ਐੱਸ.ਵਾਈ.ਐੱਲ ਦੇ ਮੁੱਦੇ 'ਤੇ ਸੁਖਬੀਰ ਬਾਦਲ ਨੇ ਕੀਤੀ ਕੈਪਟਨ ਨੂੰ ਇਹ ਅਪੀਲ
Saturday, Aug 17, 2019 - 10:38 AM (IST)

ਫਿਰੋਜ਼ਪੁਰ (ਕੁਮਾਰ, ਮਲਹੋਤਰਾ)—ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫਿਰੋਜ਼ਪੁਰ ਸੰਸਦੀ ਖੇਤਰ ਤੋਂ ਚੋਣ ਜਿੱਤਣ ਦੇ ਬਾਅਦ ਅੱਜ ਫਿਰੋਜ਼ਪੁਰ ਦੇ ਸਰਹੱਦੀ ਪਿੰਡ ਬਾਰੇ ਕੇ ਅਤੇ ਫਿਰੋਜ਼ਪੁਰ ਸ਼ਹਿਰ ਛਾਉਣੀ ਆਦਿ ਖੇਤਰਾਂ ਵਿਚ ਧੰਨਵਾਦੀ ਦੌਰਾ ਕੀਤਾ ਅਤੇ ਕਿਹਾ ਕਿ ਉਹ ਫਿਰੋਜ਼ਪੁਰ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਦੇ ਹੋਏ ਲੋਕਾਂ ਦੀ ਹਰ ਮੁਸ਼ਕਲ ਦਾ ਹੱਲ ਕਰਨਗੇ। ਬਾਦਲ ਨੇ ਕਿਹਾ ਕਿ ਉਹ ਫਿਰੋਜ਼ਪੁਰ ਸੰਸਦੀ ਹਲਕੇ ਦਾ ਹਰ ਮੁੱਦਾ ਪਾਰਲੀਮੈਂਟ ਵਿਚ ਉਠਾਉਣਗੇ।
ਬਾਦਲ ਨੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਕਿਸੇ ਦਬਾਅ ਵਿਚ ਆ ਕੇ ਜਾਂ ਕਿਸੇ ਤਰ੍ਹਾਂ ਦੀ ਸੌਦੇਬਾਜ਼ੀ ਕਰ ਕੇ ਐੱਸ. ਵਾਈ. ਐੱਲ. ਬਣਾਉਣ ਦੀ ਸਹਿਮਤੀ ਨਾ ਦੇਣ ਕਿਉਂਕਿ ਪੰਜਾਬ ਦੀ ਧਰਤੀ 'ਤੇ ਐੱਸ. ਵਾਈ. ਐੱਲ. ਬਣਾਉਣ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਕ ਹੀ ਸਟੈਂਡ ਹੈ ਕਿ ਪੰਜਾਬ ਵਿਚ ਕਿਸੇ ਵੀ ਹਾਲਤ ਵਿਚ ਐੱਸ. ਵਾਈ. ਐੱਲ. ਨਹੀਂ ਬਣੇਗੀ। ਬਾਦਲ ਨੇ ਇਕ ਸਵਾਲ ਦਾ ਜਵਾਬ ਦਿੰਦਿਆਂ ਪੱਤਰਕਾਰਾਂ ਨੂੰ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਕਾਂਗਰਸੀ ਸਾਥੀਆਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਹਰ ਘਟੀਆ ਹੱਥਕੰਡਾ ਵਰਤਿਆ ਹੈ ਪਰ ਉਨ੍ਹਾਂ ਦੀ ਸਰਕਾਰ ਅਤੇ ਉਨ੍ਹਾਂ ਦੀਆਂ ਏਜੰਸੀਆਂ ਅਤੇ ਅਫਸਰਸ਼ਾਹੀ ਕਿਤੇ ਵੀ ਅਕਾਲੀ ਲੀਡਰਸ਼ਿਪ ਨੂੰ ਗਲਤ ਨਹੀਂ ਸਾਬਤ ਕਰ ਸਕੀ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਕਦੇ ਕੋਈ ਗਲਤ ਕੰਮ ਨਹੀਂ ਕੀਤਾ ਅਤੇ ਨਾ ਹੀ ਕਿਸੇ ਗਲਤ ਕੰਮ ਦੀ ਕਦੇ ਹਮਾਇਤ ਕੀਤੀ ਹੈ।
ਸੁਖਬੀਰ ਬਾਦਲ ਨੇ ਦੋਸ਼ ਲਾਉਂਦੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਹਰ ਮੁੱਦੇ 'ਤੇ ਫੇਲ ਸਾਬਤ ਹੋ ਰਹੀ ਹੈ, ਕਰਮਚਾਰੀ, ਕਿਸਾਨ, ਦਲਿਤ ਮਜ਼ਦੂਰ ਅਤੇ ਹੋਰ ਸਾਰੇ ਵਰਗਾਂ ਦੇ ਲੋਕ ਕੈਪਟਨ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਦੁਖੀ ਹੋ ਕੇ ਧਰਨੇ ਲਾ ਰਹੇ ਹਨ। ਸੁਖਬੀਰ ਬਾਦਲ ਨੇ ਦੋਸ਼ ਲਾਉਂਦੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਐੱਮ. ਐੱਲ. ਏ. ਗੈਰ-ਕਾਨੂੰਨੀ ਮਾਈਨਿੰਗ ਵਿਚ ਲੱਗੇ ਹੋਏ ਹਨ ਅਤੇ ਜੋ ਪੈਸਾ ਸਰਕਾਰੀ ਖਜ਼ਾਨੇ ਵਿਚ ਆਉਣਾ ਸੀ ਅਤੇ ਜਿਸ ਨਾਲ ਗਰੀਬਾਂ ਨੂੰ ਪੈਨਸ਼ਨ ਮਿਲਣੀ ਸੀ, ਉਹ ਪੈਸਾ ਕਾਂਗਰਸੀ ਵਿਧਾਇਕ ਲੁੱਟਣ ਵਿਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਵੱਡਾ ਹੋਰ ਸਬੂਤ ਕੀ ਹੋ ਸਕਦਾ ਹੈ, ਕਾਂਗਰਸ ਦਾ ਇਕ ਸਾਬਕਾ ਪ੍ਰਧਾਨ ਸ਼ਰੇਆਮ ਕਹਿ ਰਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਵਿਚ ਕਾਂਗਰਸ ਲੁੱਟਣ ਵਿਚ ਲੱਗੀ ਹੋਈ ਹੈ। ਇਸ ਮੌਕੇ ਪੰਜਾਬ ਦੇ ਸਾਬਕਾ ਸਿੰਚਾਈ ਮੰਤਰੀ ਜਨਮੇਜਾ ਸਿੰਘ ਸੇਖੋਂ, ਸਿਆਸੀ ਸਕੱਤਰ ਚਰਨਜੀਤ ਸਿੰਘ, ਗੁਰੂਹਰਸਹਾਏ ਨਗਰ ਕੌਂਸਲ ਦੇ ਪ੍ਰਧਾਨ ਰੋਹਿਤ ਕੁਮਾਰ ਮੋਂਟੂ ਵੋਹਰਾ, ਜੋਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ ਫਿਰੋਜ਼ਪੁਰ ਆਦਿ ਮੌਜੂਦ ਸਨ।