ਸ਼੍ਰੋਮਣੀ ਕਮੇਟੀ ਵੱਲੋਂ ਅਫ਼ਗਾਨਿਸਤਾਨ ’ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ

07/29/2021 3:36:43 PM

ਅੰਮ੍ਰਿਤਸਰ (ਬਿਊਰੋ) :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਫ਼ਗਾਨਿਸਤਾਨ ਵਿਚ ਵੱਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਭਾਰਤ ਅਤੇ ਅਫ਼ਗਾਨਿਸਤਾਨ ਦੀਆਂ ਸਰਕਾਰਾਂ ਤੋਂ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਫ਼ਤਰ ਤੋਂ ਜਾਰੀ ਇਕ ਪ੍ਰੈੱਸ ਬਿਆਨ ਵਿਚ ਕਿਹਾ ਕਿ ਅਫ਼ਗਾਨਿਸਤਾਨ ’ਚ ਸਿੱਖਾਂ ਦੀ ਦਿਨੋ-ਦਿਨ ਘੱਟਦੀ ਗਿਣਤੀ ਬੇਹੱਦ ਚਿੰਤਾ ਦਾ ਵਿਸ਼ਾ ਹੈ, ਜਿਸ ਨੂੰ ਭਾਰਤ ਸਰਕਾਰ ਸੰਜੀਦਗੀ ਨਾਲ ਲਵੇ ਅਤੇ ਉਥੇ ਵੱਸਦੇ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਯਤਨ ਕਰੇ।

ਇਹ ਵੀ ਪੜ੍ਹੋ : ਮਰਯਾਦਾ ਦੀ ਉਲੰਘਣਾ ਦਾ ਮਾਮਲਾ: ਗੁਰਦੁਆਰਾ ਨਾਨਕਮਤਾ ਸਾਹਿਬ ਦੀ ਮੌਜੂਦਾ ਪ੍ਰਬੰਧਕ ਕਮੇਟੀ ਨੇ ਦਿੱਤੇ ਅਸਤੀਫ਼ੇ

ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਹਿਲਾਂ ਅਫ਼ਗਾਨਿਸਤਾਨ ਵਿਚ ਲੱਖਾਂ ਸਿੱਖ ਵੱਸਦੇ ਸਨ ਪਰ ਹੁਣ ਇਨ੍ਹਾਂ ਦੀ ਗਿਣਤੀ ਬੇਹੱਦ ਸੀਮਤ ਰਹਿ ਗਈ ਹੈ। ਇਸ ਦਾ ਕਾਰਨ ਅਸੁਰੱਖਿਆ ਦੀ ਭਾਵਨਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਅਫ਼ਗਾਨਿਸਤਾਨ ਵਿਚ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਥੋੜ੍ਹੇ ਸਮੇਂ ਅੰਦਰ ਹੀ ਅਫ਼ਗਾਨਿਸਤਾਨ ਵਿਚ ਸਿੱਖਾਂ ’ਤੇ ਦੋ ਵੱਡੇ ਨਸਲੀ ਹਮਲੇ ਹੋਏ ਹਨ। ਇਨ੍ਹਾਂ ਵਿਚ ਸਿੱਖ ਭਾਈਚਾਰੇ ਦੇ ਆਗੂਆਂ ਸਣੇ ਕਈਆਂ ਦੀਆਂ ਜਾਨਾਂ ਗਈਆਂ। ਇਸੇ ਕਾਰਨ ਅਫ਼ਗਾਨਿਸਤਾਨ ਦੇ ਸਿੱਖ ਭੈਭੀਤ ਹਨ ਅਤੇ ਸਰਕਾਰਾਂ ਦੀ ਜ਼ਿੰਮੇਵਾਰੀ ਹੈ ਕਿ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਏ।

ਇਹ ਵੀ ਪੜ੍ਹੋ : ਜਥੇਦਾਰ ਮੰਡ ਵੱਲੋਂ ਕੈਬਨਿਟ ਮੰਤਰੀ ਰੰਧਾਵਾ, ਤ੍ਰਿਪਤ ਬਾਜਵਾ ਸਮੇਤ 3 ਵਿਧਾਇਕ ਅਕਾਲ ਤਖ਼ਤ ਸਾਹਿਬ ਤਲਬ

ਉਨ੍ਹਾਂ ਅੱਗੇ ਕਿਹਾ ਕਿ ਦੇਸ਼-ਦੁਨੀਆ ਅੰਦਰ ਸਿੱਖਾਂ ਨੇ ਜਿੱਥੇ ਵੀ ਨਿਵਾਸ ਕੀਤਾ, ਉਥੋਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਿਰਤੋੜ ਯਤਨ ਕੀਤੇ। ਆਪਣੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਹਰ ਇਕ ਨਾਲ ਮਿਲਵਰਤਨ ਦੀ ਰਵਾਇਤ ਨੂੰ ਅੱਗੇ ਤੋਰਿਆ। ਸਿੱਖ ਕੌਮ ਸਮੁੱਚੀ ਮਾਨਵਤਾ ਦਾ ਭਲਾ ਮੰਗਦੀ ਹੈ ਪਰ ਦੁੱਖ ਦੀ ਗੱਲ ਹੈ ਕਿ ਅਫ਼ਗਾਨਿਸਤਾਨ ਵਿਚ ਸਿੱਖਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ਵਿਚ ਰਹਿੰਦੇ ਸਿੱਖਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰੇ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਸਰਕਾਰ ਨੂੰ ਇਸ ਸਬੰਧ ਵਿਚ ਪੱਤਰ ਵੀ ਲਿਖਿਆ ਜਾਵੇਗਾ।

ਨੋਟ: ਅਫ਼ਗਾਨਿਸਤਾਨ ਵਿੱਚ ਸਿੱਖਾਂ ਦੀ ਹਾਲਤ ਨੂੰ ਲੈ ਕੇ ਭਾਰਤ ਸਰਕਾਰ ਨੂੰ ਕਿਹੋ ਜਿਹੇ ਕਦਮ ਚੁੱਕਣ ਦੀ ਲੋੜ ਹੈ?  ਕੁਮੈਂਟ ਕਰਕੇ ਦਿਓ ਆਪਣੀ ਰਾਏ


Harnek Seechewal

Content Editor

Related News