SGPC ਨੇ ਜਰਨਲ ਇਜਲਾਸ ''ਚ ਪਾਸ ਕੀਤੇ ਸ਼ੋਕ ਮਤੇ, ਬੇਅਦਬੀ ਮਾਮਲੇ ''ਚ ਹਨੀਪ੍ਰੀਤ ਦੀ ਗ੍ਰਿਫ਼ਤਾਰੀ ਦੀ ਮੰਗ
Friday, Mar 29, 2024 - 06:39 PM (IST)
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲਾਨਾ ਬਜਟ ਪੇਸ਼ ਕੀਤਾ ਗਿਆ ਹੈ। ਸਲਾਨਾ ਬਜਟ ਜਰਨਲ ਇਜਲਾਸ 2024-25 ਸ੍ਰੀ ਹਰਿਮੰਦਰ ਸਾਹਿਬ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਇਆ। ਇਸ ਦੌਹਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਅਹੁਦੇ ਤੇ ਮੈਂਬਰ ਸ਼ਾਮਲ ਹੋਏ। ਇਜਲਾਸ ਤੋਂ ਪਹਿਲਾਂ ਪ੍ਰਧਾਨ ਧਾਮੀ ਵੱਲੋਂ ਸ਼ੋਕ ਮਤੇ ਪੜ੍ਹੇ ਗਏ ਹਨ। ਇਸ ਦੌਰਾਨ ਜਨਰਲ ਇਜਲਾਸ 'ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਾਲ 2015 ਵਿਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ 'ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਉਸ ਦੀ ਪੈਰੋਕਾਰ ਹਨੀਪ੍ਰੀਤ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕਰਦੇ ਹਾਂ ਹੈ। ਇਸ ਬੇਅਦਬੀ ਮਾਮਲੇ ਨੇ ਪੂਰੀ ਸਿੱਖ ਕੌਮ ਨੂੰ ਗਹਿਰੀ ਮਾਨਸਿਕ ਪੀੜਾ ਦਿੱਤੀ ਹੈ ਅਤੇ ਦੁੱਖ ਦੀ ਗੱਲ ਹੈ ਕਿ ਇਸ ਦਾ ਅਜੇ ਤੱਕ ਮੁਕੰਮਲ ਇਨਸਾਫ਼ ਨਹੀਂ ਮਿਲਿਆ। ਇਸ ਮਾਮਲੇ ਵਿਚ ਬੀਤੇ ਸਮੇਂ ਗ੍ਰਿਫ਼ਤਾਰ ਕੀਤੇ ਗਏ ਸਿਰਸਾ ਡੇਰੇ ਦੇ ਪੈਰੋਕਾਰ ਪ੍ਰਦੀਪ ਕਲੇਰ ਵੱਲੋਂ ਚੰਡੀਗੜ੍ਹ ਦੀ ਅਦਾਲਤ ’ਚ ਕੀਤੇ ਖੁਲਾਸਿਆਂ ਤੋਂ ਸਪੱਸ਼ਟ ਹੋ ਚੁੱਕਾ ਹੈ ਕਿ ਇਸ ਸਿੱਖ ਵਿਰੋਧੀ ਵਰਤਾਰੇ ਪਿੱਛੇ ਮੁੱਖ ਸਾਜ਼ਿਸ਼ਘਾੜੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਹਨੀਪ੍ਰੀਤ ਹਨ।
ਇਹ ਵੀ ਪੜ੍ਹੋ : SGPC ਵਲੋਂ ਸਾਲ 2024-25 ਲਈ 12 ਅਰਬ 60 ਕਰੋੜ ਤੋਂ ਵੱਧ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਹੋਇਆ ਪਾਸ
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਰਨਲ ਇਜਲਾਸ ਪੰਜਾਬ ਸਰਕਾਰ ਪਾਸੋਂ ਮੰਗ ਕਰਦਾ ਹੈ ਕਿ ਪ੍ਰਦੀਪ ਕਲੇਰ ਦੇ ਬਿਆਨਾਂ ਦੇ ਆਧਾਰ ’ਤੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਹਨੀਪ੍ਰੀਤ ਖਿਲਾਫ਼ ਬਣਦੀ ਕਾਰਵਾਈ ਆਰੰਭੀ ਜਾਵੇ। ਗੁਰਮੀਤ ਰਾਮ ਰਹੀਮ ਨੂੰ ਜੇਲ੍ਹ ਵਿਚੋਂ ਪੰਜਾਬ ਸਰਕਾਰ ਅਦਾਲਤੀ ਪ੍ਰਕਿਰਿਆ ਰਾਹੀਂ ਹਿਰਾਸਤ ਵਿਚ ਲਵੇ ਅਤੇ ਇਸ ਦੇ ਨਾਲ ਹੀ ਹਨੀਪ੍ਰੀਤ ਨੂੰ ਤੁਰੰਤ ਹੀ ਗ੍ਰਿਫ਼ਤਾਰ ਕੀਤਾ ਜਾਵੇ। ਇਹ ਸਿੱਖ ਭਾਵਨਾਵਾਂ ਨਾਲ ਜੁੜਿਆ ਬੇਹੱਦ ਸੰਜੀਦਾ ਮੁੱਦਾ ਹੈ, ਜਿਸ ਵਿਚ ਪੰਜਾਬ ਸਰਕਾਰ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਵਰਤੇ।
ਇਸ ਤੋਂ ਇਲਾਵਾ ਐਡਵੋਕੇਟ ਧਾਮੀ ਨੇ ਬੰਦੀ ਸਿੰਘਾਂ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਜੇਲ੍ਹ ਵਿੱਚ ਬੰਦ ਕੈਦੀ ਸਿੱਖ ਸੰਵਿਧਾਨ ਅਨੁਸਾਰ ਦੁੱਗਣੀ ਸਜ਼ਾ ਪੂਰੀ ਕਰ ਚੁੱਕੇ ਹਨ ਪਰ ਕੇਂਦਰ ਉਨ੍ਹਾਂ ਨੂੰ ਰਿਹਾਅ ਕਰਨ ਵੱਲ ਧਿਆਨ ਨਹੀਂ ਦੇ ਰਿਹਾ। ਸ਼੍ਰੋਮਣੀ ਕਮੇਟੀ ਵੱਲੋਂ 5 ਮੈਂਬਰੀ ਕਮੇਟੀ ਬਣਾਈ ਗਈ ਸੀ ਪਰ ਕੇਂਦਰ ਨੇ ਸਮਾਂ ਨਹੀਂ ਦਿੱਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਕੇਂਦਰ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਪ੍ਰਤੀ ਗੈਰ-ਜ਼ਿੰਮੇਵਾਰਾਨਾ ਰਵੱਈਆ ਹੈ। ਉਨ੍ਹਾਂ ਕਿਹਾ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੂੰ ਇਹ ਕਦੇ ਨਹੀਂ ਭੁੱਲਣਾ ਚਾਹੀਦਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਇਤਿਹਾਸ ਜਾਲਮ ਮੁਗਲ ਹਕੂਮਤ ਦਾ ਵੀ ਹੰਕਾਰ ਤੋੜਨ ਵਾਲਾ ਰਿਹਾ ਹੈ ਅਤੇ ਇਥੇ ਵੱਡੇ-ਵੱਡੇ ਹੁਕਮਰਾਨ ਅਤੇ ਮਹਾਰਾਜੇ ਵੀ ਝੁਕਦੇ ਰਹੇ ਹਨ। ਅੱਜ ਦਾ ਜਨਰਲ ਇਜਲਾਸ ਕੇਂਦਰ ਸਰਕਾਰ ਨੂੰ ਸਪੱਸ਼ਟ ਕਰਦਾ ਹੈ ਕਿ ਬੰਦੀ ਸਿੰਘਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਕੀਤੀ ਗਈ ਪੰਜ ਮੈਂਬਰੀ ਕਮੇਟੀ ਦਾ ਵਜੂਦ ਇਤਿਹਾਸ ਅਤੇ ਸਿਧਾਂਤ ਦੀ ਧਾਰਾ ਨਾਲ ਜੁੜਿਆ ਹੋਇਆ ਹੈ। ਇਸ ਲਈ ਕੇਂਦਰ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਤਿਕਾਰ ਕਰਦਿਆਂ ਬੰਦੀ ਸਿੰਘਾਂ ਦੇ ਮਾਮਲੇ ’ਤੇ ਪੰਜ ਮੈਂਬਰੀ ਕਮੇਟੀ ਨਾਲ ਗੱਲਬਾਤ ਦਾ ਰਾਹ ਖੋਲ੍ਹੇ ਅਤੇ ਸਿੱਖ ਕੌਮ ਨੂੰ ਸੰਘਰਸ਼ ਦੇ ਰਾਹ ’ਤੇ ਤੁਰਨ ਲਈ ਮਜ਼ਬੂਰ ਨਾ ਕਰੇ।
ਇਹ ਵੀ ਪੜ੍ਹੋ : ਐਡਵੋਕੇਟ ਧਾਮੀ ਨੇ ਗੁਰਦੁਆਰਾ ਨਾਨਕਮਤਾ ਸਾਹਿਬ ਵਿਖੇ ਬਾਬਾ ਤਰਸੇਮ ਸਿੰਘ ਦੇ ਕਤਲ ’ਤੇ ਕੀਤਾ ਦੁੱਖ ਪ੍ਰਗਟ
