ਡੇਰਾ ਮੁਖੀ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਨੇ ਜਤਾਇਆ ਸਖ਼ਤ ਇਤਰਾਜ਼
Sunday, Jan 21, 2024 - 06:49 PM (IST)
ਅੰਮ੍ਰਿਤਸਰ, (ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਤਲ ਤੇ ਜਬਰ-ਜ਼ਨਾਹ ਦੇ ਗੰਭੀਰ ਦੋਸ਼ਾਂ ਤਹਿਤ ਜੇਲ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਵਾਰ-ਵਾਰ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਰਾਮ ਰਹੀਮ ਨਾਲ ਸਰਕਾਰ ਵੱਲੋਂ ਵਿਸ਼ੇਸ਼ ਹਮਦਰਦੀ ਸਵਾਲ ਪੈਦਾ ਕਰਦੀ ਹੈ। ਇਹ ਸਿੱਧੇ ਤੌਰ ’ਤੇ ਸਿਆਸਤ ਤੋਂ ਪ੍ਰੇਰਿਤ ਵਰਤਾਰਾ ਹੈ।
ਇਹ ਵੀ ਪੜ੍ਹੋ- 400 ਕਿਲੋ ਦਾ ਤਾਲਾ ਪਹੁੰਚਿਆ ਅਯੁੱਧਿਆ, 30 ਕਿਲੋ ਦੀ ਲਗਦੀ ਹੈ ਚਾਬੀ (ਵੀਡੀਓ)
ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਰਕਾਰਾਂ ਦੋਹਰੀ ਨੀਤੀ ਅਪਣਾ ਰਹੀਆਂ ਹਨ। ਇਕ ਪਾਸੇ ਜਬਰ-ਜ਼ਨਾਹ ਤੇ ਕਤਲ ਦੇ ਇਲਜ਼ਾਮਾਂ ਵਿਚ ਸਜ਼ਾ ਕੱਟ ਰਹੇ ਵਿਅਕਤੀ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾਂਦੀ ਹੈ, ਜਦਕਿ ਦੂਸਰੇ ਪਾਸੇ ਤਿੰਨ-ਤਿੰਨ ਦਹਾਕਿਆਂ ਤੋਂ ਜੇਲਾਂ ਵਿਚ ਨਜ਼ਰਬੰਦ ਸਿੱਖਾਂ ਬਾਰੇ ਪੱਖਪਾਤੀ ਰਵੱਈਆ ਅਪਣਾਇਆ ਜਾ ਰਿਹਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿਆਸੀ ਹਿੱਤਾਂ ਲਈ ਸਰਕਾਰਾਂ ਵੱਲੋਂ ਗੁਰਮੀਤ ਰਾਮ ਰਹੀਮ ਦੇ ਘਿਨੌਣੇ ਅਪਰਾਧਾਂ ਨੂੰ ਅੱਖੋਂ-ਓਹਲੇ ਕਰ ਕੇ ਉਸ ਨੂੰ ਬਾਰ-ਬਾਰ ਛੱਡਿਆ ਜਾਣਾ ਇਤਰਾਜ਼ਯੋਗ ਹੈ ਅਤੇ ਇਹ ਰਾਮ ਰਹੀਮ ਵੱਲੋਂ ਕੀਤੇ ਜ਼ੁਲਮਾਂ ਦੇ ਪੀੜਤਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਵਾਲੀ ਕਾਰਵਾਈ ਹੈ।
ਇਹ ਵੀ ਪੜ੍ਹੋ- ਜੇਲ੍ਹ ਤੋਂ ਬਾਹਰ ਆਉਂਦੇ ਹੀ ਰਾਮ ਰਹੀਮ ਨੇ ਜਾਰੀ ਕੀਤਾ ਵੀਡੀਓ ਸੰਦੇਸ਼, ਸਮਰਥਕਾਂ ਨੂੰ ਆਖ਼ੀ ਇਹ ਗੱਲ
ਦੱਸ ਦੇਈਏ ਕਿ ਸਿਰਸਾ ਡੇਰਾ ਮੁਖੀ ਰਾਮ ਰਹੀਮ ਨੇ ਪੈਰੋਲ 'ਤੇ ਜੇਲ੍ਹ 'ਚੋਂ ਬਾਹਰ ਆ ਕੇ ਡੇਰਾ ਪ੍ਰੇਮੀਆਂ ਨੂੰ 22 ਜਨਵਰੀ ਨੂੰ ਹੋਣ ਜਾ ਰਹੇ ਰਾਮਲਲਾ ਦੇ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ 'ਚ ਪਹੁੰਚਣ ਦਾ ਸੰਦੇਸ਼ ਦਿੱਤਾ ਹੈ। ਸੰਦੇਸ਼ 'ਚ ਰਾਮ ਰਹੀਮ ਨੇ ਸਮਰਥਕਾਂ ਨੂੰ ਕਿਹਾ ਕਿ ਇਕ ਵਾਰ ਫਿਰ ਤੋਂ ਤੁਹਾਡੇ ਸੇਵਾਂ 'ਚ ਹਾਜ਼ਰ ਹੋ ਗਿਆ ਹਾਂ। ਉਨ੍ਹਾਂ ਆਪਣੇ ਸਮਰਥਕਾਂ ਨੂੰ ਕਿਹਾ ਕਿ ਉੱਤਰ-ਪ੍ਰਦੇਸ਼ ਸਥਿਤ ਡੇਰੇ 'ਚ ਕੋਈ ਵੀ ਨਾ ਆਵੇ।