ਅਸੈਂਬਲੀ 'ਚ ਬੰਬ ਸੁੱਟਣ ਮੌਕੇ ਭਗਤ ਸਿੰਘ ਇਸ ਗੱਲ ਦੇ ਹੱਕ 'ਚ ਨਹੀਂ ਸਨ

09/28/2019 9:38:48 AM

ਜਲੰਧਰ : ਭਗਤ ਸਿੰਘ ਵਰਗੇ ਸਿਰਲੱਥ ਯੋਧਿਆਂ ਦੀਆਂ ਕੁਰਬਾਨੀਆਂ ਸਦਕਾ ਅੱਜ ਅਸੀਂ ਆਜ਼ਾਦ ਫਿਜ਼ਾ ਵਿਚ ਸਾਹ ਲੈ ਰਹੇ ਹਾਂ। ਉਨ੍ਹਾਂ ਦੀ ਕੁਰਬਾਨੀ ਨੂੰ ਦੇਸ਼ ਦੇ ਇਤਿਹਾਸ ਵਿਚ ਸੁਨਿਹਰੀ ਅੱਖਰਾਂ ਵਿਚ ਦਰਜ ਕੀਤਾ ਗਿਆ। ਕੱਲ ਯਾਨੀ 28 ਸਤੰਬਰ ਨੂੰ ਉਨ੍ਹਾਂ ਦਾ 112ਵਾਂ ਜਨਮਦਿਨ ਹੈ। ਸਰਦਾਰ ਭਗਤ ਸਿੰਘ ਦਾ ਜਨਮ ਜੱਟ ਸਿੰਘ ਸੰਧੂ ਪਰਿਵਾਰ ਪਿਤਾ ਸਰਦਾਰ ਕਿਸ਼ਨ ਸਿੰਘ ਅਤੇ ਮਾਤਾ ਵਿਦਿਆਵਤੀ ਦੀ ਕੁੱਖੋਂ 28 ਸਤੰਬਰ 1907 ਨੂੰ ਚੱਕ ਨੰਬਰ 105 ਪਿੰਡ ਬੰਗਾ ਤਹਿਸੀਲ ਜੜਵਾਲਾਂ ਜਿਲਾਂ ਲਾਇਲਪੁਰ (ਪਾਕਿਸਤਾਨ) ਵਿਖੇ ਹੋਇਆ। ਭਗਤ ਸਿੰਘ ਦਾ ਜੱਦੀ ਪਿੰਡ ਖਟਕੜ ਕਲਾਂ ਨਵਾਂ ਸ਼ਹਿਰ (ਪੰਜਾਬ) 'ਚ ਸਥਿਤ ਹੈ। ਨਵਾਸ਼ਹਿਰ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਨਗਰ ਰੱਖ ਦਿੱਤਾ। ਸਰਦਾਰ ਭਗਤ ਸਿੰਘ ਨੂੰ ਆਜ਼ਾਦੀ ਦੀ ਗੁੜਤੀ ਪਰਿਵਾਰ ਵਲੋਂ ਹੀ ਮਿਲੀ ਸੀ। 1907 ਵਿਚ ਲੋਕਾਂ ਵਿਚ ਸਿਆਸੀ ਜਾਗ ਆ ਰਹੀ ਸੀ ਅਤੇ ਇਸ ਦੇ ਨਾਲ ਹੀ ਨਹਿਰੀ ਕਲੋਨੀਆਂ ਬਾਰੇ ਕਾਨੂੰਨ ਪਾਸ ਕਰ ਕੇ ਅਤੇ ਅੰਗਰੇਜ਼ੀ ਸਰਕਾਰ ਦੇ ਖ਼ਿਲਾਫ਼ ਆਮ ਕਰ ਕੇ ਰੋਹ ਵੱਧ ਰਿਹਾ ਸੀ। ਲਾਲਾ ਲਾਜਪਤ ਰਾਏ ਵਕੀਲ ਨੇ ਵੀ 21-22 ਮਾਰਚ ਤੇ 6 ਅਪ੍ਰੈਲ, 1907 ਨੂੰ ਇਸ ਕਾਨੂੰਨ ਵਿਰੁੱਧ ਭੜਕਾਊ ਤਕਰੀਰਾਂ ਕੀਤੀਆਂ ਸਨ ਤੇ ਲੋਕਾਂ ਨੂੰ ਪਾਣੀ ਦੇ ਬਿਲ ਨਾ ਦੇਣ ਵਾਸਤੇ ਕਿਹਾ ਸੀ। ਅਜੀਤ ਸਿੰਘ ਨੇ ਲਾਹੌਰ ਦੇ ਬਰੈਡਲਾ ਹਾਲ ਵਿਚ ਸਰਕਾਰ ਵਿਰੁਧ ਇਕ ਬੜੀ ਰੋਹ ਭਰੀ ਤਕਰੀਰ ਕੀਤੀ ਸੀ। ਇਹ ਸਾਰਾ ਕੁੱਝ ਪੰਜਾਬ ਦੇ ਗਵਰਨਰ ਨੇ ਅੰਗਰੇਜ਼ ਵਾਇਸਰਾਏ ਅਤੇ ਲੰਡਨ ਵਿਚ ਇੰਡੀਆ ਆਫ਼ਿਸ ਨੂੰ ਲਿਖ ਭੇਜਿਆ ਸੀ। ਸੀ.ਆਈ.ਡੀ. ਦੀਆਂ ਹਫ਼ਤਾਵਾਰ ਰਿਪੋਰਟਾਂ ਵਿਚ ਜ਼ਿਕਰ ਮਿਲਦਾ ਹੈ ਕਿ ਸਰਕਾਰ ਇਸ ਰੋਸ ਪ੍ਰਦਰਸ਼ਨ ਤੋਂ ਬਹੁਤ ਫ਼ਿਕਰਮੰਦ ਸੀ। ਅਖ਼ੀਰ ਸਰਕਾਰ ਨੇ ਫ਼ੈਸਲਾ ਕੀਤਾ ਕਿ 1818 ਦੇ ਐਕਟ ਹੇਠ ਲਾਜਪਤ ਰਾਏ ਅਤੇ ਅਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਨਜ਼ਰਬੰਦ ਕਰ ਦਿਤਾ ਜਾਵੇ। ਲਾਜਪਤ ਰਾਏ ਨੂੰ 9 ਮਈ ਤੇ ਅਜੀਤ ਸਿੰਘ ਨੂੰ 3 ਜੂਨ, 1907 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੰਜਾਬ ਤੋਂ ਬਾਹਰ ਮਾਂਡਲੇ (ਹੁਣ ਬਰਮਾ) ਭੇਜ ਦਿਤਾ ਗਿਆ।

