SGPC ਪ੍ਰਧਾਨ ਧਾਮੀ ਦਾ ਵੱਡਾ ਬਿਆਨ: ਸਿੱਖਾਂ 'ਚ ਭਰਾ ਮਾਰੂ ਜੰਗ ਛੇੜਨਾ ਚਾਹੁੰਦੀ ਹੈ ਭਾਜਪਾ

Monday, Jan 09, 2023 - 12:44 PM (IST)

SGPC ਪ੍ਰਧਾਨ ਧਾਮੀ ਦਾ ਵੱਡਾ ਬਿਆਨ: ਸਿੱਖਾਂ 'ਚ ਭਰਾ ਮਾਰੂ ਜੰਗ ਛੇੜਨਾ ਚਾਹੁੰਦੀ ਹੈ ਭਾਜਪਾ

ਪਟਿਆਲਾ (ਜੋਸਨ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਕਮੇਟੀ ਦੇ ਮੁੱਦੇ ’ਤੇ ਬੋਲਦਿਆਂ ਕਿਹਾ ਕਿ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਕਿਆਸਰਾਈਆਂ ਦੇ ਚੱਲਦਿਆਂ ਸਿੱਖ ਭਰਾਵਾਂ ਨੂੰ ਸੁਚੇਤ ਕੀਤਾ ਗਿਆ ਸੀ ਕਿ ਭਾਜਪਾ ਦੀ ਸਰਕਾਰ ਸਿੱਖ ਭਰਾਵਾਂ ’ਚ ਭਰਾ ਮਾਰੂ ਜੰਗ ਛੇੜਨਾ ਚਾਹੁੰਦੀ ਹੈ। ਸਿੱਖ ਪੰਥ ਨੂੰ ਛੋਟਾ ਕਰਨ ਦਾ ਕੋਝਾ ਯਤਨ ਕੀਤਾ ਜਾ ਰਿਹਾ ਹੈ, ਜਿਸ ’ਚ ਪੰਥਕ ਵਿਰੋਧੀ ਤਾਕਤਾਂ ਕਦੇ ਵੀ ਸਫ਼ਲ ਨਹੀਂ ਹੋਣਗੀਆਂ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਤੇ ਦਿਨ ਇੱਥੇ ਐੱਸ. ਜੀ. ਪੀ. ਸੀ. ਦੀ ਕਾਰਜਕਾਰਨੀ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਦੀ ਮਾਤਾ ਦੇ ਭੋਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਇਹ ਵੀ ਪੜ੍ਹੋ- ਮੋਟਰ ਤੋਂ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ, ਸਿਰ ਕਰਜ਼ਾ ਹੋਣ ਕਾਰਨ ਰਹਿੰਦਾ ਸੀ ਪਰੇਸ਼ਾਨ

ਧਾਮੀ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਦਾ ਜ਼ੋਰ ਸਿੱਖ ਸੰਸਥਾਵਾਂ ਨੂੰ ਕਮਜ਼ੋਰ ’ਤੇ ਲੱਗਾ ਹੋਇਆ ਹੈ, ਜਦਕਿ ਸਿੱਖ ਭਰਾਵਾਂ ਨੂੰ ਅਪੀਲ ਕੀਤੀ ਗਈ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਹਰਿਆਣਾ ਕਮੇਟੀ ਦੇ ਮੈਂਬਰ ਇਕਜੁੱਟ ਹੋ ਕੇ ਰਹਿਣ। ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਸਰਕਾਰ ਨੇ ਹਰਿਆਣਾ ਕਮੇਟੀ ਦੇ ਮੈਂਬਰਾਂ ਨਾਲ ਇਕ ਵਾਰ ਫਿਰ ਧੋਖਾ ਕੀਤਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਸਥਾਨ ’ਤੇ ਕਿਸੇ ਵਿਅਕਤੀ ਵਿਸ਼ੇਸ਼ ਨੂੰ ਪੈਟਰਨ ਲਾਉਣ ਦੀ ਕੋਸ਼ਿਸ਼ ਕੀਤੀ, ਜੋ ਮੰਦਭਾਗਾ ਫ਼ੈਸਲਾ ਰਿਹਾ। ਪੰਥ ਵਿਰੋਧੀ ਤਾਕਤਾਂ ਵਿਰੁੱਧ ਸਮੁੱਚਾ ਪੰਥ ਇਕਜੁੱਟ ਹੋਵੇ। ਉਨ੍ਹਾਂ ਕਿਹਾ ਕਿ ਬਲਜੀਤ ਸਿੰਘ ਦਾਦੂਵਾਲ ਜੋ ਖ਼ੁਦ ਨੂੰ ਪ੍ਰਧਾਨ ਸਮਝਣ ਲੱਗ ਪਏ ਸਨ, ਉਨ੍ਹਾਂ ਨੂੰ ਵੀ ਸਰਕਾਰ ਦੀ ਚਾਲ ਦੇਰ ਨਾਲ ਸਮਝ ਆਈ, ਜਦਕਿ ਜਗਦੀਸ਼ ਸਿੰਘ ਝੀਂਡਾ ਅਤੇ ਦੀਦਾਰ ਸਿੰਘ ਨਲਵੀ ਹੋਰਨਾਂ ਦਾ ਯਤਨ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਹਰਿਆਣਾ ਕਮੇਟੀ ਦੇ ਮੈਂਬਰ ਇਕਜੁੱਟ ਰਹਿਣ।

