ਸ਼ਹੀਦ ਜਸਵਿੰਦਰ ਸਿੰਘ ਦੀ ਅੰਤਿਮ ਅਰਦਾਸ ''ਚ ਪੁੱਜੇ ਮੰਤਰੀ ਰਾਣਾ ਗੁਰਜੀਤ, ਪਰਿਵਾਰ ਨੂੰ ਦਿੱਤਾ 50 ਲੱਖ ਦਾ ਚੈੱਕ

Wednesday, Oct 20, 2021 - 04:43 PM (IST)

ਭੁਲੱਥ (ਰਜਿੰਦਰ)- ਜੰਮੂ ਕਸ਼ਮੀਰ ਵਿਖੇ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਨਮਿਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਅੱਜ ਉਨ੍ਹਾਂ ਦੇ ਪਿੰਡ ਮਾਨਾ ਤਲਵੰਡੀ ਵਿਖੇ ਹੋਈ। ਇਸ ਮੌਕੇ ਜਿੱਥੇ ਸਮਾਜ ਦੇ ਹਰ ਵਰਗ ਦੇ ਹਜ਼ਾਰਾਂ ਲੋਕਾਂ ਵੱਲੋਂ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ ਗਈ, ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਤਰਫੋਂ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਪਹੁੰਚ ਕੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।  

ਸ਼ਹੀਦ ਜਸਵਿੰਦਰ ਸਿੰਘ ਦੇ ਭੋਗ ਉਪਰੰਤ ਨੇੜੇ ਇਕ ਸਟੇਡੀਅਮ ਵਿਖੇ ਹੋਏ ਸ਼ਰਧਾਂਜਲੀ ਸਮਾਗਮ ਦੌਰਾਨ ਪੰਜਾਬ ਦੇ ਤਕਨੀਕੀ ਸਿੱਖਿਆ, ਬਾਗਬਾਨੀ ਅਤੇ ਭੂਮੀ ਰੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ‘ਸ਼ਹੀਦ ਜਸਵਿੰਦਰ ਸਿੰਘ ਦਾ ਸਾਰਾ ਪਰਿਵਾਰ ਦੇਸ਼ ਸੇਵਾ ਨੂੰ ਸਮਰਪਿਤ ਹੈ ਅਤੇ ਉਨ੍ਹਾਂ ਨੇ ਦੇਸ਼ ਦੀ ਰਾਖੀ ਲਈ ਆਪਣੀ ਜਾਨ ਦੀ ਕੁਰਬਾਨੀ ਦੇ ਕੇ ਪੂਰੇ ਪੰਜਾਬ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ’। ਉਨ੍ਹਾਂ ਕਿਹਾ ਕਿ ਸ਼ਹੀਦ ਸਾਡੀ ਕੌਮੀਅਤ ਦਾ ਸਰਮਾਇਆ ਹਨ, ਜਿਨ੍ਹਾਂ ਦੀਆਂ ਸ਼ਹਾਦਤਾਂ ਨਾਲ ਹੀ ਅਸੀਂ ਚੈਨ ਦੀ ਨੀਂਦ ਸੌਂ ਸਕਦੇ ਹਾਂ। ਪੰਜਾਬੀਆਂ ਵੱਲੋਂ ਪਹਿਲਾਂ ਆਜ਼ਾਦੀ ਦੀ ਲੜਾਈ ਅਤੇ ਫਿਰ ਪਾਕਿਸਤਾਨ ਨਾਲ ਜੰਗਾਂ ਅਤੇ ਸਰਹੱਦਾਂ ਦੀ ਰਾਖੀ ਲਈ ਸਭ ਤੋਂ ਵੱਧ ਕੁਰਬਾਨੀਆਂ ਦੇਣ ਨੂੰ ਯਾਦ ਕਰਦਿਆਂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਆਪਣੇ ਮੁਲਕ ਦੀ ਰਾਖੀ ਲਈ ਸ਼ਹਾਦਤ ਦੇਣੀ ਪੰਜਾਬੀਆਂ ਨੂੰ ਵਿਰਾਸਤ ਵਿਚ ਮਿਲੀ ਹੈ, ਜਿਸ ਦੀ ਮਿਸਾਲ ਦੁਨੀਆ ਵਿਚ ਕਿਤੇ ਹੋਰ ਨਹੀਂ ਮਿਲਦੀ। 

