ਅਕਾਲੀ ਦਲ ਵੱਲੋਂ 2017 ਦੇ ਮੰਡੀਕਰਣ ਐਕਟ ਵਿਰੁੱਧ ਬਿੱਲ ਪੇਸ਼

10/17/2020 6:14:32 PM

ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਨੇ ਇਕ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕਰ ਕੇ ਮੰਗ ਕੀਤੀ ਕਿ ਪੰਜਾਬ ਖੇਤੀਬਾੜੀ ਜਿਣਸ ਮੰਡੀਕਰਣ ਐਕਟ 2017 ਵਿਚ ਕੀਤੀਆਂ ਗਈਆਂ ਸੋਧਾਂ ਖ਼ਤਮ ਕੀਤੀਆਂ ਜਾਣ ਤਾਂ ਜੋ ਸੂਬੇ ਦੇ ਕਿਸਾਨਾਂ ਨੂੰ ਪ੍ਰਾਈਵੇਟ ਵਪਾਰੀਆਂ ਦੀ ਲੁੱਟ ਤੋਂ ਬਚਾਇਆ ਜਾ ਸਕੇ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਦੇ ਆਗੂ ਸ਼ਰਨਜੀਤ ਸਿੰਘ ਢਿੱਲੋਂ ਨੇ ਇਹ ਬਿੱਲ ਪੇਸ਼ ਕੀਤਾ ਤੇ ਇਹ ਇਥੇ ਵਿਧਾਨ ਸਭਾ ਸਕੱਤਰੇਤ ਵਿਚ ਜਮਾਂ ਕਰਵਾਇਆ। ਇਸ ਬਿੱਲ ਵਿਚ ਕਿਸਾਨ ਹਿੱਤਾਂ ਨੂੰ ਪੰਜਾਬ ਖੇਤੀਬਾੜੀ ਜਿਣਸ ਮੰਡੀਕਰਣ ਐਕਟ 2017 ਵਿਚ ਕੀਤੀਆਂ ਸੋਧਾਂ ਨਾਲ ਪੁੱਜੇ ਨੁਕਸਾਨ ਦੀ ਦਰੁਸਤੀ ਕਰਨ ਦੀ ਮੰਗ ਕੀਤੀ ਗਈ ਹੈ। ਇਹ ਸੋਧਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਕੀਤੀਆਂ ਸਨ।

ਇਹ ਵੀ ਪੜ੍ਹੋ :  ਭਾਜਪਾ ਨਾਲ ਗਠਜੋੜ ਤੋੜਨ ਤੋਂ ਬਾਅਦ ਦੇਸ਼ ਦੀ ਸਿਆਸਤ 'ਚ ਵੱਡਾ ਧਮਾਕਾ ਕਰਨ ਜਾ ਰਿਹਾ ਅਕਾਲੀ ਦਲ

ਨਵੇਂ ਬਿੱਲ ਅਤੇ ਇਸ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ 2017 ਦੇ ਸੋਧੇ ਹੋਏ ਐਕਟ ਨੇ ਕਿਸਾਨਾਂ ਨੂੰ, ਜਿਥੋਂ ਤੱਕ ਜਿਣਸ ਦੀ ਵਿਕਰੀ ਤੇ ਖਰੀਦ ਦਾ ਸਵਾਲ ਹੈ, ਪ੍ਰਾਈਵੇਟ ਵਪਾਰੀਆਂ ਦੇ ਰਹਿਮੋ-ਕਰਮ 'ਤੇ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਮੰਡੀਆਂ ਦੀ ਸਥਾਪਨਾ ਤੇ ਕਿਸਾਨ ਤੋਂ ਸਿੱਧੀ ਖਰੀਦ ਨੇ ਐਕਟ ਤਹਿਤ ਪਹਿਲਾਂ ਮਿਲੀ ਸੁਰੱਖਿਆ ਖ਼ਤਮ ਕਰ ਦਿੱਤੀ ਹੈ। ਢਿੱਲੋਂ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਦੀ ਰਾਖੀ ਦੀ ਬਹੁਤ ਜ਼ਰੂਰਤ ਹੈ। ਉਨ੍ਹਾਂ ਨੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਨੂੰ ਅਪੀਲ ਕੀਤੀ ਕਿ ਉਹ ਆਉਂਦੇ ਵਿਸ਼ੇਸ਼ ਸੈਸ਼ਨ ਵਿਚ ਇਹ ਬਿੱਲ ਪੇਸ਼ ਕਰਨ ਦੀ ਆਗਿਆ ਦੇਣ ਤੇ ਬਿੱਲ ਪੇਸ਼ ਕਰਨ ਲਈ 15 ਦਿਨਾਂ ਦੀ ਸ਼ਰਤ ਵਿਚ ਛੋਟ ਵੀ ਦੇਣ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਹਾਲਾਤਾਂ ਦੇ ਮੱਦਜ਼ਰ ਮੈਂ ਇਹ ਸਮੇਂ ਦੀ ਸ਼ਰਤ ਖਤਮ ਕਰਨ ਦੀ ਬੇਨਤੀ ਕੀਤੀ ਹੈ ਕਿਉਂਕਿ ਸਮਾਂ ਬਚਿਆ ਹੀ ਨਹੀਂ।