ਇਹ ਵੀ ਪੜ੍ਹੋ- ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਗੈਂਗਸਟਰ ਟੀਨੂੰ ਤੇ ਬਰਖ਼ਾਸਤ SI ਸਣੇ 10 ਖ਼ਿਲਾਫ਼ ਚਾਰਜਸ਼ੀਟ ਦਾਇਰ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹਰਿਆਣਾ ਦੀ ਤਰਜ਼ 'ਤੇ ਰਾਜਸਥਾਨ 'ਚ ਵੀ ਸਰਕਾਰ ਗੁਰਦੁਆਰਾ ਪ੍ਰਬੰਧ ’ਚ ਦਖਲ ਦੇਣ ’ਤੇ ਲੱਗੀ ਹੈ। ਸਿੱਖ ਕੌਮ ਅੱਗੇ ਆ ਰਹੀਆਂ ਅਜਿਹੀਆਂ ਦਰਪੇਸ਼ ਚੁਣੌਤੀਆਂ ਤੋਂ ਸੁਚੇਤ ਰਹਿਣ ਅਤੇ ਇਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਅਜਿਹੀਆਂ ਤਾਕਤਾਂ ਵਿਰੁੱਧ ਸਮੁੱਚਾ ਪੰਥ ਅਤੇ ਸਿੱਖ ਕੌਮ ਇਕਜੁੱਟ ਹੋਵੇ। ਇਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਅਜਿਹੀਆਂ ਪੰਥ ਵਿਰੋਧੀ ਸ਼ਕਤੀਆਂ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵਉੱਚਤਾ ਨੂੰ ਵੀ ਚੈਲੰਜ ਕਰਨ ਤੋਂ ਲੱਗੀਆਂ ਹੋਈਆਂ ਹਨ, ਜਦਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸ਼ਕਤੀ ਨੂੰ ਕਮਜ਼ੋਰ ਕਰਨ ਵਾਲੀਆਂ ਚਾਲਾਂ ਤੋਂ ਵੀ ਸੰਗਤ ਨੂੰ ਸੁਚੇਤ ਰਹਿਣਾ ਹੋਵੇਗਾ। ਇਸ ਮੌਕੇ ਉਨ੍ਹਾਂ ਨਾਲ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸੀਨੀਅਰ ਮੀਤ ਪ੍ਰਧਾਨ, ਸਾਬਕਾ ਵਿਧਾਇਕ ਹਰਰਿੰਦਰ ਪਾਲ ਸਿੰਘ ਚੰਦੂਮਾਜਰਾ, ਜਥੇਦਾਰ ਕਰਨੈਲ ਸਿੰਘ ਕਰਤਾਰਪੁਰ, ਜਥੇਦਾਰ ਨਵਤੇਜ ਸਿੰਘ ਕਾਉਣੀ ਆਦਿ ਹਾਜ਼ਰ ਸਨ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News