ਮਾਲਾ-ਮਾਲ ਹੋਇਆ ਪੰਜਾਬ ਦਾ ਖਜ਼ਾਨਾ, ਆਮਦਨ ਵਿਚ ਚੌਖਾ ਵਾਧਾ

Friday, Sep 20, 2024 - 06:35 PM (IST)

ਮਾਲਾ-ਮਾਲ ਹੋਇਆ ਪੰਜਾਬ ਦਾ ਖਜ਼ਾਨਾ, ਆਮਦਨ ਵਿਚ ਚੌਖਾ ਵਾਧਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੂੰ ਜ਼ਮੀਨ ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅਗਸਤ 2024 ਦੌਰਾਨ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਅਗਸਤ 2023 ਨਾਲੋਂ 26 ਫੀਸਦੀ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਦੱਸਿਆ ਕਿ ਅਗਸਤ 2024 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 440.92 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਸਾਲ 2023 ਦੇ ਅਗਸਤ ਮਹੀਨੇ ਨਾਲੋਂ 26.24 ਫੀਸਦੀ ਜ਼ਿਆਦਾ ਹੈ। ਅਗਸਤ 2023 ਵਿਚ ਇਹ ਆਮਦਨ 349.26 ਕਰੋੜ ਰੁਪਏ ਸੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਜੁਲਾਈ 2024 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 463.08 ਕਰੋੜ ਰੁਪਏ ਦੀ ਆਮਦਨ ਹੋਈ ਸੀ ਜੋ ਕਿ ਸਾਲ 2023 ਦੇ ਜੁਲਾਈ ਮਹੀਨੇ ਨਾਲੋਂ 71 ਫੀਸਦੀ ਜ਼ਿਆਦਾ ਸੀ। ਜੁਲਾਈ 2023 ਵਿਚ ਇਹ ਆਮਦਨ 270.67 ਕਰੋੜ ਰੁਪਏ ਸੀ। ਜਿੰਪਾ ਨੇ ਦੱਸਿਆ ਕਿ ਰਜਿਸਟਰੀਆਂ ਤੋਂ ਅਪ੍ਰੈਲ ਤੋਂ ਜੁਲਾਈ 2024 ਤੱਕ ਪੰਜਾਬ ਦੇ ਖ਼ਜ਼ਾਨੇ ਵਿਚ ਕੁੱਲ 1854.12 ਕਰੋੜ ਰੁਪਏ ਆ ਚੁੱਕੇ ਹਨ ਜਦਕਿ 2023 ਦੇ ਇਨ੍ਹਾਂ ਮਹੀਨਿਆਂ ਵਿਚ ਇਹ ਰਕਮ 1461.87 ਕਰੋੜ ਰੁਪਏ ਸੀ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ 'ਚ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਵਾਰਸਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ

ਉਨ੍ਹਾਂ ਅੱਗੇ ਦੱਸਿਆ ਕਿ ਜੂਨ 2024 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 452.96 ਕਰੋੜ ਰੁਪਏ ਦੀ ਆਮਦਨ ਹੋਈ ਸੀ ਜੋ ਕਿ ਸਾਲ 2023 ਦੇ ਜੂਨ ਮਹੀਨੇ ਨਾਲੋਂ 42 ਫੀਸਦੀ ਜ਼ਿਆਦਾ ਰਹੀ। ਜੂਨ 2024 ਵਿਚ ਇਹ ਆਮਦਨ 319.33 ਕਰੋੜ ਰੁਪਏ ਸੀ। ਜਿੰਪਾ ਨੇ ਅੱਗੇ ਦੱਸਿਆ ਕਿ ਮਈ 2024 ਵਿਚ ਵੀ 526.36 ਕਰੋੜ ਰੁਪਏ ਸਰਕਾਰੀ ਖਜ਼ਾਨੇ ਵਿਚ ਆਏ ਜਦਕਿ ਮਈ 2023 ਵਿਚ ਇਹ ਰਕਮ 430.63 ਕਰੋੜ ਰੁਪਏ ਸੀ। ਪਿਛਲੇ ਸਾਲ ਦੇ ਮੁਕਾਬਲੇ ਇਹ ਵਾਧਾ 22 ਫੀਸਦੀ ਬਣਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਸਟੈਂਪ ਤੇ ਰਜਿਸਟਰੇਸ਼ਨ ਤਹਿਤ ਵੱਡੀ ਰਕਮ ਸਰਕਾਰ ਦੇ ਖਜ਼ਾਨੇ ਵਿਚ ਆ ਰਹੀ ਹੈ। ਆਉਣ ਵਾਲੇ ਸਮੇਂ ਵਿਚ ਆਮਦਨੀ ਹੋਰ ਵੱਧਣ ਦੀ ਸੰਭਾਵਨਾ ਹੈ ਕਿਉਂ ਕਿ ਐੱਨਓਸੀ ਦੀ ਸ਼ਰਤ ਖਤਮ ਹੋਣ ਨਾਲ ਰਜਿਸਟਰੀਆਂ ਵਿਚ ਹੋਰ ਵਾਧਾ ਹੋਵੇਗਾ। 

