ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਪਾਕਿ ਵਿਖੇ ਮਨਾਉਣ ਜਾਣ ਵਾਲੇ ਸ਼ਰਧਾਲੂਆਂ ਨੂੰ ਨਹੀਂ ਮਿਲੇ ਵੀਜ਼ੇ

06/26/2019 1:08:20 AM

ਅੰਮ੍ਰਿਤਸਰ (ਦੀਪਕ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 27 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਭੇਜੇ ਜਾਣ ਵਾਲੇ ਜੱਥੇ 'ਚੋਂ 58 ਸ਼ਰਧਾਲੂਆਂ ਨੂੰ ਵੀਜ਼ੇ ਨਹੀਂ ਮਿਲੇ, ਜਿਸ ਕਾਰਨ ਇਹ ਸ਼ਰਧਾਲੂ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਨਹੀਂ ਕਰ ਸਕਣਗੇ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੁਲ 282 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲੱਗਣ ਲਈ ਭੇਜੇ ਗਏ ਸਨ, ਜਿਨ੍ਹਾਂ 'ਚੋਂ 224 ਸ਼ਰਧਾਲੂਆਂ ਦੇ ਵੀਜ਼ੇ ਹੀ ਲੱਗੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅੰਬੈਸੀ ਅਤੇ ਭਾਰਤ ਸਰਕਾਰ ਵੱਲੋਂ 58 ਸ਼ਰਧਾਲੂਆਂ ਨੂੰ ਵੀਜ਼ੇ ਨਹੀਂ ਦਿੱਤੇ ਗਏ ਅਤੇ ਜਿਹੜੇ 224 ਸ਼ਰਧਾਲੂਆਂ ਨੂੰ ਵੀਜ਼ੇ ਮਿਲੇ ਹਨ, ਉਹ ਆਪਣੇ ਪਾਸਪੋਰਟ 26 ਜੂਨ ਨੂੰ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ ਪ੍ਰਾਪਤ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਇਹ ਜਥਾ 27 ਜੂਨ ਨੂੰ ਇਕ ਵਿਸ਼ੇਸ਼ ਰੇਲ ਗੱਡੀ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਵੇਗਾ ਅਤੇ ਉਥੇ ਸਥਿਤ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਕਰਨ ਉਪਰੰਤ 6 ਜੁਲਾਈ ਨੂੰ ਭਾਰਤ ਵਾਪਸ ਪੁੱਜੇਗਾ। ਜੱਥੇ ਦੀ ਅਗਵਾਈ ਗੁਰਮੀਤ ਸਿੰਘ ਬੂਹ ਮੈਂਬਰ ਸ਼੍ਰੋਮਣੀ ਕਮੇਟੀ ਕਰਨਗੇ ਅਤੇ ਇਸ ਜੱਥੇ 'ਚ ਵਿਸ਼ੇਸ਼ ਤੌਰ 'ਤੇ ਡਾ. ਰੂਪ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ ਵੀ ਸ਼ਾਮਲ ਹੋਣਗੇ।


satpal klair

Content Editor

Related News