ਸੰਗਰੂਰ ਜ਼ਿਮਨੀ ਚੋਣ ’ਚ ਸ਼੍ਰੋਮਣੀ ਅਕਾਲੀ ਦਲ ਦੀ ਸ਼ਰਮਨਾਕ ਹਾਰ, ਜਾਣੋ ਕੀ ਰਹੇ ਵੱਡੇ ਕਾਰਨ

Sunday, Jun 26, 2022 - 05:21 PM (IST)

ਸੰਗਰੂਰ ਜ਼ਿਮਨੀ ਚੋਣ ’ਚ ਸ਼੍ਰੋਮਣੀ ਅਕਾਲੀ ਦਲ ਦੀ ਸ਼ਰਮਨਾਕ ਹਾਰ, ਜਾਣੋ ਕੀ ਰਹੇ ਵੱਡੇ ਕਾਰਨ

ਜਲੰਧਰ (ਵੈੱਬ ਡੈਸਕ) : ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਜਿੱਤ ਲਈ ਹੈ। ਮਾਨ ਨੇ 5822 ਵੋਟਾਂ ਦੇ ਫਰਕ ਨਾਲ ‘ਆਪ’ ਉਮੀਦਵਾਰ ਗੁਰਮੇਲ ਘਰਾਚੋਂ ਨੂੰ ਹਰਾਇਆ। 100 ਸਾਲ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਸੰਗਰੂਰ ਜ਼ਿਮਨੀ ਚੋਣ ’ਚ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਤੇ ਉਹ ਪੰਜਵੇਂ ਨੰਬਰ ’ਤੇ ਰਹੀ । ਇਸ ਦੇ ਉਮੀਦਵਾਰ ਕਮਲਦੀਪ ਕੌਰ ਦੀ ਜ਼ਮਾਨਤ ਜ਼ਬਤ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੀ ਇਸ ਸ਼ਰਮਨਾਕ ਹਾਰ ਪਿੱਛੇ ਕਈ ਕਾਰਨ ਹਨ।

ਇਹ ਵੀ ਪੜ੍ਹੋ : ਲੋਕਾਂ ਨੇ ‘ਆਪ’ ਦੇ ਦਿਮਾਗ ਨੂੰ ਚੜ੍ਹਿਆ ਬੁਖਾਰ ਲਾਹ ਦਿੱਤਾ : ਰਾਜੇਵਾਲ

ਬੇਅਦਬੀ ਮਾਮਲੇ ਅਕਾਲੀ ਦਲ ਲਈ ਬਣੇ ਵੱਡੀ ਚੁਣੌਤੀ
ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ 2015 ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਮਾਮਲੇ ਅਕਾਲੀ ਦਲ ਦਾ ਪਿੱਛਾ ਨਹੀਂ ਛੱਡ ਰਹੇ ਤੇ ਇਸ ਲਈ ਅਜੇ ਤਕ ਵੀ ਵੱਡੀ ਚੁਣੌਤੀ ਬਣੇ ਹੋਏ ਹਨ। 2017 ਵਿਧਾਨ ਸਭਾ ਚੋਣਾਂ ਦੌਰਾਨ ਸਾਰੀਆਂ ਸਿਆਸੀ ਪਾਰਟੀਆਂ ਨੇ ਬੇਅਦਬੀ ਮਾਮਲਿਆਂ ਨੂੰ ਲੈ ਕੇ ਅਕਾਲੀ ਦਲ ਨੂੰ ਘੇਰਿਆ । ਬੇਅਦਬੀ ਮਾਮਲਿਆਂ ਕਾਰਨ ਹੀ ਇਸ ਨੂੰ 2017 ਦੀਆਂ ਵਿਧਾਨ ਸਭਾ ਚੋਣਾਂ ’ਚ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਅਕਾਲੀ ਦਲ ਨੂੰ ਇਨ੍ਹਾਂ ਚੋਣਾਂ ’ਚ 15 ਸੀਟਾਂ ਤੇ ਭਾਜਪਾ ਨੂੰ ਤਿੰਨ ਸੀਟਾਂ ਮਿਲੀਆਂ ਸਨ।