30 ਅਕਤੂਬਰ 1928 ਈ: ਨੂੰ ਸਾਈਮਨ ਕਮਿਸ਼ਨ ਲਾਹੌਰ ਪਹੁੰਚਿਆ। ਇਸ ਕਮਿਸ਼ਨ ਦੇ ਖਿਲਾਫ ਨੌਜਵਾਨ ਭਾਰਤ ਸਭਾ ਨੇ ਜਲੂਸ ਕੱਢਿਆ ਅਤੇ ਸਾਈਮਨ ਕਮਿਸ਼ਨ ਗੋਅ ਬੈਕ ਦੇ ਨਾਅਰੇ ਲਗਾਏ, ਜਿਸ ਜਲੂਸ 'ਚ ਭਗਤ ਸਿੰਘ ਨੇ ਵੀ ਹਿੱਸਾ ਲਿਆ। ਪੁਲਸ ਦੇ ਰੋਕਣ ਦੇ ਬਾਵਜੂਦ ਜਲੂਸ ਅੱਗੇ ਵਧਦਾ ਗਿਆ ਜਿਸ ਨੂੰ ਰੋਕਣ ਲਈ ਅੰਗਰੇਜ਼ ਹਕੂਮਕ ਨੇ ਲਾਠੀ ਚਾਰਜ ਕੀਤਾ ਜਿਸ ਕਰਕੇ ਲਾਲਾ ਲਾਜਪਤ ਰਾਏ ਦੇ ਸਿਰ 'ਚ ਗਹਿਰੀ ਸੱਟ ਲੱਗਣ ਕਾਰਨ ਕੁਝ ਦਿਨਾਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਲਾਲਾ ਲਾਜਪਤ ਰਾਏ ਦੀ ਮੌਤ ਦਾ ਬਦਲਾ ਲੈਣ ਲਈ ਇਨਕਲਾਬੀਆਂ ਨੇ ਇਕ ਯੋਜਨਾ ਬਣਾਈ ਜਿਸ ਦੇ ਅੰਤਰਗਤ ਸਕਾਟ ਨੂੰ ਗੋਲੀ ਮਾਰਨੀ ਸੀ। ਮੌਕੇ 'ਤੇ ਸਕਾਟ ਦੀ ਥਾਂ ਪੁਲਸ ਮੁੱਖੀ ਜੇ.ਪੀ. ਸਾਂਡਰਸ ਮੋਟਰਸਾਈਕਲ 'ਤੇ ਦਫਤਰ ਤੋਂ ਬਾਹਰ ਆ ਗਿਆ ਅਤੇ ਕ੍ਰਾਂਤੀਕਾਰੀਆਂ ਦੀ ਗੋਲੀ ਦਾ ਨਿਸ਼ਾਨਾ ਬਣ ਗਿਆ। ਇਸ ਤਰ੍ਹਾਂ ਕ੍ਰਾਂਤੀਕਾਰੀਆਂ ਨੇ ਲਾਲਾ ਜੀ ਦੀ ਮੌਤ ਦਾ ਬਦਲਾ ਲੈ ਲਿਆ।

