ਕਿਸਾਨਾਂ ਦੇ ਹੱਕ ''ਚ ਆਏ SGPC ਨੇ ਕੀਤਾ ਵੱਡਾ ਐਲਾਨ

Thursday, Nov 26, 2020 - 03:49 PM (IST)

ਕਿਸਾਨਾਂ ਦੇ ਹੱਕ ''ਚ ਆਏ SGPC ਨੇ ਕੀਤਾ ਵੱਡਾ ਐਲਾਨ

ਅੰਮ੍ਰਿਤਸਰ (ਦੀਪਕ ਸ਼ਰਮਾ) : ਭਾਰਤ ਸਰਕਾਰ ਵੱਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੀ ਵਚਨਬੱਧਤਾ ਦੁਹਰਾਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਲੰਗਰ ਦੇ ਨਾਲ-ਨਾਲ ਮੁੱਢਲੀਆਂ ਮੈਡੀਕਲ ਸੇਵਾਵਾਂ ਮੁਹੱਈਆ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਨੇ ਜਿਥੇ ਗੁਰੂ ਘਰਾਂ ਤੋਂ ਕਿਸਾਨ ਧਰਨਿਆਂ ਦੌਰਾਨ ਲੰਗਰ ਦਾ ਪ੍ਰਬੰਧ ਕੀਤਾ ਸੀ, ਉਥੇ ਹੀ ਲੰਘੇ ਬਜਟ ਇਜਲਾਸ ਦੌਰਾਨ ਕਿਸਾਨੀ ਕਾਨੂੰਨਾਂ ਨੂੰ ਖ਼ੇਤੀ ਤਬਾਹ ਕਰਨ ਵਾਲੇ ਕਰਾਰ ਦਿੰਦਿਆਂ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਸੀ। ਇਸੇ ਦੀ ਲਗਾਤਾਰਤਾ 'ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਥੇ ਜਾਰੀ ਇਕ ਬਿਆਨ 'ਚ ਕਿਹਾ ਕਿ ਆਪਣੀ ਹੋਂਦ ਦੀ ਲੜਾਈ ਲੜ ਰਹੇ ਕਿਸਾਨਾਂ ਨਾਲ ਸਿੱਖ ਸੰਸਥਾ ਚੱਟਾਨ ਵਾਂਗ ਖੜ੍ਹੀ ਹੈ ਅਤੇ ਸੰਘਰਸ਼ ਦੌਰਾਨ ਕਿਸਾਨਾਂ ਦੀਆਂ ਲੋੜਾਂ ਅਨੁਸਾਰ ਪ੍ਰਬੰਧ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਦਿੱਲੀ ਜਾ ਰਹੇ ਕਿਸਾਨਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਦੇ ਨਾਲ-ਨਾਲ ਮੈਡੀਕਲ ਟੀਮਾਂ ਵੀ ਸੇਵਾ ਦੇਣਗੀਆਂ।

ਇਹ ਵੀ ਪੜ੍ਹੋ : ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਸੁਖਜਿੰਦਰ ਰੰਧਾਵਾ ਦਾ ਫਿਰ ਹਰਸਿਮਰਤ ਬਾਦਲ 'ਤੇ ਹਮਲਾ

 

ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਧਰਨਿਆਂ ਸਮੇਂ ਨੇੜਲੇ ਗੁਰਦੁਆਰਿਆਂ ਤੋਂ ਲੰਗਰ ਜਾਰੀ ਰਹੇਗਾ ਅਤੇ ਦਿੱਲੀ ਜਾ ਰਹੇ ਕਿਸਾਨਾਂ ਲਈ ਵੀ ਰਸਤਿਆਂ 'ਚ ਪ੍ਰਬੰਧ ਕੀਤੇ ਜਾਣਗੇ। ਇਸ ਸਬੰਧ 'ਚ ਗੁਰਦੁਆਰਿਆਂ ਦੇ ਮੈਨੇਜਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮੈਡੀਕਲ ਸੇਵਾਵਾਂ ਲਈ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲਾ ਦੀਆਂ ਟੀਮਾਂ ਸੇਵਾਵਾਂ ਨਿਭਾਉਣਗੀਆਂ। ਉਨ੍ਹਾਂ ਦੱਸਿਆ ਕਿ ਇਸ ਸਬੰਧ 'ਚ ਮੈਡੀਕਲ ਕਾਲਜ ਅਤੇ ਹਸਪਤਾਲ ਵੱਲੋਂ ਤਿੰਨ ਵੈਨਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਇਨ੍ਹਾਂ 'ਚ ਮੁੱਢਲੀਆਂ ਸਿਹਤ ਸਹੂਲਤਾਂ ਹੋਣਗੀਆਂ, ਜੋ ਖਨੌਰੀ, ਡੱਬਵਾਲੀ ਅਤੇ ਸ਼ੰਭੂ ਵਿਖੇ ਸੇਵਾ ਦੇਣਗੀਆਂ। ਉਨ੍ਹਾਂ ਦੱਸਿਆ ਕਿ ਲੰਗਰ ਦਾ ਪ੍ਰਬੰਧ ਵੱਖ-ਵੱਖ ਇਲਾਕਿਆਂ 'ਚ ਸਥਿਤ ਗੁਰਦੁਆਰਿਆਂ ਨਜ਼ਦੀਕ ਕਰਨ ਦੇ ਨਾਲ-ਨਾਲ ਮੁੱਖ ਮਾਰਗਾਂ 'ਤੇ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਦੇਸ਼ ਦੀ ਸਰਕਾਰ ਵੱਲੋਂ ਕਿਸਾਨੀ ਨੂੰ ਦਬਾਉਣ ਲਈ ਕੀਤੀ ਜਾ ਰਹੀ ਅੜੀ ਦੇਸ਼ ਦੇ ਹਿੱਤ 'ਚ ਨਹੀਂ ਹੈ। ਸਰਕਾਰ ਨੂੰ ਆਪਣਾ ਫੈਸਲਾ ਵਾਪਸ ਲੈਣਾ ਚਾਹੀਦਾ ਹੈ ਕਿਉਂਕਿ ਕਿਸਾਨੀ ਨਾਲ ਦੇਸ਼ ਦਾ ਅਰਥਚਾਰਾ ਨੇੜਿਉਂ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨਦਾਤੇ ਕਿਸਾਨਾਂ ਦੀ ਮੰਗਾਂ 'ਤੇ ਕੇਂਦਰ ਸਰਕਾਰ ਵੱਲੋਂ ਗੌਰ ਨਾ ਕਰਨਾ ਦੁੱਖਦਾਈ ਹੈ। ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਸੰਜੀਦਗੀ ਨਾਲ ਨਾ ਲਿਆ ਤਾਂ ਭਵਿੱਖ 'ਚ ਇਸ ਦਾ ਦੇਸ਼ 'ਤੇ ਡੂੰਘਾ ਅਸਰ ਪਵੇਗਾ।

ਇਹ ਵੀ ਪੜ੍ਹੋ : ਟਰੈਕਟਰ-ਟਰਾਲੀਆਂ 'ਤੇ ਸਵਾਰ ਹੋ ਕੇ ਕਿਸਾਨਾਂ ਨੇ ਪਿੰਡ ਭਾਗਸਰ ਤੋਂ ਦਿੱਲੀ ਲਈ ਘੱਤੀਆਂ ਵਹੀਰਾਂ

 

 


author

Anuradha

Content Editor

Related News