ਜਾਣੋ ਕਿਉਂ, ਇਸ ਵਾਰ ਸ੍ਰੀ ਹਰਿਮੰਦਰ ਸਾਹਿਬ 'ਚ ਨਹੀਂ ਹੋਵੇਗੀ ਆਤਿਸ਼ਬਾਜੀ (ਵੀਡੀਓ)
Tuesday, Oct 23, 2018 - 01:54 PM (IST)
ਅੰਮ੍ਰਿਤਸਰ(ਸੁਮੀਤ)— ਅੰਮ੍ਰਿਤਸਰ ਦੇ ਜੌੜਾ ਫਾਟਕ ਨੇੜੇ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੀ ਆਤਮਾ ਦੀ ਸ਼ਾਂਤੀ ਲਈ ਅੱਜ ਸੱਚ ਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਕਈ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਭੋਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐੱਸ. ਜੀ. ਪੀ. ਸੀ. ਪ੍ਰਧਾਨ ਨੇ ਕਿਹਾ ਕਿ ਇਹ ਇਕ ਮੰਦਭਾਗੀ ਘਟਨਾ ਸੀ ਅਤੇ ਇਸ ਦਰਦਨਾਕ ਹਾਦਸੇ ਵਿਚ 60 ਦੇ ਕਰੀਬ ਲੋਕ ਮਾਰੇ ਗਏ ਹਨ। ਉਨ੍ਹਾਂ ਦੀ ਯਾਦ ਵਿਚ ਹੀ ਅੱਜ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ ਅਤੇ ਜਿਹੜੇ ਲੋਕ ਜ਼ਖਮੀ ਹੋਏ ਹਨ ਉਨ੍ਹਾਂ ਦਾ ਇਲਾਜ ਵੀ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਇਸ ਸਾਲ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਚ ਆਤਿਸ਼ਬਾਜੀ ਨਹੀਂ ਹੋਵੇਗੀ ਅਤੇ ਨਾਂ ਹੀ ਇਮਾਰਤਾਂ ਨੂੰ ਸਜਾਇਆ ਜਾਵੇਗਾ। ਸਿਰਫ ਰਿਵਾਇਤੀ ਤੌਰ 'ਤੇ ਦੀਪ ਮਾਲਾ ਹੀ ਕੀਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਐੱਸ.ਜੀ.ਪੀ.ਸੀ. ਵਲੋਂ ਅੰਮ੍ਰਿਤਸਰ ਰੇਲ ਹਾਦਸੇ ਦਾ ਸ਼ਿਕਾਰ ਹੋਏ ਲੋਕਾਂ ਨੂੰ ਮੈਡੀਕਲ ਸਹਾਇਤਾ ਮੁਫਤ ਦੇਣ ਦੇ ਨਾਲ-ਨਾਲ ਸੱਚ ਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਲੰਗਰ ਵੀ ਮੁਹੱਈਆ ਕਰਾਇਆ ਜਾ ਰਿਹਾ ਹੈ।
