SGPC ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਤੇ ਹਰਿਆਣਾ ਕਮੇਟੀ ਸਬੰਧੀ ਰਾਸ਼ਟਰਪਤੀ ਨੂੰ ਸੌਂਪੇ ਮੰਗ ਪੱਤਰ
Thursday, Mar 09, 2023 - 02:32 PM (IST)
ਅੰਮ੍ਰਿਤਸਰ- ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ, ਜਿਸ ਉਪਰੰਤ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨੂੰ ਮੈਮੋਰੰਡਮ ਦਿੱਤਾ, ਜਿਸ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਅਤੇ ਵੱਖਰੀ ਹਰਿਆਣਾ ਕਮੇਟੀ ਨੂੰ ਰੱਦ ਕਰਨ ਸਬੰਧੀ ਅਪੀਲ ਕੀਤੀ ਗਈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਜੀ-20 ਸਮਾਗਮਾਂ ਤੋਂ ਪਹਿਲਾਂ ਯੂਨੀਵਰਸਿਟੀ ਬਾਹਰ ਲਿਖੇ ਗਏ ਖਾਲਿਸਤਾਨ ਪੱਖੀ ਨਾਅਰੇ
ਮੈਮੋਰੰਡਮ 'ਚ ਲਿਖਿਆ ਗਿਆ ਹੈ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ (ਸਿੱਖ ਕੈਦੀਆਂ) ਨੂੰ ਰਿਹਾਅ ਕੀਤਾ ਜਾਵੇ ਜੋ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਲਗਭਗ ਤਿੰਨ ਦਹਾਕਿਆਂ ਤੋਂ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ।ਉਨ੍ਹਾਂ ਕਿਹਾ ਬੰਦੀ ਸਿੱਖ ਭਾਈ ਗੁਰਦੀਪ ਸਿੰਘ ਖੇੜਾ, ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ, ਭਾਈ ਬਲਵੰਤ ਸਿੰਘ ਰਾਜੋਆਣਾ ਸਣੇ 9 ਹੋਰ ਉਮਰ ਕੈਦ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਜੇਲ੍ਹਾਂ 'ਚ ਬੰਦ ਹਨ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ
ਇਸ ਤੋਂ ਇਲਾਵਾ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਰੱਦ ਕਰਨ ਨੂੰ ਲੈ ਕੇ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਰਾਸ਼ਟਰਪਤੀ ਨੂੰ ਮੈਮੋਰੰਡਮ ਸੌਂਪਿਆ ਗਿਆ ਅਤੇ ਅਪੀਲ ਕੀਤੀ ਕੇ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਅਜ਼ਾਦ ਸੰਸਥਾ ਹੈ ਜਿਸ ਵਿੱਚ ਹੋਰ ਕਿਸੇ ਵੀ ਧਿਰ ਨੂੰ ਦਖ਼ਲ ਅੰਦਾਜ਼ੀ ਨਹੀਂ ਕਰਨੀ ਚਾਹੀਦੀ। ਇਸ ਪੱਤਰ 'ਚ ਕਿਹਾ ਗਿਆ ਹੈ ਕਿ ਹਰਿਆਣਾ ਸਰਕਾਰ ਨੇ ਗੈਰ-ਸੰਵਿਧਾਨਕ ਤਰੀਕੇ ਨਾਲ ਇਹ ਐਕਟ ਬਣਾਇਆ ਹੈ। ਹਰਿਆਣਾ ਕਮੇਟੀ ਐਕਟ ਨੂੰ ਬਣਾਉਣ ਮੌਕੇ ਸਿੱਖ ਗੁਰਦੁਆਰਾ ਐਕਟ 1925 ਦੀ ਮਰਯਾਦਾ ਦਾ ਉਲੰਘਣ ਕੀਤਾ ਗਿਆ ਹੈ। ਹਰਿਆਣਾ ਦੇ ਇਤਿਹਾਸਕ ਗੁਰਦੁਆਰਿਆਂ ਦਾ ਪ੍ਰਬੰਧ 1925 ਐਕਟ ਅਧੀਨ ਸ਼੍ਰੋਮਣੀ ਕਮੇਟੀ ਪਾਸ ਹੈ ਅਤੇ ਮੌਜੂਦਾ ਸਮੇਂ ਵੀ ਇਸੇ ਤਹਿਤ ਹੀ ਗੁਰਦੁਆਰਾ ਸਾਹਿਬਾਨ ਨੋਟੀਫਾਈਡ ਹਨ। ਰਾਸ਼ਟਰਪਤੀ ਪਾਸੋਂ ਮੰਗ ਕੀਤੀ ਗਈ ਕਿ ਇਸ ਗੈਰ-ਸੰਵਿਧਾਨਕ ਹਰਿਆਣਾ ਕਮੇਟੀ ਐਕਟ ਨੂੰ ਤੁਰੰਤ ਰੱਦ ਕਰਨ ਲਈ ਕਾਰਵਾਈ ਕੀਤੀ ਜਾਵੇ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।