ਕਾਬੁਲ ਅੱਤਵਾਦੀ ਹਮਲੇ ’ਚ ਜਾਨ ਗੁਆਉਣ ਵਾਲੇ ਸਵਿੰਦਰ ਸਿੰਘ ਦੇ ਪਰਿਵਾਰ ਨਾਲ SGPC ਪ੍ਰਧਾਨ ਧਾਮੀ ਵੱਲੋਂ ਮੁਲਾਕਾਤ

06/20/2022 7:03:53 PM

ਅੰਮ੍ਰਿਤਸਰ (ਬਿਊਰੋ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਫ਼ਗਾਨਿਸਤਾਨ ਦੇ ਕਾਬੁਲ ਵਿਖੇ ਗੁਰਦੁਆਰਾ ਕਰਤੇ ਪ੍ਰਵਾਨ ਸਾਹਿਬ ’ਤੇ ਹੋਏ ਅੱਤਵਾਦੀ ਹਮਲੇ ’ਚ ਸ਼ਹੀਦ ਹੋਏ ਭਾਈ ਸਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦਿੱਲੀ ਵਿਖੇ ਪੁੱਜ ਕੇ ਹਮਦਰਦੀ ਪ੍ਰਗਟ ਕੀਤੀ। ਐਡਵੋਕੇਟ ਧਾਮੀ ਨੇ ਇਸੇ ਦੌਰਾਨ ਦਿੱਲੀ ਦੇ ਤਿਲਕ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਭਾਈ ਸਵਿੰਦਰ ਸਿੰਘ ਦੀ ਅੰਤਿਮ ਅਰਦਾਸ ਵਿਚ ਵੀ ਸ਼ਮੂਲੀਅਤ ਕੀਤੀ ਅਤੇ ਕਾਬੁਲ ਵਿਖੇ ਹੋਏ ਅੱਤਵਾਦੀ ਹਮਲੇ ਨੂੰ ਮਨੁੱਖਤਾ ਵਿਰੋਧੀ ਕਰੂਰ ਕਾਰਾ ਕਰਾਰ ਦਿੱਤਾ। ਉਨ੍ਹਾਂ ਭਾਈ ਸਵਿੰਦਰ ਸਿੰਘ ਦੀ ਪਤਨੀ ਪਾਲ ਕੌਰ, ਬਰਤਾਨੀਆ ਤੋਂ ਪੁੱਜੇ ਉਨ੍ਹਾਂ ਦੇ ਸਪੁੱਤਰ ਅਜਮੀਤ ਸਿੰਘ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ : ਸੰਗਰੂਰ ਦੇ ਮਹਾਕਾਲੀ ਦੇਵੀ ਧਾਮ ਦੀ ਕੰਧ ’ਤੇ ਲਿਖੇ ਖਾਲਿਸਤਾਨੀ ਨਾਅਰੇ

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਫ਼ਗਾਨਿਸਤਾਨ ਦੇ ਸਿੱਖਾਂ ਦੇ ਨਾਲ ਹੈ ਅਤੇ ਲੋੜ ਅਨੁਸਾਰ ਹਰ ਸੰਭਵ ਮਦਦ ਕਰਨ ਲਈ ਹਮੇਸ਼ਾ ਵਚਨਬੱਧ ਰਹੇਗੀ। ਉਨ੍ਹਾਂ ਆਖਿਆ ਕਿ ਸਰਕਾਰ ਨੂੰ ਦੁਨੀਆ ਭਰ ’ਚ ਵਸਦੇ ਸਿੱਖਾਂ ਤੇ ਹੋਰ ਭਾਰਤੀ ਲੋਕਾਂ ਦੀ ਸੁਰੱਖਿਆ ਲਈ ਸਮੇਂ ਸਿਰ ਕਦਮ ਚੁੱਕਣੇ ਚਾਹੀਦੇ ਹਨ, ਤਾਂ ਜੋ ਅਜਿਹੀ ਮੰਦਭਾਗੀਆਂ ਘਟਨਾਵਾਂ ਦਾ ਦਰਦ ਨਾ ਸਹਿਣਾ ਪਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਫ਼ਗਾਨਿਸਤਾਨ ’ਚ ਫਸੇ ਸਿੱਖਾਂ ਨੂੰ ਭਾਰਤ ਲਿਆ ਕੇ ਵਸਾਉੇਣਾ ਭਾਵੇਂ ਸਰਕਾਰਾਂ ਦਾ ਕੰਮ ਹੈ ਪਰ ਇਸ ਕਾਰਜ ’ਚ ਜੋ ਵੀ ਲੋੜਾਂ ਹੋਣਗੀਆਂ, ਸ਼੍ਰੋਮਣੀ ਕਮੇਟੀ ਉਸ ਲਈ ਹਰ ਸਮੇਂ ਮੌਜੂਦ ਰਹੇਗੀ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਾਰੇ ਅਫ਼ਗਾਨੀ ਸਿੱਖਾਂ ਨੂੰ ਭਾਰਤ ਲਿਆ ਕੇ ਉਨ੍ਹਾਂ ਦੇ ਚੰਗੇ ਰਹਿਣ-ਸਹਿਣ ਦਾ ਠੋਸ ਪ੍ਰਬੰਧ ਕਰੇ ਅਤੇ ਉਨ੍ਹਾਂ ਦੇ ਰੋਜ਼ਗਾਰ ਵੱਲ ਵੀ ਖਾਸ ਧਿਆਨ ਦੇਵੇ।

ਇਹ ਵੀ ਪੜ੍ਹੋ : ਕੇਜਰੀਵਾਲ ਦੇ ਦੌਰੇ ਦੌਰਾਨ ਸੰਗਰੂਰ ਪਹੁੰਚੇ ਸ਼ਰਾਬ ਠੇਕੇਦਾਰਾਂ ਵੱਲੋਂ ਆਬਕਾਰੀ ਨੀਤੀ ਦਾ ਬਾਈਕਾਟ

ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਸਵਿੰਦਰ ਸਿੰਘ ਦੇ ਸਪੁੱਤਰ ਅਜਮੀਤ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਦਸਤਾਰ ਦੇ ਕੇ ਨਿਵਾਜਿਆ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸੇ ਦੌਰਾਨ ਭਾਈ ਸਵਿੰਦਰ ਸਿੰਘ ਦੇ ਪਰਿਵਾਰ ਤੋਂ ਇਲਾਵਾ ਦਿੱਲੀ ਵਿਖੇ ਰਹਿੰਦੇ ਅਫ਼ਗਾਨੀ ਸਿੱਖ ਆਗੂਆਂ ਨਾਲ ਮੁਲਾਕਾਤ ਵੀ ਕੀਤੀ ਅਤੇ ਅਫਗਾਨਿਸਤਾਨ ’ਚ ਰਹਿੰਦੇ ਸਿੱਖਾਂ ਦੀ ਗਿਣਤੀ ਅਤੇ ਮੌਜੂਦਾ ਸਥਿਤੀ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਮੌਜੂਦ ਅਫ਼ਗਾਨਿਸਤਾਨ ਦੇ ਅੰਬੈਸਡਰ ਫਰੀਦ ਮਾਮੁੰਦਜਈ ਨੂੰ ਵੀ ਐਡਵੋਕੇਟ ਧਾਮੀ ਨੇ ਸਿੱਖਾਂ ਦੀ ਅਫ਼ਗਾਨਿਸਤਾਨ ’ਚ ਸੁਰੱਖਿਆ ਯਕੀਨੀ ਬਣਾਉਣ ਲਈ ਆਖਿਆ।

Manoj

This news is Content Editor Manoj