ਅਸੈਂਬਲੀ 'ਚ ਨਕਲੀ ਬੰਬ :
ਸ਼ਹੀਦ ਭਗਤ ਸਿੰਘ ਖੂਨ-ਖਰਾਬੇ ਦੇ ਬਿਲਕੁੱਲ ਹੱਕ 'ਚ ਨਹੀਂ ਸਨ। ਉਨ੍ਹਾਂ ਨੇ ਪਬਲਿਕ ਦੀ ਸੁਰੱਖਿਆ ਲਈ ਬਿਲ ਅਤੇ ਟਰੇਡ ਡਿਸਪਿਊਟਸ ਬਿਲ ਦੇ ਖਿਲਾਫ ਅਸੈਂਬਲੀ 'ਚ ਨਕਲੀ ਬੰਬ ਸੁੱਟ ਕੇ ਅੰਗਰੇਜ਼ੀ ਹਕੂਮਤ ਦਾ ਵਿਰੋਧ ਕਰਨਾ ਚਾਹਿਆ। ਇਸ ਲਈ ਸਰਦਾਰ ਭਗਤ ਸਿੰਘ ਅਤੇ ਬਟੁਕੇਸ਼ਵਰ ਦੱਤ ਨੇ 8 ਅਪ੍ਰੈਲ 1929 ਨੂੰ ਕੇਂਦਰੀ ਅਸੈਂਬਲੀ ਦੇ ਸੈਂਟਰਲ ਹਾਲ 'ਚ ਖਾਲੀ ਥਾਂ 'ਤੇ ਨਕਲੀ ਬੰਬ ਸੁੱਟਿਆ ਅਤੇ ਪਰਚੇ ਸੁੱਟਦੇ ਹੋਏ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਗਾਏ। ਸਾਰਾ ਹਾਲ ਧੂੰਏਂ ਨਾਲ ਭਰ ਗਿਆ ਉਹ ਚਾਹੁੰਦੇ ਤਾਂ ਉੱਥੋ ਭੱਜ ਸਕਦੇ ਸਨ ਪਰ ਉਨ੍ਹਾਂ ਨੇ ਆਪਣੀ ਇੱਛਾ ਨਾਲ ਪੁਲਸ ਨੂੰ ਗ੍ਰਿਫਤਾਰੀ ਦਿੱਤੀ। ਜਦੋਂ ਭਗਤ ਸਿੰਘ ਨੂੰ ਨਕਲੀ ਬੰਬ ਸੁੱਟਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਉੱਤਰ ਦਿੱਤਾ ਕਿ ਉਨ੍ਹਾਂ ਦਾ ਉਦੇਸ਼ ਕਿਸੇ ਨੂੰ ਜਾਨੀ ਨੁਕਸਾਨ ਪਹੁੰਚਾਉਣਾ ਨਹੀਂ ਸੀ ਸਗੋਂ ਸੱਤ-ਸਮੁੰਦਰ ਪਾਰ ਬੈਠੀ ਬੋਲ਼ੀ ਸਰਕਾਰ ਦੇ ਕੰਨ ਖੋਲ੍ਹਣਾ ਸੀ। ਇਨਕਬਾਲ ਜ਼ਿੰਦਾਬਾਦ ਦਾ ਨਾਅਰਾ ਪਹਿਲੀ ਵਾਰ ਸ਼ਹੀਦ ਭਗਤ ਸਿੰਘ ਨੇ ਦਿੱਤਾ ਸੀ, ਜੋ ਅੱਗੇ ਚੱਲ ਕੇ ਸਾਰੇ ਦੇਸ਼ ਦਾ ਨਾਅਰਾ ਬਣ ਗਿਆ।

