ਜਲਾਲਾਬਾਦ: ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ ਮਗਰੋਂ SGPC ਨੇ ਜਾਰੀ ਕੀਤੇ ਨਿਰਦੇਸ਼

Monday, Jun 01, 2026 - 05:13 PM (IST)

ਜਲਾਲਾਬਾਦ: ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ ਮਗਰੋਂ SGPC ਨੇ ਜਾਰੀ ਕੀਤੇ ਨਿਰਦੇਸ਼

ਅੰਮ੍ਰਿਤਸਰ (ਰਮਨ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਅੰਤਰਿਮ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਲਾਲਾਬਾਦ 'ਚ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦੀ ਮੰਦਭਾਗੀ ਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਦੱਸਿਆ ਕਿ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਹੈ ਕਿ ਗਰਮੀ ਦੇ ਮੌਸਮ ਵਿੱਚ ਗੁਰਦੁਆਰਾ ਸਾਹਿਬਾਨ ਅੰਦਰ ਟੇਬਲ ਫੈਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੇ ਬਿਲਕੁਲ ਨੇੜੇ ਨਾ ਲਗਾਏ ਜਾਣ। ਉਨ੍ਹਾਂ ਕਿਹਾ ਕਿ ਕਈ ਵਾਰ ਚੰਦੋਆ ਫੈਨ ਵਿੱਚ ਫਸਣ ਕਾਰਨ ਸ਼ਾਰਟ ਸਰਕਟ ਵੀ ਹੋ ਜਾਂਦਾ ਹੈ, ਜਿਸ ਨਾਲ ਵੱਡਾ ਹਾਦਸਾ ਵਾਪਰ ਸਕਦਾ ਹੈ। ਇਸ ਦੇ ਨਾਲ ਹੀ ਬਿਜਲੀ ਦੀਆਂ ਲੜੀਆਂ ਵੀ ਪਾਲਕੀ ਸਾਹਿਬ ਜਾਂ ਸਰੂਪਾਂ ਦੇ ਬਹੁਤ ਨੇੜੇ ਨਾ ਲਗਾਉਣ ਦੀ ਅਪੀਲ ਕੀਤੀ ਗਈ ਹੈ।

ਇਹ ਵੀ ਪੜ੍ਹੋ- ਜੰਡਿਆਲਾ ਗੁਰੂ 'ਚ ਅਧਿਆਪਕ ਦਾ ਕਤਲ, ਧੀ ਨੂੰ ਟਿਊਸ਼ਨ ਛੱਡ ਕੇ ਆ ਰਿਹਾ ਸੀ ਵਾਪਸ

ਬੇਅਦਬੀ ਕਾਨੂੰਨ ਵਿੱਚ ਪ੍ਰਸਤਾਵਿਤ ਸੋਧਾਂ ਬਾਰੇ ਗੱਲ ਕਰਦਿਆਂ ਐਸਜੀਪੀਸੀ ਪ੍ਰਧਾਨ ਨੇ ਸਪੱਸ਼ਟ ਕੀਤਾ ਕਿ ਉਹ ਕਾਨੂੰਨ ਦਾ ਵਿਰੋਧ ਨਹੀਂ ਕਰ ਰਹੇ, ਸਗੋਂ ਕੁਝ ਸੋਧਾਂ ਸਬੰਧੀ ਆਪਣਾ ਇਤਰਾਜ਼ ਦਰਜ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਕਈ ਪੰਥਕ ਅਤੇ ਸਿਆਸੀ ਧਿਰਾਂ ਵੀ ਇਸ ਮਾਮਲੇ ਵਿੱਚ ਆਪਣਾ ਵਿਰੋਧ ਜ਼ਾਹਰ ਕਰ ਚੁੱਕੀਆਂ ਹਨ ਅਤੇ ਸਰਕਾਰ ਨੂੰ ਸੰਗਤਾਂ ਦੀ ਭਾਵਨਾ ਦਾ ਸਤਿਕਾਰ ਕਰਦਿਆਂ ਮੁੜ ਵਿਚਾਰ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ: 12ਵੀਂ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਪ੍ਰਿੰਸੀਪਲ 'ਤੇ...

ਜੂਨ 1984 ਦੇ ਘੱਲੂਘਾਰੇ ਨੂੰ ਯਾਦ ਕਰਦਿਆਂ ਧਾਮੀ ਨੇ ਕਿਹਾ ਕਿ ਇਹ ਮਹੀਨਾ ਸਿੱਖ ਕੌਮ ਲਈ ਡੂੰਘੇ ਦਰਦ ਅਤੇ ਸੰਵੇਦਨਾ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਏ ਹਮਲੇ ਦੀਆਂ ਯਾਦਾਂ ਅੱਜ ਵੀ ਸਿੱਖ ਮਨਾਂ ਨੂੰ ਝੰਝੋੜਦੀਆਂ ਹਨ। ਉਨ੍ਹਾਂ ਦੱਸਿਆ ਕਿ 6 ਜੂਨ ਨੂੰ ਜਖ਼ਮੀ ਸਰੂਪਾਂ ਦੇ ਸੰਬੰਧ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ ਅਤੇ ਇਸ ਵਾਰ ਸੰਗਤਾਂ ਨੂੰ ਜਖ਼ਮੀ ਸਰੂਪਾਂ ਦੇ ਦਰਸ਼ਨ ਵੀ ਕੇਵਲ 6 ਜੂਨ ਨੂੰ ਹੀ ਕਰਵਾਏ ਜਾਣਗੇ।

ਇਹ ਵੀ ਪੜ੍ਹੋ- ਪੰਜਾਬ, ਹਰਿਆਣਾ ਤੇ ਹਿਮਾਚਲ ਦੇ ਮੁੱਖ ਮਾਰਗਾਂ 'ਤੇ 4 ਘੰਟੇ ਲਈ ਚੱਕਾ ਜਾਮ ਦਾ ਐਲਾਨ, ਜਾਣੋ ਪੂਰਾ ਮਾਮਲਾ

ਇਸ ਮੌਕੇ ਉਨ੍ਹਾਂ ਐਸਜੀਪੀਸੀ ਵੱਲੋਂ ਕਰਮਚਾਰੀਆਂ ਅਤੇ ਸ਼ਹੀਦ ਪਰਿਵਾਰਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਸੰਸਥਾ ਆਪਣੀਆਂ ਰਵਾਇਤੀ ਜ਼ਿੰਮੇਵਾਰੀਆਂ ਅਨੁਸਾਰ ਇਹ ਸੇਵਾਵਾਂ ਜਾਰੀ ਰੱਖੇਗੀ।  ਧਾਮੀ ਨੇ ਦੱਸਿਆ ਕਿ 18 ਜੂਨ ਨੂੰ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਮੌਕੇ ਵੀ ਐਸਜੀਪੀਸੀ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਐਸਜੀਪੀਸੀ ਵੱਲੋਂ 1984 ਨਾਲ ਸਬੰਧਤ ਮਾਮਲਿਆਂ ਅਤੇ ਇਤਿਹਾਸਕ ਨੁਕਸਾਨ ਦੇ ਮੁਲਾਂਕਣ ਸਬੰਧੀ ਕਾਨੂੰਨੀ ਲੜਾਈ ਵੀ ਜਾਰੀ ਹੈ ਅਤੇ ਕੌਮ ਦੇ ਹਿੱਤਾਂ ਦੀ ਰੱਖਿਆ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News