ਪਾਕਿਸਤਾਨ ਤੋਂ ਉੱਠੀ ਆਵਾਜ਼, ਮੋਦੀ ਦੇਣ ਸ਼ਹੀਦ ਭਗਤ ਸਿੰਘ ਨੂੰ ਭਾਰਤ ਰਤਨ ਐਵਾਰਡ

Thursday, Sep 26, 2019 - 03:53 PM (IST)

ਪਾਕਿਸਤਾਨ ਤੋਂ ਉੱਠੀ ਆਵਾਜ਼, ਮੋਦੀ ਦੇਣ ਸ਼ਹੀਦ ਭਗਤ ਸਿੰਘ ਨੂੰ ਭਾਰਤ ਰਤਨ ਐਵਾਰਡ

ਹੁਸ਼ਿਆਰਪੁਰ (ਅਮਰਿੰਦਰ)— ਸ਼ਹੀਦ ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੇ ਚੇਅਰਮੈਨ ਇਮਤਿਆਜ਼ ਰਾਸ਼ਿਦ ਕੁਰੈਸ਼ੀ ਨੇ ਇਸਲਾਮਾਬਾਦ ਦੇ ਭਾਰਤੀ ਹਾਈ ਕਮਿਸ਼ਨ ਵਿਖੇ ਡਿਪਟੀ ਹਾਈ ਕਮਿਸ਼ਨਰ ਗੌਰਵ ਆਹਲੂਵਾਲੀਆ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਇਕ ਪੱਤਰ ਸੌਂਪਦੇ ਮੰਗ ਕੀਤੀ ਕਿ ਸ਼ਹੀਦ ਭਗਤ ਸਿੰਘ ਨੂੰ ਭਾਰਤ ਸਰਕਾਰ ਵੱਲੋਂ ਭਾਰਤ ਰਤਨ ਐਵਾਰਡ ਦੇਣ ਦਾ ਐਲਾਨ ਕਰੇ। ਉਨ੍ਹਾਂ ਨੇ ਪਾਕਿਸਤਾਨ ਤੋਂ ਫੋਨ 'ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫਾਊਂਡੇਸ਼ਨ ਵੱਲੋਂ ਸ਼ਹੀਦ ਭਗਤ ਸਿੰਘ ਦਾ 112ਵਾਂ ਜਨਮ ਦਿਨ ਸਮਾਰੋਹ 28 ਸਤੰਬਰ ਨੂੰ ਲਾਹੌਰ ਹਾਈ ਕੋਰਟ ਦੇ ਡੈਮੋਕਰੇਟਿਕ ਲਾਅਨ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸਮਾਰੋਹ ਦੀ ਪ੍ਰਧਾਨਗੀ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਆਫ ਪਾਕਿਸਤਾਨ ਦੇ ਐਡਵੋਕੇਟ ਅਬਦੁਲ ਰਾਸ਼ਿਦ ਕੁਰੈਸ਼ੀ ਕਰਨਗੇ, ਜਦਕਿ ਮੁੱਖ ਮਹਿਮਾਨ ਵਜੋਂ ਐਡਵੋਕੇਟ ਹਫੀਜ਼ ਉਰ ਰਹਿਮਾਨ ਚੌਧਰੀ ਹੋਣਗੇ। ਉਨ੍ਹਾਂ ਦੱਸਿਆ ਕਿ ਲਾਹੌਰ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਮੁੱਖ ਵਕੀਲ ਵੀ ਇਸ ਸਮਾਰੋਹ ਵਿਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਭਾਰਤ ਦਾ ਰਾਸ਼ਟਰੀ ਨਾਇਕ ਹੈ, ਜਦਕਿ ਪਾਕਿਸਤਾਨ ਦਾ ਇਕ ਪੁੱਤਰ ਹੈ।

PunjabKesari

ਪਾਕਿਸਤਾਨ ਸਰਕਾਰ ਵੀ ਦੇਵੇ ਸ਼ਹੀਦ ਭਗਤ ਸਿੰਘ ਨੂੰ ਨਿਸ਼ਾਨ-ਏ-ਪਾਕਿਸਤਾਨ ਐਵਾਰਡ
ਚੇਅਰਮੈਨ ਇਮਤਿਆਜ਼ ਰਾਸ਼ਿਦ ਕੁਰੈਸ਼ੀ ਨੇ ਕਿਹਾ ਕਿ ਭਗਤ ਸਿੰਘ ਪਾਕਿਸਤਾਨ ਦੇ ਲੋਕਾਂ ਲਈ ਇਕ ਨਾਇਕ ਹੈ ਅਤੇ ਮੁਹੰਮਦ ਅਲੀ ਜਿਨਾਹ ਹੀ ਸਨ, ਜਿਨ੍ਹਾਂ ਨੇ ਪਹਿਲਾਂ ਭਗਤ ਸਿੰਘ ਦੀ ਸ਼ਹਾਦਤ ਨੂੰ ਸਲਾਮ ਕੀਤਾ ਸੀ। ਉਨ੍ਹਾਂ ਕਿਹਾ ਕਿ ਉਹ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਦੀ ਸ਼ਹਾਦਤ ਦੀ ਕਹਾਣੀ ਅਤੇ ਉਨ੍ਹਾਂ ਦੇ ਦੇਸ਼ ਦੇ ਜੀਵਨ ਨਾਲ ਜੁੜੇ ਜੀਵਨ ਨੂੰ ਪਾਕਿਸਤਾਨ ਦੇ ਸਕੂਲਾਂ ਅਤੇ ਕਾਲਜਾਂ ਦੀ ਸਿੱਖਿਆ ਦੇ ਸਿਲੇਬਸ 'ਚ ਸ਼ਾਮਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਲੋਕ ਵੀ ਸ਼ਹੀਦ ਭਗਤ ਸਿੰਘ ਨੂੰ ਓਨਾ ਹੀ ਪਿਆਰ ਅਤੇ ਸਤਿਕਾਰ ਦਿੰਦੇ ਹਨ ਜਿੰਨਾ ਭਾਰਤ ਵਿਚ ਹੈ। ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵੀ ਸ਼ਹੀਦ ਭਗਤ ਸਿੰਘ ਨੂੰ ਨਿਸ਼ਾਨ-ਏ-ਪਾਕਿਸਤਾਨ ਐਵਾਰਡ ਦੇਣ ਦਾ ਐਲਾਨ ਕਰਨ ਦੀ ਅਪੀਲ ਕੀਤੀ।


author

shivani attri

Content Editor

Related News