ਸਿਰਫ਼ 167 ਕਰੋੜ ਦਾ ਕਰਜ਼ਾ ਮੁਆਫ਼ ਕਰ ਕੇ ਕੀਤਾ ਕਿਸਾਨਾਂ ਨਾਲ ਮਜ਼ਾਕ : ਡਾ. ਚੀਮਾ

02/19/2018 11:50:10 AM

ਸ੍ਰੀ ਕੀਰਤਪੁਰ ਸਾਹਿਬ (ਬਾਲੀ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਦੀ ਕਾਂਗਰਸ ਸਰਕਾਰ ਚੋਣਾਂ ਤੋਂ ਪਹਿਲਾਂ ਸਾਰੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੇ ਆਪਣੇ ਵਾਅਦੇ ਤੋਂ ਭੱਜ ਚੁੱਕੀ ਹੈ।
ਸਾਰੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਹਜ਼ਾਰਾਂ ਪਾਰਟੀ ਵਰਕਰਾਂ ਨਾਲ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੇ ਪਹਿਲੇ ਹੀ ਦਿਨ ਅਸੈਂਬਲੀ ਦਾ ਘਿਰਾਓ ਕੀਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਕਿਸਾਨਾਂ ਜਿਨ੍ਹਾਂ ਕਿਸੇ ਵੀ ਬੈਂਕ ਤੋਂ ਜਾਂ ਸ਼ਾਹੂਕਾਰਾਂ ਤੋਂ ਕਰਜ਼ਾ ਚੁੱਕਿਆ ਸੀ, ਨੂੰ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਬਣਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਕਿਸਾਨਾਂ ਦਾ 90 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਨ ਦੀ ਬਜਾਏ ਸਿਰਫ਼ 167 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰ ਕੇ ਕਿਸਾਨਾਂ ਨਾਲ ਮਜ਼ਾਕ ਕੀਤਾ ਹੈ, ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਸੈਂਬਲੀ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਤੋਂ ਸੂਬੇ ਦੇ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ। ਡਾ. ਚੀਮਾ ਨੇ ਸਰਕਾਰ ਦੇ ਥਰਮਲ ਪਲਾਂਟਾਂ ਨੂੰ ਬੰਦ ਕਰਨ ਦੇ ਫੈਸਲੇ ਦਾ ਵੀ ਵਿਰੋਧ ਕੀਤਾ। ਮੌਜੂਦਾ ਸਰਕਾਰ ਦੀ ਸਿੱਖਿਆ ਨੀਤੀ 'ਤੇ ਬੋਲਦਿਆਂ ਡਾ. ਚੀਮਾ ਨੇ ਕਿਹਾ ਕਿ ਉਹ ਆਪ ਵੀ ਨਕਲ ਦੇ ਸਖ਼ਤ ਖਿਲਾਫ ਹਨ ਪਰ ਮੌਜੂਦਾ ਸਰਕਾਰ ਵੱਲੋਂ ਨਕਲ ਰੋਕਣ ਦੇ ਨਾਂ ਉਪਰ ਬੱਚਿਆਂ ਨੂੰ ਪੇਪਰ ਪਾਉਣ ਲਈ ਦੂਸਰੇ ਸਕੂਲਾਂ ਵਿਚ ਭੇਜਣਾ ਉਨ੍ਹਾਂ ਨੂੰ ਖੱਜਲ-ਖ਼ੁਆਰ ਕਰਨਾ ਹੈ। ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਸਕੂਲਾਂ ਵਿਚ ਐੱਲ. ਕੇ. ਜੀ., ਯੂ. ਕੇ. ਜੀ. ਦੀਆਂ ਕਲਾਸਾਂ ਅਤੇ ਕਈ ਸਕੂਲਾਂ ਵਿਚ ਅੰਗਰੇਜ਼ੀ ਮੀਡੀਅਮ ਸ਼ੁਰੂ ਕਰਨ ਜਾ ਰਹੀ ਹੈ, ਜਦਕਿ ਸਰਕਾਰ ਵੱਲੋਂ ਹੁਣ ਤੱਕ ਇਕ ਵੀ ਅਧਿਆਪਕ ਭਰਤੀ ਨਹੀਂ ਕੀਤਾ ਗਿਆ। 
ਇਸ ਤੋਂ ਇਲਾਵਾ ਸਰਕਾਰ ਨੇ 800 ਸਕੂਲਾਂ ਨੂੰ ਬੰਦ ਕਰ ਕੇ ਦੂਰ-ਦੁਰਾਡੇ ਦੇ ਪਿੰਡਾਂ ਦੇ ਬੱਚਿਆਂ ਤੋਂ ਸਿੱਖਿਆ ਦਾ ਅਧਿਕਾਰ ਖੋਹਿਆ ਹੈ। ਇਸ ਮੌਕੇ ਸ਼ਮਸ਼ੇਰ ਸਿੰਘ ਦਬੂੜ ਸਾਬਕਾ ਜ਼ਿਲਾ ਪ੍ਰੀਸ਼ਦ ਮੈਂਬਰ, ਮੋਹਨ ਸਿੰਘ ਢਾਹੇ, ਤਜਿੰਦਰ ਸਿੰਘ ਪੱਪੂ,ਹਰਪਾਲ ਸਿੰਘ ਬੜਾ ਪਿੰਡ ਆਦਿ ਮੌਜੂਦ ਸਨ।


Related News