CM ਮਾਨ ਦੀ ਅਪੀਲ ’ਤੇ SGPC ਪ੍ਰਧਾਨ ਦੀ ਪ੍ਰਤੀਕਿਰਿਆ, ਕਿਹਾ-ਧਰਮ ਜ਼ਰੀਏ ਨਾ ਕੀਤੀ ਜਾਵੇ ਸਿਆਸਤ

Thursday, Apr 07, 2022 - 11:01 PM (IST)

CM ਮਾਨ ਦੀ ਅਪੀਲ ’ਤੇ SGPC ਪ੍ਰਧਾਨ ਦੀ ਪ੍ਰਤੀਕਿਰਿਆ, ਕਿਹਾ-ਧਰਮ ਜ਼ਰੀਏ ਨਾ ਕੀਤੀ ਜਾਵੇ ਸਿਆਸਤ

ਅੰਮ੍ਰਿਤਸਰ (ਗੁਰਿੰਦਰ ਸਾਗਰ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਦਰਬਾਰ ਸਾਹਿਬ ’ਚੋਂ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਕੀਤੀ ਅਪੀਲ ’ਤੇ ਪ੍ਰਤੀਕਿਰਿਆ ਦਿੱਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਿਹਾ ਕਿ ਸਰਕਾਰ ਦੇ ਕਾਰਜ ਆਪਣੇ ਹੁੰਦੇ ਹਨ ਤੇ ਧਰਮ ਦੇ ਖੇਤਰ ਦੇ ਆਪਣੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਮੈਂ ਤੁਹਾਨੂੰ ਇਹ ਵੀ ਯਾਦ ਕਰਵਾਉਣਾ ਚਾਹੁੰਦਾ ਹਾਂ ਕਿ ਇਹ ਮਹਿਕਮਾ ਇਨਫਰਮੇਸ਼ਨ ਐਂਡ ਬ੍ਰਾਡਕਾਸਟਿੰਗ ਦਾ ਹੈ ਅਤੇ ਇਸ ਦੀ ਸਾਰੀ ਮਨਜ਼ੂਰੀ ਕੇਂਦਰ ਸਰਕਾਰ ਤੋਂ ਲੈਣੀ ਪੈਂਦੀ ਹੈ। ਅਸੀਂ ਕਮੇਟੀ ਬਣਾ ਕੇ ਇਸ ਲਈ ਯਤਨ ਵੀ ਆਰੰਭ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਚੈਨਲ ਚਲਾਉਣ ਦੇ ਮਾਮਲੇ ’ਚ ਸਰਕਾਰ ਦੀ ਕੋਈ ਜ਼ਰੂਰਤ ਨਹੀਂ ਹੈ ਪਰ ਤੁਸੀਂ ਇਹ ਬਿਆਨ ਦੇ ਕੇ ਦੋਹਰੀ ਸਿਆਸਤ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਤੁਸੀਂ ਕਹਿੰਦੇ ਹੋ ਕਿ ਧਰਮ ’ਚ ਕੋਈ ਦਖਲਅੰਦਾਜ਼ੀ ਨਹੀਂ ਕਰਾਂਗੇ ਤੇ ਇਸ ਬਿਆਨ ਨਾਲ ਤੁਹਾਡਾ ਦੋਹਰਾ ਪੱਖ ਨੰਗਾ ਹੋੲਿਆ ਹੈ। ਉਨ੍ਹਾਂ ਕਿਹਾ ਕਿ ਮੈਂ ਇਨ੍ਹਾਂ ਨੂੰ ਬੇਨਤੀ ਕਰਦਾ ਹਾਂ ਕਿ ਧਰਮ ਜ਼ਰੀਏ ਸਿਆਸਤ ਨਾ ਕੀਤੀ ਜਾਵੇ, ਕਮੇਟੀ ਸਾਰੇ ਕਾਰਜ ਕਰਨ ਦੇ ਖੁਦ ਸਮਰੱਥ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਹੁਕਮ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਹੀ 7 ਮੈਂਬਰੀ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਦੀ ਰਿਪੋਰਟ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ।  

ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ CM ਭਗਵੰਤ ਮਾਨ ਦੀ ਸ਼੍ਰੋਮਣੀ ਕਮੇਟੀ ਨੂੰ ਅਪੀਲ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਅਤੇ ਉਸ ਤੋਂ ਪਹਿਲਾਂ ਵੀ ਸਰਕਾਰ ਨੂੰ ਕਈ ਵਾਰ ਅਪੀਲ ਕੀਤੀ ਗਈ ਸੀ ਕਿ ਘੰਟਾਘਰ ਵਾਲੇ ਪਾਸੇ ਪਹਿਲਾਂ ਹੋਏ ਸੁੰਦਰੀਕਰਨ ਦੀ ਤਰਜ਼ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਬਾਕੀ ਰਸਤਿਆਂ ਦਾ ਵੀ ਸੁੰਦਰੀਕਰਨ ਕੀਤਾ ਜਾਵੇ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੀ ਕਰੋੜਾਂ ਰੁਪਏ ਦੀ ਐੱਸ.ਸੀ. ਸਕਾਲਰਸ਼ਿਪ, ਜੋ ਸਰਕਾਰ ਵੱਲ ਰੁਕੀ ਹੋਈ ਹੈ, ਜਾਰੀ ਕਰਨ ਅਤੇ ਏਡਿਡ ਸਕੂਲਾਂ ਦੇ ਸਟਾਫ ਸਬੰਧੀ ਲਟਕੇ ਮਾਮਲੇ ਵੀ ਹੱਲ ਕਰਨ ਦੀ ਅਪੀਲ ਕਰ ਚੁੱਕੇ ਹਾਂ ਪਰ ਸਰਕਾਰ ਵੱਲੋਂ ਇਸ ਸਬੰਧੀ ਕੋਈ ਵੀ ਧਿਆਨ ਨਹੀਂ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂਘਰਾਂ ਦੀਆਂ ਸੇਵਾਵਾਂ ਸੰਗਤਾਂ ਵੱਲੋਂ ਦਿੱਤੀਆਂ ਭੇਟਾਵਾਂ ਨਾਲ ਚਲਦੀਆਂ ਹਨ ਅਤੇ ਸੰਗਤਾਂ ਹਰ ਕਾਰਜ ਕਰਨ ਦੇ ਸਮਰੱਥ ਹਨ।  

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਵੱਲੋਂ ਸੂਬਾ ਸਰਕਾਰ ਨੂੰ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਆਧੁਨਿਕ ਪ੍ਰਸਾਰਣ/ਸੰਚਾਰ ਤਕਨੀਕਾਂ ਨੂੰ ਸਥਾਪਿਤ ਕਰਨ ਦੀ ਇਜਾਜ਼ਤ ਦੇਣ ਦੀ ਅਪੀਲ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ‘ਸਰਬ ਸਾਂਝੀ ਗੁਰਬਾਣੀ’ ਦੇ ਦੁਨੀਆਂ ਭਰ ’ਚ ਪਸਾਰ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਮਦਦ ਦਿੱਤੀ ਜਾਵੇਗੀ ਤਾਂ ਜੋ ‘ਸਰਬੱਤ ਦੇ ਭਲੇ’ ਦੇ ਇਲਾਹੀ ਸੰਦੇਸ਼ ਨੂੰ ਦੁਨੀਆ ਭਰ ਵਿਚ ਵਸਦੇ ਲੋਕਾਂ ਤੱਕ ਪਹੁੰਚਾਇਆ ਜਾ ਸਕੇ। 


author

Manoj

Content Editor

Related News