ਰਾਮ ਰਹੀਮ ਵੱਲੋਂ ਸੁਨਾਮ ’ਚ ਡੇਰਾ ਖੋਲ੍ਹਣ ਦੇ ਐਲਾਨ ’ਤੇ SGPC ਪ੍ਰਧਾਨ ਧਾਮੀ ਨੇ ਦਿੱਤੀ ਸਖ਼ਤ ਪ੍ਰਤੀਕਿਰਿਆ

Saturday, Oct 22, 2022 - 08:17 PM (IST)

ਰਾਮ ਰਹੀਮ ਵੱਲੋਂ ਸੁਨਾਮ ’ਚ ਡੇਰਾ ਖੋਲ੍ਹਣ ਦੇ ਐਲਾਨ ’ਤੇ SGPC ਪ੍ਰਧਾਨ ਧਾਮੀ ਨੇ ਦਿੱਤੀ ਸਖ਼ਤ ਪ੍ਰਤੀਕਿਰਿਆ

ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਵੱਲੋਂ ਸੁਨਾਮ ’ਚ ਡੇਰਾ ਖੋਲ੍ਹਣ ਦੇ ਐਲਾਨ ’ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਸਰਕਾਰ ਤੋਂ ਉਸ ਦੀਆਂ ਗਤੀਵਿਧੀਆਂ ’ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਡੇਰਾ ਸਿਰਸਾ ਮੁਖੀ ਰਾਮ ਰਹੀਮ ਦਾ ਕਿਰਦਾਰ ਗ਼ੈਰ-ਸਮਾਜਿਕ ਹੈ ਅਤੇ ਉਸ ’ਤੇ ਲੱਗੇ ਦੋਸ਼ ਬਹੁਤ ਗੰਭੀਰ ਹਨ। ਜਬਰ-ਜ਼ਿਨਾਹ ਅਤੇ ਕਤਲ ਦੇ ਮਾਮਲਿਆਂ ’ਚ ਸਜ਼ਾਜਾਫਤਾ ਰਾਮ ਰਹੀਮ ਬੇਅਦਬੀ ਮਾਮਲਿਆਂ ’ਚ ਵੀ ਮੁੱਖ ਦੋਸ਼ੀ ਹੈ। ਉਨ੍ਹਾਂ ਆਖਿਆ ਕਿ ਉਸ ਵੱਲੋਂ ਪੰਜਾਬ ਅੰਦਰ ਡੇਰਾ ਖੋਲ੍ਹਣ ਦੇ ਐਲਾਨ ਨਾਲ ਸਿੱਖ ਭਾਵਨਾਵਾਂ ਨੂੰ ਭਾਰੀ ਸੱਟ ਵੱਜੀ ਹੈ ਅਤੇ ਇਸ ਨਾਲ ਪੰਜਾਬ ਦਾ ਸ਼ਾਂਤ ਮਾਹੌਲ ਖ਼ਰਾਬ ਹੋ ਸਕਦਾ ਹੈ।

ਇਹ ਖ਼ਬਰ ਵੀ ਪੜ੍ਹੋ : ਕੱਚੇ ਅਧਿਆਪਕਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਪੱਕੇ ਕਰਨ ਸਬੰਧੀ ਅਰਜ਼ੀਆਂ ਲੈਣ ਲਈ ਖੋਲ੍ਹਿਆ ਪੋਰਟਲ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਬੇਹੱਦ ਗੰਭੀਰ ਮਾਮਲੇ ’ਤੇ ਜ਼ਿੰਮੇਵਾਰੀ ਨਾਲ ਆਪਣੀ ਭੂਮਿਕਾ ਨਿਭਾਵੇ ਅਤੇ ਇਹ ਸੰਕਲਪ ਕਰੇ ਕਿ ਡੇਰਾ ਸਿਰਸਾ ਦੀ ਕੋਈ ਵੀ ਸ਼ਾਖਾ ਪੰਜਾਬ ’ਚ ਨਾ ਬਣੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਆਪਣੇ ਘਟੀਆ ਕਿਰਦਾਰ ਅਤੇ ਗਤੀਵਿਧੀਆਂ ਕਰਕੇ ਜੇਲ੍ਹ ਅੰਦਰ ਬੰਦ ਰਾਮ ਰਹੀਮ ਨੂੰ ਪਹਿਲਾਂ ਹੀ ਵਾਰ-ਵਾਰ ਪੈਰੋਲ ਦੇ ਕੇ ਸਿੱਖ ਮਾਨਸਿਕਤਾ ਨੂੰ ਸੱਟ ਮਾਰੀ ਜਾ ਰਹੀ ਹੈ ਅਤੇ ਹੁਣ ਉਸ ਵੱਲੋਂ ਮਾਨਸਾ ਅੰਦਰ ਡੇਰਾ ਖੋਲ੍ਹਣ ਦਾ ਐਲਾਨ ਕਰਨਾ ਸਾਜ਼ਿਸ਼ੀ ਹੈ। ਉਨ੍ਹਾਂ ਆਖਿਆ ਕਿ ਸਿੱਖ ਕੌਮ ਉਸ ਦੀ ਇਸ ਹਰਕਤ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਸਰਕਾਰ ਨੂੰ ਚਾਹੀਦਾ ਹੈ ਕਿ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਨੂੰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡਣ ਦੀ ਇਜਾਜ਼ਤ ਨਾ ਦੇਵੇ। ਉਨ੍ਹਾਂ ਇਕ ਵਾਰ ਫਿਰ ਸਪੱਸ਼ਟ ਕੀਤਾ ਕਿ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੰਜਾਬ ਅੰਦਰ ਕਿਸੇ ਵੀ ਗਤੀਵਿਧੀ ਨੂੰ ਪ੍ਰਵਾਨ ਨਹੀਂ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਸ ਵਿਅਕਤੀ ਦੇ ਪੈਰੋਲ ’ਤੇ ਆਉਣ ਮੌਕੇ ਸੰਬੋਧਨ ਕਰਨ ’ਤੇ ਵੀ ਰੋਕ ਲਾਉਣ ਦੀ ਕੇਂਦਰ ਅਤੇ ਸੂਬਾ ਸਰਕਾਰਾਂ ਤੋਂ ਮੰਗ ਕੀਤੀ।

ਇਹ ਖ਼ਬਰ ਵੀ ਪੜ੍ਹੋ : ਅੰਮ੍ਰਿਤਸਰ ’ਚ ਵਾਪਰੀ ਘਟਨਾ, ਸ੍ਰੀ ਦਰਬਾਰ ਸਾਹਿਬ ਦਾ ਮਾਡਲ ਸੜਕ ’ਤੇ ਸੁੱਟ ਕੇ ਕੀਤੀ ਬੇਅਦਬੀ


author

Manoj

Content Editor

Related News