ਸੁਖਬੀਰ ਬਾਦਲ ਨੇ ਨਿਗਮ ਚੋਣਾਂ ਲਈ ਸੀਨੀਅਰ ਆਗੂਆਂ ਦੀਆਂ ਲਗਾਈਆਂ ਡਿਊਟੀਆਂ

11/20/2017 12:31:06 PM

ਚੰਡੀਗੜ੍ਹ (ਬਿਉੂਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਪਾਰਟੀ ਦੇ ਸੀਨੀਅਰ ਆਗੂਆਂ 'ਤੇ ਆਧਾਰਿਤ ਤਾਲਮੇਲ ਅਤੇ ਸਕਰੀਨਿੰਗ ਕਮੇਟੀਆਂ ਦਾ ਗਠਨ ਕਰ ਦਿੱਤਾ ਹੈ।
ਐਤਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਮੁੱਖ ਦਫਤਰ ਤੋਂ ਜਾਰੀ ਬਿਆਨ 'ਚ ਸੁਖਬੀਰ ਨੇ ਕਿਹਾ ਕਿ ਨਗਰ ਨਿਗਮ ਦੀਆਂ ਚੋਣਾਂ ਦੀ ਤਿਆਰੀ ਤੇ ਉਮੀਦਵਾਰਾਂ ਦੀ ਚੋਣ ਲਈ ਪਾਰਟੀ ਦੇ ਸੀਨੀਅਰ ਆਗੂਆਂ 'ਤੇ ਆਧਾਰਿਤ 4 ਨਗਰ ਨਿਗਮਾਂ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇਹ ਸਾਰੇ ਆਗੂ ਸੰਬੰਧਿਤ ਸ਼ਹਿਰ ਦੇ ਪਾਰਟੀ ਆਗੂਆਂ ਤੇ ਕਾਰਜਕਰਤਾਵਾਂ ਨਾਲ ਵਿਚਾਰ ਵਟਾਂਦਰਾਂ ਕਰਕੇ ਤਾਲਮੇਲ ਕਾਇਮ ਕਰਨਗੇ ਤੇ ਪਾਰਟੀ ਦੇ ਉਮੀਦਵਾਰਾਂ ਦੇ ਨਾਂ ਦੀਆਂ ਸਿਫਾਰਸ਼ਾਂ ਕਰਨਗੇ। 
ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇਕ ਪ੍ਰੈੱਸ ਬਿਆਨ ਵਿਚ ਸੁਖਬੀਰ ਬਾਦਲ ਨੇ ਦੱਸਿਆ ਕਿ ਜਲੰਧਰ ਨਗਰ ਨਿਗਮ ਲਈ ਬੀਬੀ ਜਾਗੀਰ ਕੌਰ, ਅਜੀਤ ਸਿੰਘ ਕੋਹਾੜ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ 'ਤੇ ਆਧਾਰਿਤ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸੇ ਤਰ੍ਹਾਂ ਲੁਧਿਆਣਾ ਨਗਰ ਨਿਗਮ ਲਈ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ ਅਤੇ ਸ਼ਰਨਜੀਤ ਸਿੰਘ ਢਿੱਲੋਂ 'ਤੇ ਆਧਾਰਿਤ ਕਮੇਟੀ ਦਾ ਗਠਨ ਕੀਤਾ ਗਿਆ ਹੈ।   ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਨਗਰ ਨਿਗਮ ਲਈ ਬਣਾਈ ਕਮੇਟੀ ਵਿਚ ਰਣਜੀਤ ਸਿੰਘ ਬ੍ਰਹਮਪੁਰਾ, ਬਿਕਰਮ ਸਿੰਘ ਮਜੀਠੀਆ, ਗੁਲਜ਼ਾਰ ਸਿੰਘ ਰਣੀਕੇ ਅਤੇ ਵਿਰਸਾ ਸਿੰਘ ਵਲਟੋਹਾ ਨੂੰ ਸ਼ਾਮਲ ਕੀਤਾ ਗਿਆ ਹੈ। ਪਟਿਆਲਾ ਨਗਰ ਨਿਗਮ ਦੀ ਚੋਣ ਲਈ ਜਨਮੇਜਾ ਸਿੰਘ ਸੇਖੋਂ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਸੁਰਜੀਤ ਸਿੰਘ ਰੱਖੜਾ ਅਤੇ ਐੱਨ. ਕੇ. ਸ਼ਰਮਾ 'ਤੇ ਆਧਾਰਿਤ ਕਮੇਟੀ ਦਾ ਗਠਨ ਕੀਤਾ ਗਿਆ ਹੈ।