ਨਸ਼ਿਆਂ ਦਾ ਮੁੱਦਾ ਨਹੀਂ ਛੱਡ ਰਿਹਾ ਅਕਾਲੀ ਦਲ ਦਾ ਪਿੱਛਾ
ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਨਸ਼ਿਆਂ ਦਾ ਮੁੱਦਾ ਵੀ ਛਾਇਆ ਰਿਹਾ ਤੇ ਵਿਰੋਧੀ ਪਾਰਟੀਆਂ ਵੀ ਸਮੇਂ-ਸਮੇਂ ’ਤੇ ਇਸ ਸਰਕਾਰ ’ਤੇ ਨਸ਼ਿਆਂ ਦੇ ਸੌਦਾਗਰਾਂ ’ਤੇ ਕਾਰਵਾਈ ਨਾ ਕਰਨ ਦੇ ਇਲਜ਼ਾਮ ਲਾਉਂਦੀਆਂ ਰਹੀਆਂ। ਨਸ਼ੇ ਫੈਲਾਉਣ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਨੇ ਵੀ ਬਿਕਰਮ ਮਜੀਠੀਆ ’ਤੇ ਇਲਜ਼ਾਮ ਲਾਏ ਸਨ ਪਰ ਬਾਅਦ ’ਚ ਮਾਣਹਾਨੀ ਦਾ ਮੁਕੱਦਮਾ ਕਰਨ ਤੋਂ ਬਾਅਦ ਕੇਜਰੀਵਾਲ ਨੂੰ ਮਜੀਠੀਆ ਤੋਂ ਮੁਆਫ਼ੀ ਮੰਗਣੀ ਪਈ ਸੀ।

ਇਹ ਵੀ ਪੜ੍ਹੋ : ਸੰਗਰੂਰ ਲੋਕ ਸਭਾ ਸੀਟ ’ਤੇ ਜਿੱਤ ਦੀ ਹੈਟ੍ਰਿਕ ਨਹੀਂ ਲਗਾ ਸਕੀ ‘ਆਪ’, ਸਿਮਰਨਜੀਤ ਮਾਨ ਨੇ ਜਿੱਤਿਆ ‘ਕਿਲ੍ਹਾ’

ਬਿਕਰਮ ਮਜੀਠੀਆ ਦਾ ਜੇਲ੍ਹ ਜਾਣਾ
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਸਰਕਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ’ਤੇ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 25/27ਏ/29 ਦੇ ਤਹਿਤ ਦਰਜ ਕੀਤਾ ਗਿਆ। ਡਰੱਗਜ਼ ਦੇ ਮਾਮਲੇ ’ਚ ਪਰਚਾ ਦਰਜ ਹੋਇਆ। ਇਸ ਦੌਰਾਨ ਉਨ੍ਹਾਂ ਵਿਧਾਨ ਸਭਾ ਚੋਣ ਲੜੀ ਪਰ ਹਾਰ ਗਏ ਸਨ । ਇਸ ਸਮੇਂ ਮਜੀਠੀਆ ਪਟਿਆਲਾ ਜੇਲ੍ਹ ’ਚ ਬੰਦ ਹਨ। ਇਸ ਨਾਲ ਵੀ ਵੋਟਰਾਂ ’ਚ ਗ਼ਲਤ ਪ੍ਰਭਾਵ ਗਿਆ ਤੇ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਤੋਂ ਕਿਨਾਰਾ ਕੀਤਾ। 

ਵਿਧਾਨ ਸਭਾ ਚੋਣਾਂ ਦੀ ਹਾਰ ਤੋਂ ਉੱਭਰ ਨਹੀਂ ਸਕਿਆ ਅਕਾਲੀ ਦਲ
ਫਰਵਰੀ 2022 ’ਚ ਹੋਈਆਂ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਬਹੁਤ ਹੀ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਨ੍ਹਾਂ ਚੋਣਾਂ ’ਚ ਇਸ ਦੇ 3 ਉਮੀਦਵਾਰ ਹੀ ਵਿਧਾਨ ਸਭਾ ’ਚ ਪਹੁੰਚ ਸਕੇ ਸਨ। ਅਕਾਲੀ ਦਲ ਦੀ ਕਰਾਰੀ ਹਾਰ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਇਨ੍ਹਾਂ ਚੋਣਾਂ ’ਚ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਨੂੰ ਵੀ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦਾ ਵੋਟ ਬੈਂਕ ਬਹੁਤ ਘਟ ਗਿਆ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : IAS ਅਧਿਕਾਰੀ ਸੰਜੇ ਪੋਪਲੀ ਦਾ ਇਲਜ਼ਾਮ, ਮੇਰੇ ਪੁੱਤਰ ਨੂੰ ਮੇਰੀਆਂ ਅੱਖਾਂ ਸਾਹਮਣੇ ਮਾਰਿਆ