ਫਾਂਸੀ :
ਸਰਦਾਰ ਭਗਤ ਸਿੰਘ ਅਤੇ ਬੀ.ਕੇ.ਦੱਤ ਵਿਰੁੱਧ ਚਲਾਨ ਏ.ਡੀ.ਐਮ. ਦਿੱਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਇਨ੍ਹਾਂ ਨੇ ਆਪਣੀ ਕਾਨੂੰਨੀ ਚਾਰਾਜੋਈ ਲਈ ਕੋਈ ਵੀ ਵਕੀਲ ਨਹੀਂ ਕੀਤਾ ਅਤੇ ਆਪਣੀ ਵਕਾਲਤ ਆਪ ਕਰਦੇ ਰਹੇ। 10 ਜੂਨ, 1929 ਨੂੰ ਅਦਾਲਤ ਦੀ ਸੁਣਵਾਈ ਖਤਮ ਹੋ ਗਈ ਅਤੇ ਦੋਵਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾ ਦਿੱਤੀ ਗਈ। ਅਸੈਂਬਲੀ ਬੰਬ ਕੇਸ ਦੀ ਸਜ਼ਾ ਤੋਂ ਬਾਅਦ ਸਰਦਾਰ ਭਗਤ ਸਿੰਘ ਨੂੰ ਮੀਆਂਵਾਲੀ ਜੇਲ ਅਤੇ ਬੀ.ਕੇ. ਦੱਤ ਨੂੰ ਕੇਂਦਰੀ ਜੇਲ ਲਾਹੌਰ 'ਚ ਬੰਦ ਕਰ ਦਿੱਤਾ ਗਿਆ। 25 ਜੂਨ, 1929 ਈ: ਨੂੰ ਭਗਤ ਸਿੰਘ ਨੂੰ ਸਾਂਡਰਸ ਕੇਸ ਦੇ ਮਾਮਲੇ 'ਚ ਕੇਂਦਰੀ ਜੇਲ ਲਾਹੌਰ ਭੇਜ ਦਿੱਤਾ ਗਿਆ। 10 ਜੁਲਾਈ ਨੂੰ ਸਾਂਡਰਸ ਕੇਸ ਦੀ ਕਾਰਵਾਈ ਸ਼ੁਰੂ ਹੋ ਗਈ। ਇਸ ਕੇਸ ਦੇ ਦੌਰਾਨ ਸਰਦਾਰ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਜੇਲ ਅਧਿਕਾਰੀਆਂ ਵੱਲੋ ਦਿੱਤੇ ਗਏ ਮਾੜੇ ਖਾਣੇ ਅਤੇ ਮਾੜੇ ਵਤੀਰੇ ਖਿਲਾਫ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ। ਇਸ ਭੁੱਖ ਹੜਤਾਲ ਨੂੰ ਖਤਮ ਕਰਨ ਲਈ ਸਰਕਾਰ ਦੁਆਰਾ ਅਨੇਕਾਂ ਯਤਨ ਕੀਤੇ ਗਏ। 63 ਦਿਨਾਂ ਦੀ ਭੁੱਖ ਹੜਤਾਲ ਤੋਂ ਬਾਅਦ ਜਤਿਨ ਦਾਸ 13 ਸਤੰਬਰ 1929 ਈ: ਨੂੰ ਦੇਸ਼ ਦੀ ਖਾਤਰ ਆਪਣੀ ਜਾਨ ਕੁਰਬਾਨ ਕਰ ਗਿਆ। ਇਹ ਖਬਰ ਜੰਗਲ ਦੀ ਅੱਗ ਵਾਂਗ ਹਰ ਪਾਸੇ ਫੈਲ ਗਈ। ਵਾਰ-ਵਾਰ ਭੁੱਖ ਹੜਤਾਲ ਅਤੇ ਲੰਬੀ ਜੱਦੋ-ਜਹਿਦ ਤੋਂ ਬਾਅਦ ਸਰਕਾਰ ਨੂੰ ਕ੍ਰਾਂਤੀਕਾਰੀਆਂ ਦੀਆਂ ਮੰਗਾਂ ਸਾਹਮਣੇ ਝੁੱਕਣਾ ਪਿਆ।