ਇਹ ਵੀ ਪੜ੍ਹੋ : ਪੰਜਾਬ 'ਚ ਵਾਹਨ ਚਾਲਕ ਭੁੱਲ ਨਾ ਕਰਨ ਇਹ ਵੱਡੀ ਗ਼ਲਤੀ, 5000 ਜੁਰਮਾਨਾ ਤੇ ਰੱਦ ਹੋਵੇਗਾ ਲਾਇਸੈਂਸ

ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਸਾਰਥਕ ਹੰਭਲੇ ਮਾਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਹਕੂਮਤ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭ੍ਰਿਸ਼ਟਾਚਾਰ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀ ਸ਼ਿਕਾਇਤ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ ਜਿਸਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੇ ਕੰਮਾਂ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਵੀ ਨੰਬਰ 8184900002 ਜਾਰੀ ਕੀਤਾ ਗਿਆ ਹੈ। ਐੱਨਆਰਆਈਜ਼ ਮਾਲ ਵਿਭਾਗ ਸਬੰਧੀ ਆਪਣੀਆਂ ਸ਼ਿਕਾਇਤਾਂ 9464100168 ਨੰਬਰ ‘ਤੇ ਦਰਜ ਕਰਵਾ ਸਕਦੇ ਹਨ। ਇਹ ਨੰਬਰ ਸਿਰਫ ਲਿਖਤੀ ਸ਼ਿਕਾਇਤ ਲਈ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ 'ਚ ਲਿਆਦੀ ਜਾਵੇਗੀ ਅਤੇ ਅਪੀਲ ਕੀਤੀ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਜਾਇਜ਼ ਕੰਮ ਕਰਨ ਲਈ ਖੱਜਲ-ਖੁਆਰ ਕਰਦਾ ਹੈ ਜਾਂ ਮਾਲ ਵਿਭਾਗ ਦੇ ਕੰਮਾਂ ਸਬੰਧੀ ਲੋਕਾਂ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਹੈਲਪ ਲਾਈਨ ਨੰਬਰਾਂ ਉੱਤੇ ਬੇਝਿੱਜਕ ਹੋ ਕੇ ਸ਼ਿਕਾਇਤ ਦਰਜ ਕਰਵਾਉਣ। ਜਿੰਪਾ ਨੇ ਪੰਜਾਬ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਨੂੰ ਕਰਾਉਣ ਲਈ ਕਿਸੇ ਵੀ ਅਫਸਰ ਜਾਂ ਮੁਲਾਜ਼ਮ ਨੂੰ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਰਿਪੋਰਟ ਤੁਰੰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। 

ਇਹ ਵੀ ਪੜ੍ਹੋ : ਪੰਜਾਬ 'ਚ ਤੇਜ਼ੀ ਨਾਲ ਫੈਲ ਰਹੀ ਇਸ ਬਿਮਾਰੀ ਨੂੰ ਲੈ ਕੇ ਜਾਰੀ ਹੋਇਆ ਅਲਰਟ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Gurminder Singh

Content Editor

Related News