ਇਹ ਵੀ ਪੜ੍ਹੋ :  ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਸ਼ਾਮਲ ਹੋਣਗੇ ਨਵਜੋਤ ਸਿੱਧੂ!

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ 'ਅੰਨਦਾਤਾ' ਪ੍ਰਤੀ ਆਪਣੀ ਜ਼ਿੰਮੇਵਾਰੀ ਪੂਰੀ ਕੀਤੀ ਹੈ ਅਤੇ ਹੁਣ ਗੇਂਦ ਕਾਂਗਰਸ ਸਰਕਾਰ ਦੇ ਪਾਲੇ ਵਿਚ ਹੈ। ਜੇਕਰ ਉਹ ਇਹ ਬਿੱਲ, ਜੋ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਪ੍ਰਗਟਾਉਂਦਾ ਹੈ, ਪ੍ਰਵਾਨ ਨਹੀਂ ਕਰਦੀ ਤਾਂ ਸਪੱਸ਼ਟ ਹੋ ਜਾਵੇਗਾ ਕਿ ਸਰਕਾਰ ਫਿਕਸ ਮੈਚ ਖੇਡ ਰਹੀ ਹੈ ਅਤੇ ਇਹ ਕਿਸਾਨ, ਖੇਤ ਮਜ਼ਦੂਰ ਤੇ ਆੜ੍ਹਤੀਆਂ ਦੀ ਵਿਰੋਧੀ ਹੈ। ਢਿੱਲੋਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਇਹ ਕਿਹਾ ਕਿ ਉਹ ਅਕਾਲੀ ਦਲ ਵੱਲੋਂ ਪੇਸ਼ ਕੀਤੇ ਪ੍ਰਾਈਵੇਟ ਮੈਂਬਰ ਬਿੱਲਾਂ ਬਾਰੇ ਆਪਣੀ ਸਥਿਤੀ ਸਪੱਸ਼ਟ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪਹਿਲਾਂ ਵਿਧਾਨ ਸਭਾ ਸੈਸ਼ਨ ਬਾਰੇ ਟਾਲ ਮਟੋਲ ਕਰ ਰਹੇ ਸਨ ਤਾਂ ਅਕਾਲੀ ਦਲ ਵੱਲੋਂ ਉਨ੍ਹਾਂ ਦਾ ਘਿਰਾਓ ਕਰਨ ਦੀ ਦਿੱਤੀ ਚਿਤਾਵਨੀ ਮਗਰੋਂ ਹੀ ਉਨ੍ਹਾਂ ਨੇ ਸੈਸ਼ਨ ਸੱਦਿਆ ਹੈ।

ਇਹ ਵੀ ਪੜ੍ਹੋ :  ਭਾਜਪਾ ਪ੍ਰਧਾਨ 'ਤੇ ਹਮਲੇ ਦੀ ਜ਼ਿੰਮੇਵਾਰੀ ਲੈਣ ਵਾਲੇ ਰਵਨੀਤ ਬਿੱਟੂ ਦੀ ਭਾਜਪਾ ਨੂੰ ਇਕ ਹੋਰ ਚਿਤਾਵਨੀ


Gurminder Singh

Content Editor

Related News