ਸ਼੍ਰੋਮਣੀ ਅਕਾਲੀ ਦਲ ਸੁਖਬੀਰ ਬਾਦਲ ਦੀ ਪ੍ਰਧਾਨਗੀ ’ਤੇ ਵੀ ਉੱਠੇ ਸਵਾਲ 
2022 ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦੀ ਕਰਾਰੀ ਹਾਰ ਹੋਈ ਸੀ। ਸ਼੍ਰੋਮਣੀ ਅਕਾਲੀ ਦੇ 100 ਸਾਲ ਦੇ ਇਤਿਹਾਸ ’ਚ ਇਸ ਦੇ ਸਿਰਫ ਤਿੰਨ ਵਿਧਾਇਕ ਹੀ ਵਿਧਾਇਕ ਸਭਾ ਦੀਆਂ ਪੌੜੀਆਂ ਚੜ੍ਹੇ। ਇਸ ਸ਼ਰਮਨਾਕ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਰ ਕਮੇਟੀ ਬਣਾਈ ਗਈ, ਜਿਸ ਨੇ ਜ਼ਮੀਨੀ ਪੱਧਰ ’ਤੇ ਜਾ ਕੇ ਲੋਕਾਂ ਦੀ ਰਾਇ ਲਈ ਗਈ । ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਨੂੰ ਲੈ ਕੇ ਸਵਾਲ ਉੱਠੇ ਸਨ ਕਿ ਉਨ੍ਹਾਂ ਨੂੰ ਇਸ ਹਾਰ ਦੀ ਜ਼ਿੰਮੇਵਾਰੀ ਸਮਝਦਿਆਂ ਆਪਣੀ ਪ੍ਰਧਾਨਗੀ ਤੋਂ ਲਾਂਭੇ ਹੋ ਜਾਣਾ ਚਾਹੀਦਾ ਹੈ। ਕਈ ਟਕਸਾਲੀ ਆਗੂਆਂ ਨੇ ਕਿਹਾ ਸੀ ਕਿ ਪ੍ਰਕਾਸ਼ ਸਿੰਘ ਬਾਦਲ ਨੇ ਪਾਰਟੀ ਦੀ ਵਾਗਡੋਰ ਸੁਖਬੀਰ ਬਾਦਲ ਨੂੰ ਸੰਭਾਲ ਦਿੱਤੀ, ਜਿਸ ਤੋਂ ਬਾਅਦ ਅਕਾਲੀ ਦਲ ਦਿਨੋ-ਦਿਨ ਨਿਘਾਰ ਵੱਲ ਜਾਂਦਾ ਰਿਹਾ।  

ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੋਟਰਾਂ ਨੂੰ ਨਹੀਂ ਕਰ ਸਕਿਆ ਪ੍ਰਭਾਵਿਤ
ਅਕਾਲੀ ਦਲ ਵੱਲੋਂ ਸੰਗਰੂਰ ਜ਼ਿਮਨੀ ਚੋਣ ’ਚ ਬੰਦੀ ਸਿੰਘ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੂੰ ਉਮੀਦਵਾਰ ਬਣਾਇਆ ਗਿਆ ਸੀ, ਇਸ ਦੇ ਬਾਵਜੂਦ ਅਕਾਲੀ ਦਲ ਵੋਟਰਾਂ ’ਚ ਕੋਈ ਖ਼ਾਸ ਪ੍ਰਭਾਵ ਪਾਉਣ ’ਚ ਕਾਮਯਾਬ ਨਹੀਂ ਹੋ ਸਕਿਆ। ਕਮਲਦੀਪ ਕੌਰ ਨੂੰ ਸੰਗਰੂਰ ਜ਼ਿਮਨੀ ਚੋਣ ’ਚ 44428 ਵੋਟਾਂ ਮਿਲੀਆਂ ਤੇ ਉਹ ਪੰਜਵੇਂ ਨੰਬਰ ’ਤੇ ਰਹੀ। ਉਨ੍ਹਾਂ ਦੀ ਜ਼ਮਾਨਤ ਜ਼ਬਤ ਹੋ ਗਈ। ਇਸ ਤਰ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਵੋਟਰਾਂ ਨੂੰ ਪ੍ਰਭਾਵਿਤ ਨਹੀਂ ਕਰ ਸਕਿਆ। ਇਸ ’ਤੇ ਤੰਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਜੇ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਸੰਸਦ ਮੈਂਬਰ ਹੁੰਦੇ ਕਿਸੇ ਬੰਦੀ ਸਿੰਘ ਨੂੰ ਨਹੀਂ ਛੁਡਾ ਸਕੇ ਤਾਂ ਕਮਲਦੀਪ ਕੌਰ ਦੇ ਜਿੱਤਣ ਨਾਲ ਕਿਸ ਤਰ੍ਹਾਂ ਬੰਦੀ ਸਿੰਘਾਂ ਨੂੰ ਰਿਹਾਅ ਕਰਵਾ ਲੈਣਗੇ। ਦੱਸ ਦੇਈਏ ਕਿ ਕਮਲਦੀਪ ਕੌਰ ਪਹਿਲਾਂ ਇਸ ਤੋਂ ਪਹਿਲਾਂ ਵੀ ਆਜ਼ਾਦ ਤੌਰ ’ਤੇ ਚੋਣ ਲੜ ਚੁੱਕੇ ਹਨ। ਸੰਗਰੂਰ ਜ਼ਿਮਨੀ ਲਈ ਉਮੀਦਵਾਰ ਐਲਾਨਣ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਸਿਮਰਨਜੀਤ ਸਿੰਘ ਮਾਨ ਨੂੰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਥਕ ਧਿਰਾਂ ਵੱਲੋਂ ਐਲਾਨੇ ਉਮੀਦਵਾਰ ਕਮਲਦੀਪ ਕੌਰ ਨੂੰ ਸਮਰਥਨ ਦੇਣ ਲਈ ਕਿਹਾ ਸੀ।       

