ਸ਼੍ਰੋਮਣੀ ਅਕਾਲੀ ਦਲ ਨੇ ਆਤਿਸ਼ੀ ਵਿਰੁੱਧ ਮਾਲ ਰੋਡ ''ਤੇ ਦਿੱਤਾ ਜ਼ਿਲ੍ਹਾ ਪੱਧਰੀ ਧਰਨਾ

Sunday, Jan 11, 2026 - 12:06 AM (IST)

ਸ਼੍ਰੋਮਣੀ ਅਕਾਲੀ ਦਲ ਨੇ ਆਤਿਸ਼ੀ ਵਿਰੁੱਧ ਮਾਲ ਰੋਡ ''ਤੇ ਦਿੱਤਾ ਜ਼ਿਲ੍ਹਾ ਪੱਧਰੀ ਧਰਨਾ

ਕਪੂਰਥਲਾ (ਓਬਰਾਏ) - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਤੇ ਵਿਧਾਇਕ ਆਤਿਸ਼ੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਰੇ ਅਸੰਵੇਦਨਸ਼ੀਲ ਟਿੱਪਣੀ ਕੀਤੇ ਜਾਣ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਤੇ ਵਰਕਰਾਂ ਨੇ ਮਾਲ ਰੋਡ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਦੀ ਅਗਵਾਈ ਵਿਚ ਜ਼ਿਲ੍ਹਾ ਪੱਧਰੀ ਧਰਨਾ ਦੇ ਕੇ ਰੋਸ ਵਿਖਾਵਾ ਕੀਤਾ। ਇਸ ਮੌਕੇ ਬੋਲਦਿਆਂ ਵੱਖ-ਵੱਖ ਬੁਲਾਰਿਆਂ ਨੇ ਸਾਬਕਾ ਮੁੱਖ ਮੰਤਰੀ ਵਲੋਂ ਗੁਰੂ ਸਾਹਿਬ ਵਿਰੁੱਧ ਅਸੰਵੇਦਨਸ਼ੀਲ ਟਿੱਪਣੀ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ|

ਬੁਲਾਰਿਆਂ ਨੇ ਕਿਹਾ ਕਿ ਆਪ ਦੀ ਆਗੂ ਨੇ ਇਹ ਟਿੱਪਣੀ ਕਰਕੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ, ਜਿਸਨੂੰ ਅਕਾਲੀ ਦਲ ਬਰਦਾਸ਼ਤ ਨਹੀਂ ਕਰੇਗਾ| ਉਨ੍ਹਾਂ ਕਿਹਾ ਕਿ ਨੌਵੇਂ ਗੁਰੂ ਸ੍ਰੀ ਤੇਗ ਬਹਾਦਰ ਨੇ ਧਰਮ ਦੀ ਰੱਖਿਆ ਲਈ ਲਾਸਾਨੀ ਸ਼ਹਾਦਤ ਦਿੱਤੀ ਅਤੇ ਉਨ੍ਹਾਂ ਵਿਰੁੱਧ ਆਪ ਦੀ ