ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਵਿਦਿਆਰਥੀ ਵਿੰਗ ਦਾ ਜਲਦੀ ਕੀਤਾ ਜਾਵੇਗਾ ਗਠਨ : ਢੀਂਡਸਾ

Wednesday, Oct 28, 2020 - 12:48 AM (IST)

ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਵਿਦਿਆਰਥੀ ਵਿੰਗ ਦਾ ਜਲਦੀ ਕੀਤਾ ਜਾਵੇਗਾ ਗਠਨ : ਢੀਂਡਸਾ

ਮੋਹਾਲੀ,(ਨਿਆਮੀਆਂ)- ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਯੂਥ ਵਿੰਗ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਮੰਗਲਵਾਰ ਨੂੰ ਪਾਰਟੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਪ੍ਰਧਾਨਗੀ ਹੇਠ ਪਾਰਟੀ ਦੇ ਮੁੱਖ ਦਫਤਰ ਸੈਕਟਰ 82, ਮੋਹਾਲੀ ਵਿਖੇ ਕੀਤੀ ਗਈ। ਮੀਟਿੰਗ ਵਿਚ ਪਾਰਟੀ ਅਤੇ ਪੰਜਾਬ ਦੇ ਨੌਜਵਾਨਾਂ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਚਰਚਾਵਾਂ ਕੀਤੀਆਂ ਗਈਆਂ। ਨੌਜਵਾਨਾਂ ਨੂੰ ਸੰਬੋਧਨ ਕਰਦੇ ਹੋਏ ਢੀਂਡਸਾ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਅਤੇ ਸਮਾਜ ਦਾ ਅਟੁੱਟ ਅਤੇ ਮਹੱਤਵਪੂਰਨ ਅੰਗ ਹੁੰਦੇ ਹਨ, ਇਸ ਲਈ ਪਾਰਟੀ ਵਿਚ ਨੌਜਵਾਨਾਂ ਦੀ ਭੂਮਿਕਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਨੌਜਵਾਨ ਹੀ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ 'ਤੇ ਲਿਆ ਸਕਦੇ ਹਨ। ਵਿਦਿਆਰਥੀਆਂ ਦੀ ਸਮਾਜ ਨਿਰਮਾਣ ਵਿੱਚ ਅਹਿਮੀਅਤ ਨੂੰ ਸਮਝਦੇ ਹੋਏ ਪਾਰਟੀ ਦੇ ਵਿਦਿਆਰਥੀ ਵਿੰਗ ਦਾ ਗਠਨ ਵੀ ਜਲਦੀ ਹੀ ਕੀਤਾ ਜਾਵੇਗਾ।
ਢੀਂਡਸਾ ਨੇ ਕਿਹਾ ਕਿ ਮੋਗਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਜਨਮ ਸ਼ਤਾਬਦੀ ਸਮਾਰੋਹ ਮਨਾਉਣ ਵਿਚ ਨੌਜਵਾਨਾਂ ਦੀ ਮਹੱਤਵਪੂਰਨ ਭੂਮਿਕਾ ਰਹੇਗੀ ਅਤੇ ਆਸ ਹੈ ਕਿ ਸੂਬੇ ਭਰ ਦੇ ਨੌਜਵਾਨ ਇਸ ਵਿਚ ਸ਼ਾਮਲ ਹੋ ਕੇ ਅਕਾਲੀ ਦਲ ਦੀ ਸ਼ਾਨ ਨੂੰ ਮੁੜ ਬਹਾਲ ਕਰਨਗੇ। ਨੌਜਵਾਨ ਪੀੜ੍ਹੀ ਨੂੰ ਸਿੱਖ ਰਵਾਇਤਾਂ ਨਾਲ ਜੋੜਨਾ ਸਮੇਂ ਦੀ ਮੰਗ ਹੈ ਤਾਂ ਜੋ ਉਹ ਪੰਜਾਬ ਤੇ ਪੰਜਾਬੀਅਤ ਦਾ ਝੰਡਾ ਬੁਲੰਦ ਕਰ ਸਕਣ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਸਿੱਖ ਪੰਥ ਅਤੇ ਪੰਜਾਬ ਦਾ ਬਹੁਤ ਨੁਕਸਾਨ ਕੀਤਾ ਹੈ, ਜਿਸ ਦੀ ਭਰਪਾਈ ਕਰਨਾ ਇਕ ਵੱਡਾ ਕਾਰਜ ਹੈ। ਉਨ੍ਹਾਂ ਪਾਰਟੀ ਦੇ ਯੂਥ ਵਿੰਗ ਕੋਆਰਡੀਨੇਸ਼ਨ ਕਮੇਟੀ ਦੇ ਮੈਂਬਰਾਂ ਨੂੰ ਪਿੰਡਾਂ ਵਿਚ ਜਾ ਕੇ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਦੱਸਣ ਅਤੇ ਉਨ੍ਹਾਂ ਨੂੰ ਰਾਜਨੀਤੀ ਵਿਚ ਲਿਆਉਣ ਲਈ ਉਤਸ਼ਾਹਿਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜਲਦੀ ਹੀ ਪੰਜਾਬ ਵਿੱਚ ਨੌਜਵਾਨਾਂ ਅਤੇ ਹੋਰ ਵਰਗ ਦੇ ਲੋਕਾਂ ਨੂੰ ਪਾਰਟੀ ਨਾਲ ਜੁੜਨ ਲਈ ਮੈਂਬਰਸ਼ਿਪ ਮੁਹਿੰਮ ਦਾ ਅਗਾਜ਼ ਕੀਤਾ ਜਾਵੇਗਾ।


 


author

Deepak Kumar

Content Editor

Related News