ਪੰਜਾਬ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਸਾਂਭਣ ਲਈ ਯਤਨਸ਼ੀਲ : ਸ਼ਾਮ ਸੁੰਦਰ ਅਰੋੜਾ

07/28/2019 1:51:14 PM

ਹੁਸ਼ਿਆਰਪੁਰ (ਘੁੰਮਣ)— 'ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਸਾਂਭਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਸੁਧਾਰਿਆ ਜਾ ਸਕੇ।' ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ਼ਾਮ ਸੁੰਦਰ ਅਰੋੜਾ ਨੇ ਇਥੇ ਕੀਤਾ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਹੁਸ਼ਿਆਰਪੁਰ ਦੇ ਸਰਕਾਰੀ ਸਕੂਲਾਂ 'ਚ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਲਾਏ ਜਾ ਰਹੇ ਹਨ। ਇਸ ਸਿਸਟਮ ਨਾਲ ਬਾਰਿਸ਼ਾਂ ਦੇ ਪਾਣੀ ਦੇ ਨਾਲ-ਨਾਲ ਵੇਸਟ ਹੋ ਰਹੇ ਪੀਣ ਵਾਲੇ ਪਾਣੀ ਨੂੰ ਵੀ ਸਾਂਭਿਆ ਜਾਵੇਗਾ।
ਅਰੋੜਾ ਨੇ ਪਾਣੀ ਦੀ ਸੰਭਾਲ ਲਈ ਇਕ ਨਿਵੇਕਲੀ ਪਹਿਲ ਕਰਦਿਆਂ 30 ਸਰਕਾਰੀ ਸਕੂਲਾਂ ਨੂੰ ਅਡਾਪਟ ਕੀਤਾ ਹੈ, ਜਿੱਥੇ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਲਾਏ ਜਾਣਗੇ। ਉਨ੍ਹਾਂ ਬੀਤੇ ਦਿਨ ਜ਼ਿਲਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਸਕੂਲਾਂ ਵਿਚ ਸਿਸਟਮ ਲਗਾਉਣ ਤੋਂ ਇਲਾਵਾ ਹੋਰ ਵੱਖ-ਵੱਖ ਕਾਰਜਾਂ ਲਈ 98 ਲੱਖ ਰੁਪਏ ਦਾ ਚੈੱਕ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੂੰ ਸੌਂਪਿਆ। ਉਦਯੋਗ ਅਤੇ ਵਣਜ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 98 ਲੱਖ ਰੁਪਏ ਦੀ ਰਾਸ਼ੀ ਨਾਲ ਵੱਖ-ਵੱਖ ਕਾਰਜ ਨੇਪਰੇ ਚਾੜ੍ਹੇ ਜਾਣਗੇ। ਪਾਣੀ ਦੀ ਸੰਭਾਲ ਲਈ 30 ਸਰਕਾਰੀ ਸਕੂਲ ਅਡਾਪਟ ਕੀਤੇ ਗਏ ਹਨ ਅਤੇ ਜਿਨ੍ਹਾਂ 'ਚ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਲਾਏ ਜਾ ਰਹੇ ਹਨ। ਕਿਲਾ ਬਾਰੂਨ ਅਤੇ ਪਿੱਪਲਾਂਵਾਲਾ ਦੇ ਦੋ ਸਕੂਲਾਂ ਸਮੇਤ ਕੁੱਲ ਤਿੰਨ ਸਰਕਾਰੀ ਸਕੂਲਾਂ 'ਚ ਸ਼ੁਰੂ ਕੀਤੇ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਦੀ ਸਫਲਤਾ ਤੋਂ ਬਾਅਦ ਹੁਣ 30 ਹੋਰ ਸਕੂਲਾਂ 'ਚ ਇਸ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।

