ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ’ਤੇ SGPC ਵੱਲੋਂ ਐਮਾਜ਼ੋਨ ਨੂੰ ਭੇਜਿਆ ਜਾ ਰਿਹਾ ਹੈ ਕਾਨੂੰਨੀ ਨੋਟਿਸ: ਮੁੱਖ ਸਕੱਤਰ

Tuesday, Jun 01, 2021 - 05:46 PM (IST)

ਅੰਮ੍ਰਿਤਸਰ– ਆਨਲਾਈਨ ਵਿਕਰੀ ਵਾਲੀ ਵੈੱਬਸਾਈਟ ਐਮਾਜ਼ੋਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਸੈਂਚੀਆਂ ਤੇ ਗੁਟਕਾ ਸਾਹਿਬਾਨ ਵੇਚਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਐਮਾਜ਼ੋਨ ਵੱਲੋਂ ਕੀਤੀ ਜਾ ਰਹੀ ਅਜਿਹੀ ਕਾਰਵਾਈ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸਿਧਾਂਤਾਂ ਦੇ ਵਿਰੁੱਧ ਦੱਸਦਿਆਂ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਬਾਣੀ ਦੇ ਸਤਿਕਾਰ ਨੂੰ ਮੁੱਖ ਰੱਖਦਿਆਂ ਗੁਰਬਾਣੀ ਦੇ ਗੁਟਕਾ ਸਾਹਿਬਾਨ ਦੀ ਆਨਲਾਈਨ ਵਿਕਰੀ ਕਰਨਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਦੇ ਮਨਾਂ ਅੰਦਰ ਗੁਰਬਾਣੀ ਪ੍ਰਤੀ ਅਥਾਹ ਸ਼ਰਧਾ ਤੇ ਸਤਿਕਾਰ ਹੈ ਅਤੇ ਐਮਾਜ਼ੋਨ ਵੱਲੋਂ ਆਨਲਾਈਨ ਗੁਟਕਾ ਸਾਹਿਬਾਨ ਦੀ ਵਿਕਰੀ ਨਾਲ ਸਿੱਖ ਮਨਾਂ ਅੰਦਰ ਭਾਰੀ ਰੋਸ ਦੀ ਲਹਿਰ ਹੈ। ਉਨ੍ਹਾਂ ਐਮਾਜ਼ੋਨ ਨੂੰ ਆਪਣੀ ਵੈੱਬਸਾਈਟ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਸੈਂਚੀਆਂ ਅਤੇ ਗੁਟਕਾ ਸਾਹਿਬ ਨੂੰ ਤੁਰੰਤ ਹਟਾਉਣ ਲਈ ਕਿਹਾ। ਸ. ਧਾਮੀ ਨੇ ਕਿਹਾ ਕਿ ਐਮਾਜ਼ੋਨ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਜਾ ਰਿਹਾ ਹੈ, ਜੇਕਰ ਇਨ੍ਹਾਂ ਨੇ ਤੁਰੰਤ ਵੈੱਬਸਾਈਟ ਤੋਂ ਗੁਰਬਾਣੀ ਦੇ ਗੁਟਕਾ ਸਾਹਿਬਾਨ ਨੂੰ ਹਟਾ ਕੇ ਸਪੱਸ਼ਟੀਕਰਨ ਨਾ ਭੇਜਿਆ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਐਮਾਜ਼ੋਨ ਕੰਪਨੀ ਖਿਲਾਫ਼ ਕਾਨੂੰਨ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਿੱਖ ਸੰਗਤ ਨੂੰ ਵੀ ਸੁਚੇਤ ਕਰਦਿਆਂ ਅਪੀਲ ਕੀਤੀ ਕਿ ਉਹ ਸਿੱਖ ਵਿਰੋਧੀ ਅਜਿਹੀਆਂ ਚਾਲਾਂ ਤੋਂ ਸਾਵਧਾਨ ਰਹਿਣ। 

ਕੇਸ ਰਹਿਤ ਨੌਜਵਾਨ ਵੱਲੋਂ ਕਿਰਪਾਨ ਪਾ ਕੇ ਭੰਗੜਾ ਪਾਉਣ ਦੀ ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਵੀਡੀਓ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸ਼ਖ਼ਤ ਨੋਟਿਸ     
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਹਰਜਿੰਦਰ ਸਿੰਘ ਧਾਮੀ ਨੇ ਸ਼ੋਸ਼ਲ ਮੀਡੀਆ ’ਤੇ ਕੇਸ ਰਹਿਤ ਨੌਜਵਾਨ ਵੱਲੋਂ ਕਿਰਪਾਨ ਪਹਿਨ ਕੇ ਭੰਗੜਾ ਪਾਉਣ ਦੀ ਵੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਸਿੱਖ ਭਾਵਨਾਵਾਂ ਨੂੰ ਭੜਕਾਉਣ ਵਾਲੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖਸ਼ੇ ਪੰਜ ਕਕਾਰਾਂ ਵਿਚੋਂ ਕਿਰਪਾਨ ਅਣਿਖੜਵਾਂ ਅੰਗ ਹੈ ਜੋ ਸਿੱਖ ਦੀ ਰਹਿਣੀ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਕੁਝ ਕੇਸ ਰਹਿਤ ਨੌਜਵਾਨਾਂ ਵੱਲੋਂ ਮਜ਼ਾਕ ਉਡਾਉਂਦਿਆਂ ਇਸ ਨੂੰ ਪਹਿਣ ਕੇ ਭੰਗੜਾ ਪਾਇਆ ਜਾ ਰਿਹਾ ਹੈ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਸ. ਧਾਮੀ ਨੇ ਕਿਹਾ ਕਿ ਇਸ ਸਬੰਧੀ ਸਾਈਬਰ ਕਰਾਈਮ ਸੈੱਲ ਨੂੰ ਕਾਰਵਾਈ ਲਈ ਲਿਖਿਆ ਜਾ ਰਿਹਾ ਹੈ, ਤਾਂ ਕਿ ਇਨ੍ਹਾਂ ਨੌਜਵਾਨਾਂ ਦਾ ਪਤਾ ਲਗਾ ਕੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਸਰਕਾਰ ਪਾਸੋਂ ਵੀ ਮੰਗ ਕੀਤੀ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸ਼ਰਾਰਤੀ ਅਨਸਰਾਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਅੱਗੇ ਤੋਂ ਕੋਈ ਅਜਿਹਾ ਨਾ ਕਰ ਸਕੇ।


Rakesh

Content Editor

Related News