PM ਮੋਦੀ ਦੇ ‘ਵੀਰ ਬਾਲ ਦਿਵਸ’ ਦੇ ਐਲਾਨ ’ਤੇ SGPC ਪ੍ਰਧਾਨ ਧਾਮੀ ਨੇ ਜਤਾਇਆ ਇਤਰਾਜ਼ (ਵੀਡੀਓ)
Sunday, Jan 09, 2022 - 07:54 PM (IST)
ਹੁਸ਼ਿਆਰਪੁਰ (ਬਿਊਰੋ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 26 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦੇ ਐਲਾਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਤਰਾਜ਼ ਜਤਾਇਆ ਹੈ। ਧਾਮੀ ਨੇ ਕਿਹਾ ਕਿ ਸ੍ਰੀ ਗੋਬਿੰਦ ਸਿੰਘ ਪਾਤਸ਼ਾਹ ਦੇ ਛੋਟੇ ਸਾਹਿਬਜ਼ਾਦੇ ਸਿੱਖ ਪੰਥ ਦੇ ਬਾਬੇ ਹਨ, ਉਨ੍ਹਾਂ ਨੂੰ ਬਾਲ ਕਹਿਣਾ ਸਿੱਖ ਇਤਿਹਾਸ ਨਾਲ ਖਿਲਵਾੜ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨੂੰ ਲੈ ਕੇ ਸਿੰਘ ਸਾਹਿਬਾਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਵਿਚਾਰ-ਚਰਚਾ ਕਰਨੀ ਚਾਹੀਦੀ ਸੀ। ਉਨ੍ਹਾਂ ਨੂੰ ‘ਵੀਰ ਬਾਲ ਦਿਵਸ’ ਨਾਂ ਨਹੀਂ ਰੱਖਣਾ ਚਾਹੀਦਾ।
ਇਹ ਵੀ ਪੜ੍ਹੋ : 'ਆਪ' ਵੱਲੋਂ ਵਿਧਾਨ ਸਭਾ ਚੋਣਾਂ ਲਈ 9ਵੀਂ ਸੂਚੀ ਜਾਰੀ, 5 ਉਮੀਦਵਾਰਾਂ ਦਾ ਕੀਤਾ ਐਲਾਨ
ਉਨ੍ਹਾਂ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਭਾਵਨਾਵਾਂ ਦਾ ਸਨਮਾਨ ਕਰਦੇ ਹਾਂ ਪਰ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਿੰਘ ਸਾਹਿਬਾਨ ਦੀ ਸਲਾਹ ਲੈਣੀ ਚਾਹੀਦੀ ਸੀ। ਅਸੀਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਤੇ ਸ਼ਹੀਦੀ ਜੋੜ ਮੇਲ ਮਨਾਉਂਦੇ ਹਾਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਵੀਰ ਬਾਲ ਦਿਵਸ ਦਾ ਨਾਂ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਨਾਲ ਮੇਲ ਨਹੀਂ ਖਾਂਦਾ। ਉਨ੍ਹਾਂ ਕਿਹਾ ਕਿ ਇਹ ਇਕੱਲਾ ਭਾਰਤ ਦਾ ਮਸਲਾ ਨਹੀਂ ਹੈ ਬਲਕਿ ਵਿਦੇਸ਼ਾਂ ’ਚ ਵੀ ਸਾਰੀਆਂ ਸਿੱਖ ਸਭਾਵਾਂ ਵਿਸ਼ਵ ਪੱਧਰ ’ਤੇ ਇਸ ਨੂੰ ਸ਼ਹੀਦੀ ਜੋੜ ਮੇਲ ਵਜੋਂ ਮਨਾਉਂਦੀਆਂ ਹਨ।
ਇਹ ਵੀ ਪੜ੍ਹੋ : ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ‘ਆਪ’ ਲਈ ਚੋਣਾਂ ‘ਸਰਕਾਰ’ ਨਹੀਂ, ਦੇਸ਼ ਅਤੇ ਸਮਾਜ ਬਦਲਣ ਦਾ ਮੌਕਾ
ਜ਼ਿਕਰਯੋਗ ਹੈ ਕਿ ਅੱਜ ਪੀ. ਐੱਮ. ਮੋਦੀ ਨੇ ਟਵੀਟ ਕਰਦੇ ਹੋਏ ਦੱਸਿਆ ਸੀ ਕਿ ਇਸ ਸਾਲ ਤੋਂ ਹਰ 26 ਦਸੰਬਰ ‘ਵੀਰ ਬਾਲ ਦਿਵਸ’ ਦੇ ਰੂਪ ’ਚ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੈਨੂੰ ਇਹ ਦੱਸਦੇ ਹੋਏ ਮਾਣ ਹੋ ਰਿਹਾ ਹੈ ਕਿ ਇਸ ਸਾਲ ਤੋਂ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਦੇ ਰੂਪ ’ਚ ਮਨਾਇਆ ਜਾਵੇਗਾ। ਇਹ ਸਾਹਿਬਜ਼ਾਦਿਆਂ ਦੇ ਸਾਹਸ ਲਈ ਇਕ ਸਹੀ ਸ਼ਰਧਾਂਜਲੀ ਹੈ।