AI ਨਾਲ ਕੀਤਾ ਜਾ ਰਿਹਾ ਸਿੱਖ ਭਾਵਨਾਵਾਂ ਨਾਲ ਖਿਲਵਾੜ, ਰੋਕ ਲਾਏ ਸਰਕਾਰ: ਧਾਮੀ
Wednesday, Sep 24, 2025 - 05:42 PM (IST)

ਅੰਮ੍ਰਿਤਸਰ (ਦੀਪਕ, ਸਰਬਜੀਤ)- ਆਰਟੀਫੀਸ਼ਲ ਇੰਟੈਲੀਜੈਂਸ (ਏ. ਆਈ.) ਤਕਨੀਕ ਦੀ ਦੁਰਵਰਤੋਂ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗ਼ਲਤ ਵੀਡੀਓ ਬਣਾਏ ਜਾਣ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੰਦਿਆਂ ਅਜਿਹੇ ਵਰਤਾਰੇ ’ਤੇ ਸਰਕਾਰਾਂ ਤੋਂ ਤੁਰੰਤ ਰੋਕ ਦੀ ਮੰਗ ਕੀਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਏ. ਆਈ. ਤਕਨੀਕ ਨਾਲ ਤਿਆਰ ਅਜਿਹੀਆਂ ਵੀਡੀਓ ਨਾ ਸਿਰਫ਼ ਸਿੱਖੀ ਦੇ ਮੁੱਢਲੇ ਸਿਧਾਂਤਾਂ ਦਾ ਉਲੰਘਣ ਹੈ, ਸਗੋਂ ਵਿਸ਼ਵ ਪੱਧਰੀ ਧਾਰਮਿਕ ਸੰਵੇਦਨਸ਼ੀਲਤਾ ਨੂੰ ਵੀ ਠੇਸ ਪਹੁੰਚਾਉਣ ਵਾਲੀ ਹਰਕਤ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਿੱਖ ਕੌਮ ਦਾ ਕੇਂਦਰੀ ਅਸਥਾਨ ਹੈ, ਜਿਥੋਂ ਸਮੁੱਚੀ ਮਨੁੱਖਤਾ ਨੂੰ ਸਰਬਸਾਂਝੀਵਾਲਤਾ ਦਾ ਉਪਦੇਸ਼ ਮਿਲਦਾ ਹੈ ਪ੍ਰੰਤੂ ਕੁਝ ਲੋਕਾਂ ਦੀ ਗਲਤ ਪਹੁੰਚ ਸੰਗਤਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਦੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ CM ਮਾਨ ਦੀ ਸਿੱਧੀ ਚੇਤਾਵਨੀ!
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਏ. ਆਈ. ਤਕਨੀਕ ਦੀ ਦੁਰਵਰਤੋਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੇ ਸਾਈਬਰ ਕਰਾਈਮ ਸੈੱਲ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਮਾਮਲਿਆਂ ’ਤੇ ਰੋਕ ਲਗਾਉਣ ਲਈ ਠੋਸ ਯਤਨ ਕਰੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਵੀ ਏਆਈ ਪਲੇਟਫਾਰਮਾਂ ’ਤੇ ਗੁਰਬਾਣੀ, ਸਿੱਖ ਇਤਿਹਾਸ ਅਤੇ ਗੁਰਮਤਿ ਦੀ ਗਲਤ ਜਾਣਕਾਰੀ ਦੇਣ ਦੇ ਮਾਮਲਿਆਂ ਨੂੰ ਲੈ ਕੇ ਜਿਥੇ ਵੱਖ-ਵੱਖ ਪਲੇਟਫਾਰਮਾਂ ਤੱਕ ਪਹੁੰਚ ਕਰ ਚੁੱਕੀ ਹੈ ਅਤੇ ਬਹੁਤ ਸਾਰੀਆਂ ਵੀਡੀਓ ਰਿਪੋਰਟ ਕਰਕੇ ਹਟਾਈਆਂ ਵੀ ਗਈਆਂ ਹਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ। ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਅਜਿਹੀਆਂ ਕਾਰਵਾਈਆਂ ’ਤੇ ਰੋਕ ਲਈ ਇਸ ਖੇਤਰ ਵਿਚ ਕੰਮ ਕਰ ਰਹੇ ਲੋਕਾਂ ਅਤੇ ਸੰਸਥਾਵਾਂ ਦੇ ਸਹਿਯੋਗ ਲਈ ਸ਼੍ਰੋਮਣੀ ਕਮੇਟੀ ਜਲਦ ਮੀਟਿੰਗ ਕਰੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8