ਭਾਜਪਾ ਨਾਲੋਂ ਵੱਖ ਹੋਣ ਨਾਲ ਅਕਾਲੀ ਦਲ ਨੂੰ ਲੱਗਾ ਵੱਡਾ ਖੋਰਾ
ਭਾਜਪਾ ਨਾਲੋਂ ਇਸ ਦਾ ਗੱਠਜੋੜ ਟੁੱਟਣ ਨਾਲ ਵੀ ਸ਼੍ਰੋਮਣੀ ਅਕਾਲੀ ਦਲ ਕਿਤੇ ਨਾ ਕਿਤੇ ਵੱਡਾ ਖੋਰਾ ਲੱਗ ਰਿਹਾ ਹੈ। ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲੋਂ ਗੱਠਜੋੜ ਤੋੜ ਲਿਆ ਸੀ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਬਸਪਾ ਨਾਲ ਮਿਲ ਕੇ ਲੜੀਆਂ। ਇਨ੍ਹਾਂ ਚੋਣਾਂ ’ਚ ਇਸ ਗੱਠਜੋੜ ਨੂੰ ਚਾਰ ਸੀਟਾਂ ਮਿਲੀਆਂ ਸਨ। ਸੰਗਰੂਰ ਜ਼ਿਮਨੀ ਚੋਣ ’ਚ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ 66,298 ਵੋਟਾਂ ਮਿਲੀਆਂ ਹਨ, ਜਦਕਿ ਅਕਾਲੀ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਨੂੰ 44,428 ਵੋਟਾਂ ਮਿਲੀਆਂ।   

ਟਕਸਾਲੀ ਅਕਾਲੀ ਆਗੂ ਸੁਖਦੇਵ ਢੀਂਡਸਾ ਦਾ ਅਕਾਲੀ ਦਲ ਨਾਲੋਂ ਵੱਖ ਹੋਣਾ
ਸੁਖਦੇਵ ਸਿੰਘ ਢੀਂਡਸਾ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਅਲਵਿਦਾ ਕਹਿ ਨਵੀਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਬਣਾ ਲਈ। 2022 ਵਿਧਾਨ ਸਭਾ ਚੋਣਾਂ ਢੀਂਡਸਾ ਨੇ ਭਾਜਪਾ ਨਾਲ ਮਿਲ ਕੇ ਲੜੀਆਂ ਸਨ। ਇਸ ਤਰ੍ਹਾਂ ਸਮੇਂ-ਸਮੇਂ ’ਤੇ ਟਕਸਾਲੀ ਅਕਾਲੀ ਆਗੂਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੋਂ ਕਿਨਾਰਾ ਕਰਨ ਨਾਲ ਪਾਰਟੀ ਦਾ ਗਰਾਫ ਹੌਲੀ-ਹੌਲੀ ਡਿੱਗਦਾ ਗਿਆ। ਇਸ ਸੰਗਰੂਰ ਜ਼ਿਮਨੀ ਚੋਣ ’ਚ ਇਸ ਦੀ ਉਮੀਦਵਾਰ ਕਮਲਦੀਪ ਕੌਰ ਪੰਜਵੇਂ ਨੰਬਰ ’ਤੇ ਰਹੀ।


author

Manoj

Content Editor

Related News