ਗੁਰਦੁਆਰਾ ਸਾਹਿਬ ਨੂੰ ਬੋਧੀ ਅਸਥਾਨ 'ਚ ਤਬਦੀਲ ਕਰਨ ਦਾ ਮਾਮਲਾ, ਸ਼੍ਰੋਮਣੀ ਕਮੇਟੀ ਦਾ ਵਫ਼ਦ ਜਾਵੇਗਾ ਅਰੁਣਾਚਲ ਪ੍ਰਦੇਸ਼

Wednesday, Apr 26, 2023 - 11:01 AM (IST)

ਅੰਮ੍ਰਿਤਸਰ (ਦੀਪਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਰੁਣਾਚਲ ਪ੍ਰਦੇਸ਼ ਦੇ ਮੇਚੁਕਾ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸਾਹਿਬ ਨੂੰ ਬੋਧੀ ਅਸਥਾਨ ’ਚ ਤਬਦੀਲ ਕਰਨ ਦੇ ਮਾਮਲੇ ’ਤੇ ਇਕ ਵਫ਼ਦ ਭੇਜਣ ਦੀ ਕਾਰਵਾਈ ਆਰੰਭੀ ਹੈ। ਬੀਤੇ ਦਿਨੀਂ ਮਾਮਲਾ ਸਾਹਮਣੇ ਆਉਣ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਸਖ਼ਤ ਨਿੰਦਾ ਕਰਦਿਆਂ ਸਰਕਾਰ ਪਾਸੋਂ ਕਾਰਵਾਈ ਦੀ ਮੰਗ ਕੀਤੀ ਸੀ। ਇਸੇ ਤਹਿਤ ਹੀ ਹੁਣ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਇਕ ਉੱਚ ਪੱਧਰੀ ਵਫ਼ਦ ਭੇਜਣ ਦਾ ਫ਼ੈਸਲਾ ਕੀਤਾ ਹੈ। ਅਰੁਣਾਚਲ ਪ੍ਰਦੇਸ਼ ਭੇਜੇ ਜਾਣ ਵਾਲੇ ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਿੱਖ ਇਤਿਹਾਸਕਾਰ ਕਰਨਲ ਦਲਵਿੰਦਰ ਸਿੰਘ ਗਰੇਵਾਲ ਨੂੰ ਸ਼ਾਮਲ ਕੀਤਾ ਗਿਆ ਹੈ, ਜਦਕਿ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਨੂੰ ਕੋਆਰਡੀਨੇਟਰ ਲਾਇਆ ਹੈ।

ਇਹ ਵੀ ਪੜ੍ਹੋ- ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ : ਵਿਜੀਲੈਂਸ ਵੱਲੋਂ ਸਾਬਕਾ ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ ਤੋਂ 3 ਘੰਟੇ ਪੁੱਛਗਿੱਛ

ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ. ਐੱਸ. ਡੀ. ਸਤਬੀਰ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖ ਅਸਥਾਨ ਦੀ ਹੌਂਦ ਨੂੰ ਖ਼ਤਮ ਕਰਨਾ ਬੇਹੱਦ ਚਿੰਤਾਜਨਕ ਹੈ, ਜਿਸ ਨੂੰ ਵੇਖਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਥਾਨਕ ਪੱਧਰ ’ਤੇ ਜਾ ਕੇ ਜਾਂਚ ਪੜਤਾਲ ਲਈ ਉੱਚ ਪੱਧਰੀ ਵਫ਼ਦ ਭੇਜਣ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਵਫ਼ਦ ਮੇਚੁਕਾ ਵਿਖੇ ਜਾ ਕੇ ਸਬੰਧਤ ਅਸਥਾਨ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਅਰੁਣਾਚਲ ਪ੍ਰਦੇਸ਼ ਦੀ ਸਰਕਾਰ ਦੇ ਨੁਮਾਇੰਦਿਆਂ ਨਾਲ ਮਾਮਲੇ ਸਬੰਧੀ ਗੱਲਬਾਤ ਵੀ ਕਰੇਗਾ।

ਇਹ ਵੀ ਪੜ੍ਹੋ- ਭਵਾਨੀਗੜ੍ਹ 'ਚ ਸ਼ੱਕੀ ਹਾਲਤ 'ਚ ਮਿਲੀ 3 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼, ਮਾਪਿਆਂ ਦਾ ਇਕਲੌਤਾ ਪੁੱਤ ਸੀ ਸਤਿਗੁਰ

ਓ. ਐੱਸ. ਡੀ. ਸਤਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਐੱਨ. ਸੀ. ਈ. ਆਰ. ਟੀ. ਦੀਆਂ ਪੁਸਤਕਾਂ ਵਿਚ ਸਿੱਖ ਇਤਿਹਾਸ ਬਾਰੇ ਗ਼ਲਤ ਜਾਣਕਾਰੀ ਦੇ ਕੇ ਮਸਲੇ ’ਤੇ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਕਮੇਟੀ ਬਣਾਈ ਹੈ, ਜਿਸ ਵਿਚ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸਿੱਖ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ, ਜਥੇਦਾਰ ਗੁਰਚਰਨ ਸਿੰਘ ਟੌਹੜਾ ਗੁਰਮਤਿ ਇੰਸਟੀਚਿਊਟ ਬਹਾਦਰਗੜ੍ਹ ਪਟਿਆਲਾ ਦੇ ਡਾਇਰੈਕਟਰ ਡਾ. ਚਮਕੌਰ ਸਿੰਘ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਇਤਿਹਾਸ ਵਿਭਾਗ ਦੇ ਮੁਖੀ ਨੂੰ ਲਿਆ ਗਿਆ ਹੈ। ਇਸ ਕਮੇਟੀ ਨੂੰ ਸਿੱਖ ਇਤਿਹਾਸ ਰਿਸਰਚ ਬੋਰਡ ਦੇ ਇੰਚਾਰਜ ਡਾ. ਜੋਗੇਸ਼ਵਰ ਸਿੰਘ ਕੋਆਰਡੀਨੇਟ ਕਰਨਗੇ। ਦੱਸਣਯੋਗ ਹੈ ਕਿ ਐੱਨ. ਸੀ. ਈ. ਆਰ. ਟੀ. ਦੀ ਪੁਸਤਕ ਵਿਚ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਨੂੰ ਵੱਖਵਾਦੀ ਦਰਸਾਉਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ ਇਹ ਕਮੇਟੀ ਗਠਤ ਕੀਤੀ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News