ਕਾਂਗਰਸ ''ਚ ਸ਼ਾਮਲ ਹੋਣ ਤੋਂ ਬਾਅਦ ਘੁਬਾਇਆ ਦਾ ਪਹਿਲਾ ਬਿਆਨ (ਵੀਡੀਓ)

Tuesday, Mar 05, 2019 - 04:14 PM (IST)

ਫਿਰੋਜ਼ਪੁਰ (ਬਿਊਰੋ) - ਪਿਛਲੇ ਕਾਫੀ ਸਮੇਂ ਤੋਂ ਪਾਰਟੀ ਤੋਂ ਵੱਖ ਚੱਲ ਰਹੇ ਫਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਮੰਗਲਵਾਰ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ 'ਚ ਸ਼ਾਮਲ ਹੋ ਗਏ ਹਨ। ਦੱਸ ਦੇਈਏ ਕਿ ਸ਼ੇਰ ਸਿੰਘ ਘੁਬਾਇਆ ਨੇ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਕਾਂਗਰਸ 'ਚ ਸ਼ਾਮਲ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਘੁਬਾਇਆ ਨੇ ਕਿਹਾ ਕਿ ਇਹ ਜੋ ਕੁਝ ਵੀ ਹੋਇਆ ਹੈ ਸਭ ਸੁਨੀਲ ਜਾਖੜ ਅਤੇ ਮੈਂਡਮ ਆਸ਼ਾ ਕੁਮਾਰੀ ਦੇ ਯਤਨਾਂ ਸਦਕਾ ਹੋਇਆ ਹੈ। ਉਨ੍ਹਾਂ ਦੇ ਕਾਂਗਰਸ ਪਾਰਟੀ 'ਚ ਸ਼ਾਮਲ ਹੋਣ ਦੀਆਂ ਕਾਫੀ ਸਮੇਂ ਤੋਂ ਚਰਚਾ ਹੋ ਰਹੀਆਂ ਸਨ ਅਤੇ ਅੱਜ ਦਿੱਲੀ ਵਿਖੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਉਹ ਕਾਂਗਰਸ 'ਚ ਸ਼ਾਮਲ ਹੋ ਗਏ ਹਨ। ਉਹ ਅੱਜ ਤੋਂ ਬਾਅਦ ਜੋ ਵੀ ਕੰਮ ਕਰਨਗੇ ਕਾਂਗਰਸ ਪਾਰਟੀ ਨਾਲ ਮਿਲ ਕੇ ਕਰਨਗੇ। ਉਨ੍ਹਾਂ ਨੇ ਇਸ ਮੌਕੇ ਫਿਰੋਜ਼ਪੁਰ ਤੋਂ ਚੋਣ ਲੜਨ ਦਾ ਵੀ ਇਸ਼ਾਰਾ ਕੀਤਾ ਹੈ।

ਉਨ੍ਹਾਂ ਸੁਖਬੀਰ ਸਿੰਘ ਬਾਦਲ 'ਤੇ ਤੰਜ ਕੱਸਦੇ ਕਿਹਾ ਕਿ ਉਹ ਉਨ੍ਹਾਂ ਨੂੰ ਪਾਰਟੀ 'ਚੋਂ ਕੱਢਣਾ ਚਾਹੁੰਦੇ ਸਨ, ਜਿਸ ਕਾਰਨ ਉਨ੍ਹਾਂ ਨੇ ਕਈ ਤਰ੍ਹਾਂ ਦੇ ਇਲਜਾਮ ਲਗਾ ਕੇ ਉਨ੍ਹਾਂ ਨੂੰ ਬਹੁਤ ਜ਼ਲੀਲ ਕੀਤਾ ਹੈ। ਘੁਬਾਇਆ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਪਾਰਟੀ ਉਨ੍ਹਾਂ ਨਾਲ ਵਿਤਕਰਾ ਕਰ ਰਹੀ ਸੀ। ਉਨ੍ਹਾਂ ਦੀ ਲੰਮੇ ਸਮੇਂ ਤੋਂ ਸੁਖਬੀਰ ਨਾਲ ਨਾ ਤਾਂ ਕੋਈ ਮੀਟਿੰਗ ਹੋਈ ਹੈ ਤੇ ਨਾ ਹੀ ਗੱਲਬਾਤ। ਨਾ ਹੀ ਪਾਰਟੀ ਉਨ੍ਹਾਂ ਨੂੰ ਕਿਸੇ ਪ੍ਰੋਗਰਾਮ 'ਚ ਬੁਲਾਉਂਦੀ ਹੈ। ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਹੋਏ ਬਿਆਨ 'ਤੇ ਬੋਲਦੇ ਹੋਏ ਘੁਬਾਇਆ ਨੇ ਕਿਹਾ ਕਿ ਸੁਖਬੀਰ ਦੇ ਬਿਆਨਾਂ ਨੇ ਸਿੱਧ ਕਰ ਦਿੱਤਾ ਹੈ ਕਿ ਉਨ੍ਹਾਂ ਨੇ ਬਹੁਤ ਸਮਾਂ ਪਹਿਲਾਂ ਹੀ ਮੈਨੂੰ ਪਾਰਟੀ 'ਚੋਂ ਕੱਢ ਦਿੱਤਾ ਸੀ।


author

rajwinder kaur

Content Editor

Related News