ਪੰਚਾਇਤੀ ਚੋਣਾਂ: ਪਿੰਡ ਕੋਟਲਾ ਮਿਹਰ ਸਿੰਘ ਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਸ਼ਾਨਦਾਰ ਜਿੱਤ
Wednesday, Oct 16, 2024 - 09:25 PM (IST)
ਬਾਘਾਪੁਰਾਣਾ (ਅਜੇ ਅਗਰਵਾਲ) - ਬੀਤੇ ਦਿਨੀ ਬਾਘਾਪੁਰਾਣਾ ਹਲਕਾ ਅਧੀਨ ਪੈਂਦੇ ਪਿੰਡ ਕੋਟਲਾ ਮੇਹਰ ਸਿੰਘ ਵਾਲਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਬੂਥ ਕੈਪਚਰਿੰਗ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਤੋਂ ਬਾਅਦ ਜ਼ਿਲ੍ਹਾ ਚੋਣ ਕਮਿਸ਼ਨ ਵੱਲੋਂ ਚੋਣ ਰੱਦ ਕੀਤੀ ਗਈ ਸੀ ਅਤੇ ਇਸ ਦੀ ਚੋਣ ਅੱਜ 16 ਅਕਤੂਬਰ ਦਿਨ ਬੁੱਧਵਾਰ ਨੂੰ ਕੀਤੀ ਗਈ। ਪਿੰਡ ਕੋਟਲਾ ਮਿਹਰ ਸਿੰਘ ਵਾਲਾ ਵਿਖੇ ਹੋਈ ਪੰਚਾਇਤੀ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੇ ਆਪਣੇ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਵੱਡੇ ਫਰਕ ਨਾਲ ਹਰਾਉਂਦਿਆਂ ਵੱਡੀ ਜਿੱਤ ਪ੍ਰਾਪਤ ਕੀਤੀ।
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਦੀਪ ਸਿੰਘ ਸੇਬਾ ਨੂੰ 1148 ਵੋਟਾਂ ਪਈਆਂ ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਨੂੰ ਸਿਰਫ 35 ਵੋਟਾਂ ਹੀ ਪ੍ਰਾਪਤ ਹੋਈਆਂ। ਪਿੰਡ ਕੋਟਲਾ ਮੇਹਰ ਸਿੰਘ ਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਸ਼ਾਨਦਾਰ ਜਿੱਤ ਤੋਂ ਬਾਅਦ ਅਕਾਲੀ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਇਸ ਮੌਕੇ ਹਲਕਾ ਬਾਘਾ ਪੁਰਾਣਾ ਦੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਜਗ ਬਾਣੀ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਇਨ੍ਹਾਂ ਪੰਚਾਇਤੀ ਚੋਣਾਂ ਵਿੱਚ ਪੰਜਾਬ ਵਾਸੀਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਸਫ਼ਾਇਆ ਹੋ ਜਾਵੇਗਾ ਅਤੇ 2027 ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਸਾਨਦਾਰ ਜਿੱਤ ਪ੍ਰਾਪਤ ਕਰਦੀ ਹੋਈ ਆਪਣੀ ਸਰਕਾਰ ਬਣਾਵੇਗੀ।