ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਮਜ਼ਬੂਤੀ ਲਈ ਹਰੇਕ ਵਿਅਕਤੀ ਆਪਣਾ ਯੋਗਦਾਨ ਪਾਵੇ: ਦੁਸ਼ਯੰਤ ਚੌਟਾਲਾ
Monday, Nov 11, 2019 - 12:53 PM (IST)

ਜਲੰਧਰ— ਹਰਿਆਣਾ ਦੇ ਯੁਵਾ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਹੈ ਕਿ ਦਿਨ ਪ੍ਰਤੀ ਦਿਨ ਦੇਸ਼ 'ਚ ਆਪਸੀ ਏਕਤਾ ਮਜ਼ਬੂਤ ਹੋ ਰਹੀ ਹੈ। ਦੇਸ਼ ਆਪਸੀ ਸਹਿਮਤੀ ਨਾਲ ਅੱਗੇ ਵਧਣ 'ਚ ਸਫਲ ਹੋ ਰਿਹਾ ਹੈ। ਇਸ ਲਈ ਅਜਿਹੇ ਹਾਲਾਤ ਨੂੰ ਦੇਖਦੇ ਹੋਏ ਹੁਣ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਮਜ਼ਬੂਤੀ ਲਈ ਹਰੇਕ ਵਿਅਕਤੀ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਦੁਸ਼ਯੰਤ ਚੌਟਾਲਾ ਪੰਜਾਬ ਕੇਸਰੀ ਗਰੁੱਪ ਵੱਲੋਂ ਕਰਵਾਏ ਗਏ 116ਵੇਂ ਸ਼ਹੀਦ ਪਰਿਵਾਰ ਫੰਡ ਸਮਾਰੋਹ 'ਚ ਸ਼ਿਰਕਤ ਕਰਨ ਪੁੱਜੇ ਸਨ।
ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਸ਼ਹੀਦ ਪਰਿਵਾਰ ਫੰਡ ਸਮਾਰੋਹ 'ਚ ਉਹ ਇਸ ਤੋਂ ਪਹਿਲਾਂ ਵੀ ਸੰਸਦ ਮੈਂਬਰ ਹੋਣ ਦੇ ਨਾਤੇ ਹਿੱਸਾ ਲੈ ਚੁੱਕੇ ਹਨ। ਉਹ ਸ਼ਹੀਦ ਪਰਿਵਾਰਾਂ ਨੂੰ ਨਮਨ ਕਰਦੇ ਹਨ ਜਿਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਲਈ ਆਪਣਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਪਰਿਵਾਰ ਫੰਡ 'ਚ ਭਾਵੇਂ ਕਿਸੇ ਨੇ ਇਕ ਰੁਪਏ ਦਾ ਯੋਗਦਾਨ ਪਾਇਆ ਹੋਵੇ ਜਾਂ ਵੱਧ ਪਰ ਇਹ ਸੱਚ ਹੀ ਕਿਹਾ ਗਿਆ ਹੈ ਕਿ ਬੂੰਦ-ਬੂੰਦ ਨਾਲ ਹੀ ਸਾਗਰ ਭਰਦਾ ਹੈ। ਉਨ੍ਹਾਂ ਕਿਹਾ ਕਿ ਸਾਂਝੇ ਪੰਜਾਬ 'ਚ ਸਵ. ਚੌਧਰੀ ਦੇਵੀ ਲਾਲ ਦੇ ਨਾਲ ਸਵ. ਲਾਲਾ ਜਗਤ ਨਾਰਾਇਣ ਦੇ ਕਾਫੀ ਚੰਗੇ ਰਿਸ਼ਤੇ ਸਨ। ਉਨ੍ਹਾਂ ਕਿਹਾ ਕਿ ਲਾਲਾ ਜਗਤ ਨਾਰਾਇਣ ਤੇ ਰਮੇਸ਼ ਚੰਦਰ ਤੇ ਕਈ ਹੋਰ ਕਰਮਚਾਰੀਆਂ ਦੀਆਂ ਹੱਤਿਆਵਾਂ ਦੇ ਬਾਵਜੂਦ ਵੀ ਪੰਜਾਬ ਕੇਸਰੀ ਪਰਿਵਾਰ ਲਗਾਤਾਰ ਆਪਣੀ ਕਲਮ ਦੀ ਤਾਕਤ ਨਾਲ ਦੇਸ਼ ਵਿਰੋਧੀ ਤਾਕਤਾਂ ਵਿਰੁੱਧ ਲਿਖਦਾ ਰਿਹਾ।
ਉਨ੍ਹਾਂ ਕਿਹਾ ਕਿ ਹੁਣ ਉਹ ਪੰਜਾਬ ਕੇਸਰੀ ਪਰਿਵਾਰ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਸਮਾਜਿਕ ਕਲਿਆਣ ਦੇ ਕਾਰਜ ਨੂੰ ਲਗਾਤਾਰ ਜਾਰੀ ਰੱਖਿਆ ਹੈ ਤੇ ਅੱਗੇ ਵੀ ਜਾਰੀ ਰੱਖੇਗਾ। ਚੌਟਾਲਾ ਨੇ ਕਿਹਾ ਕਿ ਉਹ ਪੁਲਵਾਮਾ 'ਚ ਸ਼ਹੀਦ ਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹਨ, ਜਿਨ੍ਹਾਂ ਨੇ ਅੱਤਵਾਦੀਆਂ ਦੀਆਂ ਗੋਲੀਆਂ ਦਾ ਬਹਾਦੁਰੀ ਨਾਲ ਸਾਹਮਣਾ ਕੀਤਾ ਤੇ ਦੇਸ਼ ਦੀ ਸੁਰੱਿਖਆ ਤੇ ਏਕਤਾ ਨੂੰ ਬਣਾਈ ਰੱਖਣ ਲਈ ਹੱਸਦੇ-ਹੱਸਦੇ ਆਪਣੀ ਕੁਰਬਾਨੀ ਦੇ ਦਿੱਤੀ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਅੱਜ ਹੋਰ ਮਜ਼ਬੂਤ ਬਣਾਉਣ ਦੀ ਲੋੜ ਹੈ। ਦੇਸ਼ ਮਜ਼ਬੂਤ ਹੋਵੇਗਾ ਤਾਂ ਅਸੀਂ ਸਾਰੇ ਸੁਰੱਖਿਅਤ ਰਹਾਂਗੇ। ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਸ਼ਹੀਦ ਪਰਿਵਾਰ ਫੰਡ ਪ੍ਰੋਗਰਾਮ 'ਚ ਹਿੱਸਾ ਲੈਣ ਨੂੰ ਉਹ ਇਕ ਪੁੰਨ ਦਾ ਕੰਮ ਸਮਝਦੇ ਹਨ।