ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਦਾ ਦਿਹਾਂਤ, ਮੁੱਖ ਮੰਤਰੀ ਵੱਲੋਂ ਦੁੱਖ ਦਾ ਪ੍ਰਗਟਾਵਾ
Friday, Sep 10, 2021 - 11:47 AM (IST)
ਲੁਧਿਆਣਾ (ਨਰਿੰਦਰ) : ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਦਾ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ ਹੈ। ਉਹ ਕਈ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਜਿਵੇਂ ਹੀ ਹਸਪਤਾਲ ਤੋਂ ਬਾਹਰ ਪਹੁੰਚੀ ਤਾਂ ਲੋਕਾਂ ਦੀ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ। ਉਨ੍ਹਾਂ ਦੇ ਦਿਹਾਂਤ ਨਾਲ ਪੰਜਾਬ ਅਤੇ ਦੇਸ਼ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਦਾ ਚੇਨੱਈ (ਮਦਰਾਸ) ਦੇ ਇਕ ਵੱਡੇ ਹਸਪਤਾਲ 'ਚ ਇਕ ਮਹੀਨੇ ਤੱਕ ਇਲਾਜ ਚੱਲਿਆ।
ਅਜੇ ਕੁੱਝ ਦਿਨ ਪਹਿਲਾਂ ਹੀ ਉਹ ਲੁਧਿਆਣਾ ਵਾਪਸ ਆਏ ਸਨ ਪਰ ਬੀਮਾਰੀ ਕਾਰਨ ਉਨ੍ਹਾਂ ਦੀ ਤਕਲੀਫ਼ ਵੱਧਦੀ ਗਈ। ਡਾਇਲਸਿਸ ਕਾਰਨ ਉਨ੍ਹਾਂ ਨੂੰ ਲੁਧਿਆਣਾ ਦੇ ਸੀ. ਐਮ. ਸੀ. ਹਸਪਤਾਲ ਦੇ ਆਈ. ਸੀ. ਯੂ. 'ਚ ਦਾਖ਼ਲ ਕੀਤਾ ਗਿਆ ਸੀ। ਅੱਜ 12.10 'ਤੇ ਉਨ੍ਹਾਂ ਨੇ ਆਖ਼ਰੀ ਸਾਹ ਲਏ। ਇਸ ਦੀ ਜਾਣਕਾਰੀ ਸ਼ਾਹੀ ਇਮਾਮ ਦੇ ਭਰਾ ਅਤੀਕ ਉਰ ਰਹਿਮਾਨ ਨੇ ਫੋਨ ਕਰਕੇ ਦਿੱਤੀ। ਉਹ ਆਪਣੇ ਪਿੱਛੇ ਪਤਨੀ, ਇਕ ਪੁੱਤਰੀ ਅਤੇ 2 ਪੁੱਤਰ ਛੱਡ ਗਏ ਹਨ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਲਈ 'ਨਵਜੋਤ ਸਿੱਧੂ' ਦਾ ਨਵਾਂ ਫਾਰਮੂਲਾ, ਇਨ੍ਹਾਂ ਕਾਂਗਰਸੀ ਆਗੂਆਂ ਨੂੰ ਨਹੀਂ ਮਿਲੇਗੀ ਟਿਕਟ
ਮੁੱਖ ਮੰਤਰੀ ਵੱਲੋਂ ਦੁੱਖ ਦਾ ਪ੍ਰਗਟਾਵਾ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਸ਼ਾਹੀ ਇਮਾਮ ਹਜ਼ਰਤ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹੀ ਇਮਾਮ ਹਜ਼ਰਤ ਮੌਲਾਨਾ ਹਬੀਬ ਉਰ ਰਹਿਮਾਨ ਨੂੰ ਇਕ ਅਧਿਆਤਮਿਕ ਸ਼ਖਸੀਅਤ ਦੱਸਿਆ, ਜਿਨ੍ਹਾਂ ਨੇ ਹਮੇਸ਼ਾ ਹੀ ਲੋਕਾਂ ਦਰਮਿਆਨ ਪਿਆਰ, ਸ਼ਾਂਤੀ ਅਤੇ ਭਾਈਚਾਰੇ ਦੇ ਸੁਨੇਹੇ ਦਾ ਪ੍ਰਚਾਰ ਕੀਤਾ।
ਇਹ ਵੀ ਪੜ੍ਹੋ : ਚਿੱਟੇ ਦਾ ਟੀਕਾ ਭਰ ਕੇ ਲਾਉਂਦਾ ਨੌਜਵਾਨ ਰੰਗੇ ਹੱਥੀਂ ਕਾਬੂ, ਤਰਲੇ-ਮਿੰਨਤਾਂ ਕਰਕੇ ਛੁਡਾਇਆ ਖਹਿੜਾ
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ਼ਾਹੀ ਇਮਾਮ ਵੱਲੋਂ ਲੋਕਾਈ ਦਰਮਿਆਨ ਭਾਈਚਾਰੇ ਅਤੇ ਅਮਨ-ਸ਼ਾਂਤੀ ਦੀਆਂ ਤੰਦਾਂ ਮਜ਼ਬੂਤ ਕਰਨ ਲਈ ਪਾਇਆ ਗਿਆ ਯੋਗਦਾਨ ਸੂਬੇ ਭਰ ਵਿੱਚ ਸਭਨਾਂ ਵੱਲੋਂ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਧਾਰਮਿਕ ਹਲਕਿਆਂ ਖ਼ਾਸ ਕਰਕੇ ਮੁਸਲਿਮ ਭਾਈਚਾਰੇ ਵਿੱਚ ਇਕ ਵੱਡਾ ਖਲਾਅ ਪੈਦਾ ਹੋ ਗਿਆ ਹੈ, ਜਿਸ ਨੂੰ ਭਰਨਾ ਮੁਸ਼ਕਿਲ ਹੈ। ਆਪਣੇ ਸ਼ੋਕ ਸੁਨੇਹੇ ਵਿੱਚ ਮੁੱਖ ਮੰਤਰੀ ਨੇ ਦੁਖੀ ਪਰਿਵਾਰ, ਰਿਸ਼ਤੇਦਾਰਾਂ ਤੇ ਸਨੇਹੀਆਂ ਨਾਲ ਦੁੱਖ ਸਾਂਝਾ ਕਰਦਿਆਂ ਪਰਮਾਤਮਾ ਅੱਗੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।