ਇਹ ਵੀ ਪੜ੍ਹੋ: ਕੈਪਟਨ ਵੱਲੋਂ ਨਵੀਂ ਪਾਰਟੀ ਬਣਾਉਣ ਦੇ ਐਲਾਨ 'ਤੇ ਭਖੀ ਸਿਆਸਤ, ਜਾਣੋ ਕੀ ਬੋਲੇ ਸੁਖਦੇਵ ਸਿੰਘ ਢੀਂਡਸਾ

PunjabKesari

ਉਨ੍ਹਾਂ ਕਿਹਾ ਕਿ ਸ਼ਹੀਦ ਜਸਵਿੰਦਰ ਸਿੰਘ ਦੀ ਕੁਰਬਾਨੀ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਸੇਵਾ ਲਈ ਕੁਝ ਕਰ ਗੁਜ਼ਰਣ ਦਾ ਸੁਨੇਹਾ ਦਿੰਦੀ ਰਹੇਗੀ। ਉਨ੍ਹਾਂ ਸ਼ਹੀਦ ਦੀ ਮਾਤਾ, ਪਤਨੀ ਅਤੇ ਹੋਰਨਾਂ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦਾ ਵਿਸ਼ਵਾਸ਼ ਵੀ ਦਿਵਾਇਆ। ਉੁਨ੍ਹਾਂ ਪੰਜਾਬ ਸਰਕਾਰ ਦੀ ਤਰਫੋਂ ਸ਼ਹੀਦ ਜਸਵਿੰਦਰ ਸਿੰਘ ਦੇ ਪਰਿਵਾਰ ਲਈ ਐਲਾਨ ਕੀਤੀ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਗਰਾਂਟ ਵਿਚੋਂ 5 ਲੱਖ ਰੁਪਏ ਦਾ ਚੈੱਕ ਵੀ ਸ਼ਹੀਦ ਦੀ ਪਤਨੀ ਨੂੰ ਸੌਂਪਿਆ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੀ ਐਕਸਗ੍ਰੇਸ਼ੀਆ ਗਰਾਂਟ ਦੀ ਰਕਮ ਅਤੇ ਸ਼ਹੀਦ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਲਈ ਕਾਰਵਾਈ ਜਲਦ ਪੂਰੀ ਕੀਤੀ ਜਾ ਰਹੀ ਹੈ। ਉਨ੍ਹਾਂ ਨਾਲ ਹੀ ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੇ ਨਾਮ ਉੱਪਰ ਉਨ੍ਹਾਂ ਦੇ ਜੱਦੀ ਪਿੰਡਾਂ ਵਿਚ ਖੇਡ ਸਟੇਡੀਅਮ ਉਸਾਰਨ ਦੀ ਨੀਤੀ ਤਹਿਤ ਪਿੰਡ ਮਾਨਾ ਤਲਵੰਡੀ ਵਿਖੇ ਨਵੀਨਤਮ ਖੇਡ ਸਟੇਡੀਅਮ ਉਸਾਰਨ ਅਤੇ ਪਿੰਡ ਨੂੰ ਵਿਕਾਸ ਕੰਮਾਂ ਲਈ 10 ਲੱਖ ਰੁਪਏ ਦੇਣ ਦਾ ਵੀ ਐਲਾਨ ਕੀਤਾ। 

