ਪਾਕਿ ''ਚ ਰੇਲ ਹਾਦਸੇ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ SGPC 1-1 ਲੱਖ ਰੁਪਏ ਦੇਵੇਗੀ

Wednesday, Jul 08, 2020 - 01:50 PM (IST)

ਅੰਮ੍ਰਿਤਸਰ (ਦੀਪਕ ਸ਼ਰਮਾ) : ਪਾਕਿਸਤਾਨ ਅੰਦਰ ਰੇਲ ਹਾਦਸੇ 'ਚ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਦੀ ਮਦਦ ਦਿੱਤੀ ਜਾਵੇਗੀ। ਇਹ ਐਲਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਹੈ। ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁੱਜੇ ਭਾਈ ਲੌਂਗੋਵਾਲ ਨੇ ਕਿਹਾ ਕਿ ਪਾਕਿਸਤਾਨ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਵਾਪਿਸ ਜਾ ਰਹੇ ਸ਼ਰਧਾਲੂਆਂ ਦੀ ਬੱਸ ਹਾਦਸਾ ਗ੍ਰਸਤ ਹੋਣ ਨਾਲ ਚਲਾਣਾ ਕਰ ਗਏ ਸਿੱਖਾਂ ਦੇ ਪਰਿਵਾਰਾਂ ਨਾਲ ਕੌਮ ਨੂੰ ਹਮਦਰਦੀ ਹੈ। ਇਸ ਦੁੱਖਮਈ ਸਮੇਂ 'ਤੇ ਸ਼੍ਰੋਮਣੀ ਕਮੇਟੀ ਪੀੜਤਾਂ ਦੇ ਨਾਲ ਹੈ।    ਉਨ੍ਹਾਂ ਕਿਹਾ ਕਿ ਭਾਵੇਂ ਪੀੜਤ ਪਰਿਵਾਰਾਂ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਪਰ ਹਮਦਰਦੀ ਵਜੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦਿੱਤੇ ਜਾਣਗੇ। ਇਸ ਤੋਂ ਇਲਾਵਾ ਜ਼ਖਮੀਆਂ ਨੂੰ ਵੀ 50-50 ਹਜ਼ਾਰ ਰੁਪਏ ਦੀ ਰਾਸ਼ੀ ਸ਼੍ਰੋਮਣੀ ਕਮੇਟੀ ਦੇਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਪੀੜਤ ਸਿੱਖ ਪਰਿਵਾਰਾਂ ਦੀ ਬਾਂਹ ਫੜ੍ਹੇ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦੇਵੇ। ਉਨ੍ਹਾਂ ਕਿਹਾ ਕਿ ਰੇਲਵੇ ਮਹਿਕਮੇ ਨਾਲ ਸਬੰਧਤ ਦੋਸ਼ੀਆਂ ਖਿਲਾਫ ਵੀ ਸ਼ਖ਼ਤ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ : ਪੁਲਵਾਮਾ 'ਚ ਸ਼ਹੀਦ ਹੋਏ ਰਾਜਵਿੰਦਰ ਸਿੰਘ ਦੇ ਪਰਿਵਾਰ ਲਈ ਕੈਪਟਨ ਦਾ ਵੱਡਾ ਐਲਾਨ

ਭਾਈ ਲੌਂਗੋਵਾਲ ਨੇ ਇਹ ਵੀ ਕਿਹਾ ਕਿ ਉਹ ਇਸ ਮਾਮਲੇ 'ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਭਾਰਤ ਸਰਕਾਰ ਰਾਹੀਂ ਪੱਤਰ ਵੀ ਲਿਖਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਵੀ ਕਰਵਾਏਗੀ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਗੁਰਮੀਤ ਸਿੰਘ ਬੂਹ, ਸੁਖਵਰਸ਼ ਸਿੰਘ ਪੰਨੂ, ਪ੍ਰਿਤਪਾਲ ਸਿੰਘ ਲੁਧਿਆਣਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਸੀਨੀਅਰ ਆਗੂ ਨਰਿੰਦਰ ਸਿੰਘ ਬਾੜਾ ਆਦਿ ਮੌਜੂਦ ਸਨ। 

PunjabKesari

ਦੱਸ ਦਈਏ ਕਿ ਸ਼ਾਹ ਹੁਸੈਨ ਐਕਸਪ੍ਰੈੱਸ ਟਰੇਨ ਦੱਖਣੀ ਬੰਦਰਗਾਹ ਸ਼ਹਿਰ ਕਰਾਚੀ ਤੋਂ ਲਾਹੌਰ ਵੱਲ ਜਾ ਰਹੀ ਸੀ। ਇਸ ਦੌਰਾਨ ਪੂਰਬੀ ਪੰਜਾਬ ਸੂਬੇ ਦੇ ਸ਼ੇਖੂਪੁਰਾ 'ਚ     ਫਰੁਕਾਬਾਦ ਅਤੇ ਬਹਾਲੀ ਵਾਲਾ ਦੇ ਵਿਚਕਾਰ ਰੇਲਵੇ ਕ੍ਰਾਸਿੰਗ 'ਤੇ ਵੈਨ ਨੂੰ ਟੱਕਰ ਮਾਰ ਦਿੱਤੀ। ਪੁਲਸ ਮੁਤਾਬਕ ਇਹ ਹਾਦਸਾ ਵੈਨ ਚਾਲਕ ਦੀ ਲਾਪ੍ਰਵਾਹੀ ਕਾਰਨ ਵਾਪਰਿਆ ਹੈ। ਉਹ ਟਰੇਨ ਨੂੰ ਵੇਖੇ ਬਿਨਾਂ ਜਲਦਬਾਜੀ ਵਿਚ ਰੇਲਵੇ ਕ੍ਰਾਸਿੰਗ ਨੂੰ ਪਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਮ੍ਰਿਤਕਾਂ 'ਚ ਜ਼ਿਆਦਾਤਰ ਸਿੱਖ ਸ਼ਰਧਾਲੂ ਸਨ ਅਤੇ ਘਟਨਾ ਦੇ ਸਮੇਂ ਨਨਕਾਨਾ ਸਾਹਿਬ ਪਰਤ ਰਹੇ ਸਨ। ਪੁਲਸ ਅਧਿਕਾਰੀ ਗਾਜੀ ਸਲਾਹੁੱਦੀਨ ਨੇ ਦੱਸਿਆ ਕਿ ਮ੍ਰਿਤਕ ਉੱਤਰ-ਪੱਛਮੀ ਸ਼ਹਿਰ ਪੇਸ਼ਾਵਰ ਦੇ ਨਿਵਾਸੀ ਅਤੇ 4 ਪਰਿਵਾਰਾਂ ਨਾਲ ਸਬੰਧਤ ਸਨ।

ਇਹ ਵੀ ਪੜ੍ਹੋ : ...ਤਾਂ ਇਸ ਲਈ ਢੀਂਡਸਾ ਨੇ ਨਵੀਂ ਪਾਰਟੀ ਦਾ ਨਾਮ ਰੱਖਿਆ 'ਸ਼੍ਰੋਮਣੀ ਅਕਾਲੀ ਦਲ'


Anuradha

Content Editor

Related News