ਪ੍ਰਧਾਨ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਜ ਦਾ ਇਹ ਜਰਨਲ ਇਜਲਾਸ ਦੇਸ਼ ਦੇ ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਕੀਤੇ ਜਾ ਰਹੇ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕਰਦਾ ਹੈ। ਉਨ੍ਹਾਂ ਦੁੱਖ ਦੀ ਗੱਲ ਹੈ ਕਿ ਦੇਸ਼ ਦੁਨੀਆ ਦੇ ਅੰਨਦਾਤਾ ਵਜੋਂ ਜਾਣੇ ਜਾਂਦੇ ਕਿਸਾਨਾਂ ਨਾਲ ਸਰਕਾਰਾਂ ਧੱਕੇਸ਼ਾਹੀ ਕਰ ਰਹੀਆਂ ਹਨ, ਜਿਸ ਕਰਕੇ ਉਨ੍ਹਾਂ ਨੂੰ ਕਰੜੇ ਸੰਘਰਸ਼ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਹਾਲ ਹੀ ਵਿਚ ਸੜਕਾਂ ’ਤੇ ਉਤਰੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਦਬਾਉਣ ਲਈਸਰਕਾਰਾਂ ਕੋਝੇ ਹੱਥਕੰਡੇ ਅਪਣਾ ਰਹੀਆਂ ਹਨ। ਇਥੋਂ ਤੱਕ ਕਿ ਹਰਿਆਣਾ ਸਰਕਾਰ ਵੱਲੋਂ ਕਿਸਾਨਾਂਉੱਪਰ ਅੰਨ੍ਹੇਵਾਹ ਤਸ਼ੱਦਦ ਕਰਨ ਤੋਂ ਵੀ ਗੁਰੇਜ ਨਹੀਂ ਕੀਤਾ ਗਿਆ, ਜਿਸ ਵਿਚ ਇਕ ਨੌਜਵਾਵ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਅਤੇ ਸੈਂਕੜੇ ਕਿਸਾਨ ਜ਼ਖ਼ਮੀ ਹੋਏ। ਕੇਂਦਰ ਸਰਕਾਰ ਦੀ ਸ਼ਹਿ ’ਤੇ ਜਿਥੇ ਹਰਿਆਣਾ ਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਾਂ ਲਗਾਈਆਂ ਗਈਆਂ, ਵੱਡੀ ਗਿਣਤੀ ਵਿਚ ਰਬੜ ਦੀਆਂ ਗੋਲੀਆਂ ਚਲਾਈਆਂ ਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ, ਪਾਣੀ ਦੀਆਂ ਬੁਛਾੜਾਂ ਅਤੇ ਲਾਠੀ ਚਾਰਜ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦਾ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਅੜੀਅਲ ਵਤੀਰਾ ਠੀਕ ਨਹੀਂ ਹੈ ਅਤੇ ਇਹ ਦੇਸ਼ ਦੇ ਭਵਿੱਖ ਲਈ ਵੀ ਚਿੰਤਾਜਨਕ ਹੈ। ਇਹ ਇਜਲਾਸ ਭਾਰਤ ਸਰਕਾਰ ਨੂੰ ਅਪੀਲ ਕਰਦਾ ਹੈ ਕਿ ਉਹ ਆਪਣੀ ਅੜੀ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਮੰਨਣ ਦਾ ਐਲਾਨ ਕਰੇ।ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਦਾ ਇਹ ਇਜਲਾਸ ਭਾਰਤ ਸਰਕਾਰ ਪਾਸੋਂ ਮੰਗ ਕਰਦਾ ਹੈ ਕਿ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ’ਤੇ ਕੀਤੇ ਤਸ਼ੱਦਦ ਦੀ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਮਾਰੇ ਗਏ ਨੌਜੁਆਨ ਸਮੇਤ
ਤਸ਼ੱਦਦ ਦਾ ਸ਼ਿਕਾਰ ਹੋਏ ਫੱਟੜ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8