''ਸ਼ਬਦ ਗੁਰੂ ਯਾਤਰਾ'' ਪੱਟੀ ਤੋਂ ਅਗਲੇ ਪੜਾਅ ਲਈ ਰਵਾਨਾ

01/12/2019 6:16:40 PM

ਅੰਮ੍ਰਿਤਸਰ (ਦੀਪਕ ਸ਼ਰਮਾ)— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ 'ਸ਼ਬਦ ਗੁਰੂ ਯਾਤਰਾ' ਅੱਜ ਪੰਜਵੇਂ ਦਿਨ ਗੁਰਦੁਆਰਾ ਬੀਬੀ ਰਜਨੀ ਜੀ, ਪੱਟੀ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ। ਇਸ ਮੌਕੇ ਗਿਆਨੀ ਸਰੂਪ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਪਾਵਨ ਹੁਕਮਨਾਮਾ ਗ੍ਰੰਥੀ ਭਾਈ ਸੁਖਜੀਤ ਸਿੰਘ ਨੇ ਸੰਗਤ ਨੂੰ ਸਰਵਣ ਕਰਵਾਇਆ। 

ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਖੁਸ਼ਵਿੰਦਰ ਸਿੰਘ ਭਾਟੀਆ ਨੇ ਪਾਲਕੀ ਸਾਹਿਬ 'ਚ ਸੁਸ਼ੋਭਿਤ ਕੀਤਾ। ਸ਼ਬਦ ਗੁਰੂ ਯਾਤਰਾ 'ਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ। ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ। ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ 'ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ, ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪੇ ਵੀ ਦਿੱਤੇ। ਆਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸਖਸ਼ੀਅਤਾਂ 'ਚ ਬਾਬਾ ਅਵਤਾਰ ਸਿੰਘ ਸੁਰਸਿੰਘ, ਗਿਆਨੀ ਸਰੂਪ ਸਿੰਘ ਗੁ: ਭੱਟ ਸਾਹਿਬ ਵਾਲੇ, ਬਾਬਾ ਹਾਕਮ ਸਿੰਘ, ਸਾਬਕਾ ਵਿਧਾਇਕ ਅਜੈ ਪਾਲ ਸਿੰਘ ਮੀਰਾਂਕੋਟ, ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਜਸਬੀਰ ਕੌਰ ਜੱਫਰਵਾਲ, ਸ. ਸੁਖਵਰਸ਼ ਸਿੰਘ ਪੰਨੂੰ ਮੈਂਬਰ ਧਰਮ ਪ੍ਰਚਾਰ ਕਮੇਟੀ ਆਦਿ ਮੌਜੂਦ ਸਨ।

ਇਸ ਤੋਂ ਪਹਿਲਾਂ ਗੁਰਦੁਆਰਾ ਬੀਬੀ ਰਜਨੀ ਜੀ ਪੱਟੀ ਵਿਖੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਗਿਆਨੀ ਸਰੂਪ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਪ੍ਰੇਰਣਾ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਜੀ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਲਈ ਸ਼ੁਰੂ ਕੀਤੀ 'ਸ਼ਬਦ ਗੁਰੂ ਯਾਤਰਾ' ਦੀ ਸ਼ਲਾਘਾ ਕੀਤੀ। ਇਸ ਮੌਕੇ ਅੰਤ੍ਰਿੰਗ ਮੈਂਬਰ ਭਾਈ ਖੁਸ਼ਵਿੰਦਰ ਸਿੰਘ ਭਾਟੀਆ ਨੇ ਸੰਗਤ ਨੂੰ ਬੀਬੀ ਰਜਨੀ ਜੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ਼ੁਰੂ ਕੀਤੀ 'ਸ਼ਬਦ ਗੁਰੂ ਯਾਤਰਾ' 'ਚ ਵੱਧ ਤੋਂ ਵੱਧ ਸੰਗਤਾਂ ਨੂੰ ਗੁਰੂ ਨਾਲ ਜੁੜਨ ਦੀ ਅਪੀਲ ਕੀਤੀ। ਇਸ ਮੌਕੇ ਸਾਬਕਾ ਵਿਧਾਇਕ ਅਜੈਪਾਲ ਸਿੰਘ ਮੀਰਾਂਕੋਟ ਅਤੇ ਸ. ਸੁਖਵਰਸ਼ ਸਿੰਘ ਪੰਨੂੰ ਨੇ ਵੀ ਸੰਗਤ ਨੂੰ ਗੁਰ-ਇਤਿਹਾਸ ਨਾਲ ਜੋੜਿਆ ਅਤੇ ਸੰਗਤ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਹੋਣ ਲਈ ਪ੍ਰੇਰਿਤ ਕੀਤਾ।


shivani attri

Content Editor

Related News