ਅਕਾਲੀ ਦਲ 'ਚ ਅਹਿਮ ਅਹੁਦਾ ਮਿਲਣ ਤੋਂ ਬਾਅਦ ਸ਼ਰਨਜੀਤ ਢਿੱਲੋਂ ਦਾ ਪਹਿਲਾ ਬਿਆਨ

Friday, Jan 03, 2020 - 06:04 PM (IST)

ਅਕਾਲੀ ਦਲ 'ਚ ਅਹਿਮ ਅਹੁਦਾ ਮਿਲਣ ਤੋਂ ਬਾਅਦ ਸ਼ਰਨਜੀਤ ਢਿੱਲੋਂ ਦਾ ਪਹਿਲਾ ਬਿਆਨ

ਮਾਛੀਵਾੜਾ ਸਾਹਿਬ (ਟੱਕਰ): ਵਿਧਾਨ ਸਭਾ 'ਚ ਅਕਾਲੀ ਦਲ ਦੇ ਵਿਧਾਇਕ ਦਲ ਨੇਤਾ ਵਜੋਂ ਚੁਣੇ ਜਾਣ 'ਤੇ ਹਲਕਾ ਸਾਹਨੇਵਾਲ ਤੋਂ ਵਿਧਾਇਕ ਤੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਇਕ ਨਿਮਾਣੇ ਵਰਕਰ ਨੂੰ ਮਾਣ ਬਖ਼ਸ਼ਦਿਆਂ ਇਹ ਅਹੁਦਾ ਦਿੱਤਾ ਹੈ ਜਿਸ ਲਈ ਉਹ ਪਾਰਟੀ ਦੇ ਰਿਣੀ ਹਨ ਅਤੇ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਲੋਂ ਇਹ ਅਹੁਦਾ ਮਿਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਪਹਿਲਾਂ ਵੀ ਆਪਣੇ ਸਿਆਸੀ ਸਫਰ ਦੌਰਾਨ ਇਕ ਆਮ ਵਰਕਰ ਵਜੋਂ ਪਾਰਟੀ 'ਚ ਕੰਮ ਕਰਦੇ ਰਹੇ ਹਨ ਅਤੇ ਲੋਕਾਂ 'ਚ ਵਿਚਰਦੇ ਹਨ ਅਤੇ ਹੁਣ ਜੋ ਜ਼ਿੰਮੇਵਾਰੀ ਸੌਂਪੀ ਹੈ ਉਸ ਦੌਰਾਨ ਵੀ ਪਾਰਟੀ ਦੇ ਸਾਰੇ ਵਿਧਾਇਕਾਂ ਨੂੰ ਨਾਲ ਲੈ ਕੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਧੰਨਵਾਦੀ ਹਨ ਕਿ ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਅਹੁਦੇ ਕਾਬਲ ਸਮਝਿਆ ਅਤੇ ਉਹ ਵਿਸ਼ਵਾਸ ਦਿਵਾਉਂਦੇ ਹਨ ਕਿ ਉਹ ਪਾਰਟੀ ਦੀਆਂ ਆਸਾਂ 'ਤੇ ਖਰਾ ਉਤਰਨਗੇ। ਵਿਧਾਇਕ ਢਿੱਲੋਂ ਨੇ ਕਿਹਾ ਕਿ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ 'ਚ ਹਰੇਕ ਵਰਗ ਦੀਆਂ ਸਮੱਸਿਆਵਾਂ ਤੇ ਲੋਕ ਮਸਲਿਆਂ ਦੀ ਆਵਾਜ਼ ਬੁਲੰਦ ਕਰਦਾ ਰਿਹਾ ਹੈ ਅਤੇ ਹੁਣ ਵੀ ਪਾਰਟੀ ਦੇ ਵਿਧਾਇਕ ਦਲ ਨੇਤਾ ਵਜੋਂ ਕਾਂਗਰਸ ਸਰਕਾਰ ਦੀਆਂ ਮਾੜੀਆਂ ਕਾਰਗੁਜ਼ਾਰੀਆਂ ਉਜਾਗਰ ਕਰਦੇ ਰਹਿਣਗੇ।

ਦੱਸਣਯੋਗ ਹੈ ਕਿ ਪਰਮਿੰਦਰ ਢੀਂਡਸਾ ਦਾ ਅਸਤੀਫਾ ਮਨਜ਼ੂਰ ਹੋਣ ਤੋਂ ਬਾਅਦ ਅਕਾਲੀ ਦਲ ਨੇ ਸ਼ਰਨਜੀਤ ਸਿੰਘ ਢਿੱਲੋਂ ਨੂੰ ਵਿਧਾਨ ਸਭਾ 'ਚ ਵਿਧਾਇਕ ਦਲ ਦਾ ਲੀਡਰ ਥਾਪਿਆ ਹੈ। ਇਸ ਦਾ ਐਲਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਖੁਦ ਕੀਤਾ ਗਿਆ ਹੈ।


author

Shyna

Content Editor

Related News