵਧਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇੱਥੇ ਪ੍ਰਸ਼ਾਸਨ ਅਤੇ ਪ੍ਰਭਾਵਿਤ ਲੋਕਾਂ ਨਾਲ ਤਾਲਮੇਲ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਦੀਆਂ ਜ਼ਰੂਰਤਾਂ ਦਾ ਜਾਇਜ਼ਾ ਲੈਣ ਉਪਰੰਤ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਅਤੇ ਸਹਾਇਤਾ ਕਾਰਜਾਂ ’ਚ ਆਪਣਾ ਪੂਰਾ ਯੋਗਦਾਨ ਪਾਇਆ ਜਾ ਸਕੇ। ਇਸ ਮੌਕੇ ਨੇਪਾਲ ਦੇ ਸਿੱਖ ਆਗੂ ਅੰਗਦ ਸਿੰਘ ਅਤੇ ਹਰਪਾਲ ਸਿੰਘ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਕੈਨੇਡਾ 'ਚ ਪਠਾਨਕੋਟ ਦੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