ਅਰੋੜਾ ਨੇ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ 'ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਮੌਜੂਦਾ ਸਮੇਂ ਅਜਿਹੇ ਉਪਰਾਲਿਆਂ ਦੀ ਸਖਤ ਲੋੜ ਹੈ। ਉਨ੍ਹਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਸਾਂਭ-ਸੰਭਾਲ ਲਈ ਹਰੇਕ ਵਿਅਕਤੀ ਅੱਗੇ ਆਵੇ ਕਿਉਂਕਿ ਕੁਦਰਤ ਦੇ ਇਸ ਅਨਮੋਲ ਖਜ਼ਾਨੇ ਦੀ ਸੰਭਾਲ ਲਈ ਸਭ ਦੀ ਹਿੱਸੇਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ 15 ਸਰਕਾਰੀ ਸਕੂਲਾਂ 'ਚ ਨਵੇਂ ਟਾਇਲਟ ਵੀ ਬਣਾਏ ਜਾ ਰਹੇ ਹਨ। ਰੇਨ ਵਾਟਰ ਹਾਰਵੈਸਟਿੰਗ ਸਿਸਟਮ ਅਤੇ ਨਵੇਂ ਟਾਇਲਟ ਬਣਾਉਣ 'ਤੇ 45 ਸਕੂਲਾਂ ਲਈ 75 ਲੱਖ ਰੁਪਏ ਖਰਚੇ ਜਾ ਰਹੇ ਹਨ। ਇਕ ਰੇਨ ਵਾਟਰ ਹਾਰਵੈਸਟਿੰਗ ਸਿਸਟਮ 'ਤੇ 2 ਲੱਖ ਰੁਪਏ ਦਾ ਖਰਚਾ ਆਵੇਗਾ। ਹੁਸ਼ਿਆਰਪੁਰ ਅਜਿਹਾ ਵਿਧਾਨ ਸਭਾ ਹਲਕਾ ਹੈ, ਜਿੱਥੇ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਸਮਾਰਟ ਕਲਾਸ ਰੂਮਸ ਅਤੇ ਪੀਣ ਵਾਲੇ ਸ਼ੁੱਧ ਪਾਣੀ ਲਈ ਆਰ. ਓਜ਼ ਲਾਏ ਜਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ 7 ਲੱਖ ਰੁਪਏ ਦੀ ਲਾਗਤ ਨਾਲ ਸਿਹਤ ਵਿਭਾਗ ਨੂੰ 15 ਫੌਗਿੰਗ ਮਸ਼ੀਨਾਂ ਵੀ ਦਿੱਤੀਆਂ ਜਾ ਰਹੀਆਂ ਹਨ, ਤਾਂ ਜੋ ਡੇਂਗੂ ਨੂੰ ਪੈਦਾ ਹੋਣ ਤੋਂ ਪਹਿਲਾਂ ਹੀ ਰੋਕਿਆ ਜਾ ਸਕੇ। ਹੁਸ਼ਿਆਰਪੁਰ ਦੇ 50 ਵਾਰਡਾਂ ਵਿਚ ਇਹ ਫੌਗਿੰਗ ਮਸ਼ੀਨਾਂ ਚੱਲਣਗੀਆਂ ਅਤੇ ਇਕ ਮਸ਼ੀਨ ਤਿੰਨ ਵਾਰਡ ਕਵਰ ਕਰੇਗੀ। 16 ਲੱਖ ਰੁਪਏ ਦੀ ਲਾਗਤ ਨਾਲ ਸਿਹਤ ਵਿਭਾਗ ਨੂੰ ਇਕ ਏ. ਸੀ. ਬੱਸ ਦਿੱਤੀ ਜਾ ਰਹੀ ਹੈ, ਜੋ ਮੋਰਚਰੀ ਵੈਨ ਨਾਲ ਚੱਲੇਗੀ, ਤਾਂ ਜੋ ਮ੍ਰਿਤਕ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੂੰ ਆਉਣ-ਜਾਣ ਵਿਚ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ 1 ਅਗਸਤ ਤੋਂ ਸ਼ੁਰੂ ਹੋਣ ਵਾਲੇ ਮਾਤਾ ਚਿੰਤਪੂਰਨੀ ਦੇ ਮੇਲੇ ਦੌਰਾਨ ਸੰਗਤਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਸੰਗਤਾਂ ਦੀ ਸਹੂਲਤ ਲਈ 25 ਬਿਸਤਰਿਆਂ ਦੀ ਸਮਰੱਥਾ ਵਾਲੇ 10 ਵਾਟਰ ਪਰੂਫ ਸ਼ੈੱਡ ਬਣਾਏ ਜਾ ਰਹੇ ਹਨ, ਜਿੱਥੇ ਸੰਗਤਾਂ ਆਰਾਮ ਕਰ ਸਕਦੀਆਂ ਹਨ ਅਤੇ ਇਥੇ ਲਗਾਤਾਰ ਪੀਣ ਵਾਲੇ ਪਾਣੀ ਤੇ ਚਾਹ ਦਾ ਪ੍ਰਬੰਧ ਕੀਤਾ ਜਾਵੇਗਾ।

