ਇਕ ਪਾਸੇ ਚੰਡੀਗੜ੍ਹ ''ਚ ਚੱਲ ਰਹੀ ਮੀਟਿੰਗ, ਦੂਜੇ ਪਾਸੇ ਸ਼ੰਭੂ ਬਾਰਡਰ ''ਤੇ ਚੱਲ ਗਏ ਅੱਥਰੂ ਗੈਸ ਦੇ ਗੋਲੇ (ਵੀਡੀਓ)

02/16/2024 1:45:51 AM

ਨੈਸ਼ਨਲ ਡੈਸਕ: ਇਕ ਪਾਸੇ ਚੰਡੀਗੜ੍ਹ 'ਚ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਮੀਟਿੰਗ ਪਿਛਲੇ 6 ਘੰਟਿਆਂ ਤੋਂ ਲਗਾਤਾਰ ਜਾਰੀ ਹੈ, ਉੱਥੇ ਹੀ ਦੂਜੇ ਪਾਸੇ ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨਾਂ 'ਤੇ ਇਕ ਵਾਰ ਫਿਰ ਅੱਥਰੂ ਗੈਸ ਦੇ ਗੋਲੇ ਦਾਗੇ ਗਏ ਹਨ। ਜਾਣਕਾਰੀ ਮੁਤਾਬਕ ਵੀਰਵਾਰ ਦੇਰ ਰਾਤ ਨੂੰ ਵੀ ਸ਼ੰਭੂ ਬਾਰਡਰ 'ਤੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ। ਇਸ ਘਟਨਾ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ। 

ਵੀਡੀਓ ਵਿਚ ਵੇਖਿਆ ਜਾ ਸਕਦਾ ਹੈ ਕਿ ਕਿਵੇਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਨੌਜਵਾਨਾਂ ਵੱਲੋਂ ਉਸ ਦਾ ਡਟ ਕੇ ਮੁਕਾਬਲਾ ਕੀਤਾ ਜਾ ਰਿਹਾ ਹੈ। ਕੁਝ ਨੌਜਵਾਨ ਬੋਰੀਆਂ ਨਾਲ ਅੱਥਰੂ ਗੈਸ ਦੇ ਗੋਲਿਆਂ ਨੂੰ ਬੇਅਸਰ ਕਰਨ ਦੀ ਕੋਸ਼ਿਸ਼ ਕਰਦੇ ਵੀ ਨਜ਼ਰ ਆ ਰਹੇ ਹਨ। ਦੱਸ ਦਈਏ ਕਿ ਕਿਸਾਨ ਆਗੂ ਡੱਲੇਵਾਲ ਵੱਲੋਂ ਵੀ ਕਿਹਾ ਗਿਆ ਸੀ ਕਿ ਜਦੋਂ ਤਕ ਅੱਥਰੂ ਗੈਸ ਦੇ ਗੋਲੇ ਸੁੱਟਣੇ ਬੰਦ ਨਹੀਂ ਕੀਤੇ ਜਾਣਗੇ, ਉਦੋਂ ਤਕ ਗੱਲਬਾਤ ਨਹੀਂ ਹੋਵੇਗੀ।

ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿਚ ਕਿਸਾਨ ਆਗੂਆਂ ਅਤੇ ਕੇਂਦਰੀ ਤੇ ਪੰਜਾਬ ਕੈਬਨਿਟ ਦੇ ਮੰਤਰੀਆਂ ਵਿਚਾਲੇ ਮੀਟਿੰਗ ਪਿਛਲੇ ਤਕਰੀਬਨ 6 ਘੰਟਿਆਂ ਤੋਂ ਜਾਰੀ ਹੈ। ਮੀਟਿੰਗ ਵਿਚ ਕੇਂਦਰੀ ਮੰਤਰੀ ਪੀਯੁਸ਼ ਗੋਇਲ, ਅਰਜੁਨ ਮੁੰਡਾ ਤੇ ਨਿਤਿਆਨੰਦ ਰਾਏ ਸ਼ਾਮਲ ਹੋਣ ਲਈ ਚੰਡੀਗੜ੍ਹ ਆਏ ਸਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਤ ਮੰਤਰੀ ਹਰਪਾਲ ਚੀਮਾ ਵੀ ਕਿਸਾਨਾਂ ਦਾ ਪੱਖ ਰੱਖਣ ਲਈ ਮੀਟਿੰਗ 'ਚ ਮੌਜੂਦ ਹਨ।


Anmol Tagra

Content Editor

Related News