ਇਹ ਵੀ ਪੜ੍ਹੋ: ਟਰਾਂਸਪੋਰਟ ਮਹਿਕਮੇ 'ਚ ਹੋਵੇਗਾ ਵੱਡਾ ਫੇਰਬਦਲ: ਅਧਿਕਾਰੀਆਂ ਦੀ ਤਿਆਰ ਹੋਈ ਸੂਚੀ ’ਤੇ ਮੋਹਰ ਲੱਗਣੀ ਬਾਕੀ

PunjabKesari

ਇਸ ਮੌਕੇ ਹਲਕਾ ਭੁਲੱਥ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪਿੰਡ ਦੇ ਸਰਕਾਰੀ ਸਕੂਲ ਦਾ ਨਾਮ ਸ਼ਹੀਦ ਜਸਵਿੰਦਰ ਸਿੰਘ ਦੇ ਨਾਮ 'ਤੇ ਰੱਖਿਆ ਜਾਵੇਗਾ ਅਤੇ ਇਸ ਪਿੰਡ ਨਾਲ ਜੁੜੀਆਂ ਦੋ ਨਵੀਂਆਂ ਸੜਕਾਂ ਬਣ ਰਹੀਆਂ ਹਨ, ਜਿਨ੍ਹਾਂ ਵਿਚੋਂ ਇਕ ਸੜਕ ਦਾ ਨਾਮ ਸ਼ਹੀਦ ਦੇ ਨਾਮ 'ਤੇ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਪਿੰਡ ਦੇ ਛੱਪੜ ਦੀ ਸਾਫ਼-ਸਫ਼ਾਈ ਅਤੇ ਨਵੀਨੀਕਰਨ ਲਈ ਵੀ ਕੈਬਨਿਟ ਮੰਤਰੀ ਵੱਲੋਂ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਘੋਸ਼ਣਾ ਕੀਤੀ ਗਈ। 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦ ਦੀ ਪਤਨੀ ਰਾਜ ਕੌਰ ਨੂੰ ਦੋ ਲੱਖ ਰੁਪਏ ਦਾ ਚੈੱਕ ਅਤੇ ਸ਼ਹੀਦ ਦੀ ਮਾਂ  ਮਨਜੀਤ ਕੌਰ ਨੂੰ ਇਕ ਲੱਖ ਰੁਪਏ ਦਾ ਚੈੱਕ ਅਸ਼ੀਰਵਾਦ ਵਜੋਂ ਦਿੱਤਾ। ਇਸ ਮੌਕੇ ਸਾਬਕਾ ਵਿਧਾਇਕ ਸ . ਸੁਖਪਾਲ ਸਿੰਘ ਖਹਿਰਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਹੋਰਨਾਂ ਪ੍ਰਮੁੱਖ ਸ਼ਖਸੀਅਤਾਂ ਨੇ ਵੀ ਸ਼ਹੀਦ ਜਸਵਿੰਦਰ ਸਿੰਘ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਐੱਸ. ਡੀ. ਐੱਮ. ਡਾ. ਜੈਇੰਦਰ ਸਿੰਘ, ਜ਼ਿਲ੍ਹਾ ਸੈਨਿਕ ਭਲਾਈ ਅਫ਼ਸਰ ਕਰਨਲ ਦਲਵਿੰਦਰ ਸਿੰਘ, ਕਾਂਗਰਸੀ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਪ੍ਰਸ਼ਾਸਨਿਕ ਅਤੇ ਪੁਲਸ ਅਧਿਕਾਰੀ, ਸਮਾਜਿਕ ਆਗੂ ਵੀ ਹਾਜ਼ਰ ਸਨ। 

ਇਹ ਵੀ ਪੜ੍ਹੋ: ਚੱਬੇਵਾਲ ਵਿਖੇ ਵਾਪਰਿਆ ਭਿਆਨਕ ਸੜਕ ਹਾਦਸਾ, ਨਣਾਨ-ਭਰਜਾਈ ਦੀ ਦਰਦਨਾਕ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News