ਈਸ਼ਾ ਕਾਲੀਆ ਨੇ ਕਿਹਾ ਕਿ ਜਲਦ 30 ਸਕੂਲਾਂ 'ਚ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਲੁਆ ਦਿੱਤੇ ਜਾਣਗੇ, ਜਦਕਿ ਫੌਗਿੰਗ ਮਸ਼ੀਨਾਂ ਵੀ ਜਲਦ ਕੰਮ ਕਰਨਾ ਸ਼ੁਰੂ ਕਰ ਦੇਣਗੀਆਂ। ਉਨ੍ਹਾਂ ਕਿਹਾ ਕਿ ਪਾਣੀ ਦੀ ਦੁਰਵਰਤੋਂ ਬਿਲਕੁਲ ਨਾ ਕੀਤੀ ਜਾਵੇ, ਸਗੋਂ ਪਾਣੀ ਦੀ ਸੰਭਾਲ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਈਸ਼ਾ ਕਾਲੀਆ ਨੇ ਕਿਹਾ ਕਿ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਰੇਨ ਵਾਟਰ ਹਾਰਵੇਸਟਿੰਗ ਸਿਸਟਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਤਾਂ ਜੋ ਬਾਰਿਸ਼ਾਂ ਦੇ ਪਾਣੀ ਨੂੰ ਸਹੀ ਰੂਪ ਵਿਚ ਧਰਤੀ ਹੇਠਾਂ ਭੇਜਿਆ ਜਾ ਸਕੇ। ਇਸ ਮੌਕੇ ਜ਼ਿਲਾ ਸਿੱਖਿਆ ਅਫਸਰ (ਸ) ਬਲਬੀਰ ਸਿੰਘ, ਜ਼ਿਲਾ ਸਿੱਖਿਆ ਅਫਸਰ (ਅ) ਸੰਜੀਵ ਗੌਤਮ, ਸ਼ਹਿਰੀ ਕਾਂਗਰਸ ਪ੍ਰਧਾਨ ਐਡਵੋਕੇਟ ਰਾਕੇਸ਼ ਮਰਵਾਹਾ, ਦਿਹਾਤੀ ਕਾਂਗਰਸ ਪ੍ਰਧਾਨ ਕੈਪਟਨ ਕਰਮ ਚੰਦ, ਸ਼ਾਦੀ ਲਾਲ, ਮਨਮੋਹਨ ਸਿੰਘ ਕਪੂਰ ਅਤੇ ਅਨਿਲ ਕੁਮਾਰ ਸੋਨੂੰ ਤੋਂ ਇਲਾਵਾ ਹੋਰ ਵੀ ਸ਼ਖਸੀਅਤਾਂ ਹਾਜ਼ਰ ਸਨ।

shivani attri

This news is Content Editor shivani attri