ਸਾਂਡਰਸ ਕਤਲ ਦੇ ਕੇਸ ਦਾ ਮੁਕੱਦਮਾ 10 ਜੁਲਾਈ 1929 ਈ: ਨੂੰ ਜੇਲ 'ਚ ਹੀ ਵਿਸ਼ੇਸ਼ ਮੈਜਿਸਟ੍ਰੇਟ ਦੀ ਅਦਾਲਤ 'ਚ ਸ਼ੁਰੂ ਕੀਤਾ ਗਿਆ। ਇਸ ਮਾਮਲੇ 'ਚ 25 ਵਿਅਕਤੀ ਨਾਮਜ਼ਦ ਕੀਤੇ ਗਏ ਸਨ। ਇਨਕਲਾਬੀਆਂ ਨੇ ਇਸ ਮੁਕਦਮੇ ਪ੍ਰਤੀ ਕੋਈ ਖਾਸ ਗੰਭੀਰਤਾ ਨਹੀਂ ਦਿਖਾਈ। ਇੰਝ ਤਰ੍ਹਾਂ ਲੱਗਦਾ ਸੀ ਕਿ ਜਿਵੇਂ ਉਨ੍ਹਾਂ ਦਾ ਮਕਸਦ ਸਿਰਫ ਫਾਂਸੀ ਚੜਨ ਤੱਕ ਹੀ ਸੀਮਿਤ ਸੀ। ਸਰਦਾਰ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦੇ ਮਾਮਲੇ ਦੀ ਕਾਰਵਾਈ ਲਈ ਇਕ ਟ੍ਰਿਬਿਊਨਲ ਗਠਿਤ ਕੀਤੀ ਗਈ ਜਿਸ ਦੇ ਤਿੰਨ ਜੱਜ ਮੈਂਬਰ ਸਨ। ਇਸ ਟ੍ਰਿਬਿਊਨਲ ਨੇ 7 ਅਕਤੂਬਰ 1930 ਨੂੰ ਫੈਸਲਾ ਸੁਣਾਉਂਦੇ ਹੋਏ ਭਗਤ ਸਿੰਘ, ਸੁਖਦੇਵ ਥਾਪੜ ਅਤੇ ਸ਼ਿਵਰਾਮ ਰਾਜਗੁਰੂ ਨੂੰ ਫਾਂਸੀ ਦੀ ਸਜ਼ਾ ਸੁਣਾਈ। ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਫਾਂਸੀ ਲਾਉਣ ਦੀ ਮਿਤੀ 24 ਮਾਰਚ, 1931 ਮੁਕਰਰ ਕੀਤੀ ਗਈ ਸੀ ਪਰ ਲੋਕਾਂ ਦੀ ਭੀੜ 23 ਮਾਰਚ ਸਵੇਰ ਤੋਂ ਜੇਲ ਦੀ ਗੇਟ ਦੇ ਬਾਹਰ ਇਕੱਠੀ ਹੋਣ ਲੱਗੀ। ਲੋਕਾਂ ਦੀ ਬਗਾਵਤ ਤੋਂ ਡਰਦਿਆਂ ਅੰਗਰੇਜ਼ ਹਕੂਮਤ ਨੇ ਇਕ ਕੋਝੀ ਚਾਲ ਚਲਦਿਆਂ 23 ਮਾਰਚ, 1931 ਨੂੰ ਸ਼ਾਮ 7:30 ਵਜੇ ਫਾਂਸੀ ਦੇਣ ਦੀ ਯੋਜਨਾ ਬਣਾਈ। ਜਦੋਂ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਫਾਂਸੀ ਦੇ ਤੱਖਤੇ ਤੱਕ ਲਿਜਾਉਣ ਲਈ ਪੁਲਿਸ ਕਰਮਚਾਰੀ ਆਏ ਤਾਂ ਉਸ ਸਮੇਂ ਭਗਤ ਸਿੰਘ ਲੈਨਿਨ ਦੀ ਜੀਵਨੀ ਪੜ੍ਹ ਰਹੇ ਸਨ। ਭਗਤ ਸਿੰਘ ਨੇ ਕਿਹਾ ਰੁਕੋ ਇਕ ਕ੍ਰਾਂਤੀਕਾਰੀ ਦੂਜੇ ਕ੍ਰਾਂਤੀਕਾਰੀ ਨਾਲ ਮੁਲਾਕਾਤ ਕਰ ਰਿਹਾ ਹੈ। ਇਸ ਤੋਂ ਬਾਅਦ ਭਗਤ ਸਿੰਘ ਕਿਤਾਬ ਦਾ ਪੰਨਾ ਮੋੜ ਪੁਲਸ ਕਰਮਚਾਰੀਆਂ ਨਾਲ ਤੁਰ ਪਏ। ਕਿਤਾਬ ਦਾ ਮੁੜਿਆ ਹੋਇਆ ਪੰਨਾਂ ਇੰਝ ਕਹਿ ਰਿਹਾ ਸੀ ਜਿਵੇਂ ਕਿ ਇਹ ਸੰਘਰਸ਼ ਅਧੂਰਾ ਹੈ ਜੋ ਆਉਣ ਵਾਲੀ ਪੀੜ੍ਹੀ ਪੂਰਾ ਕਰੇਗੀ।


cherry

Content Editor

Related News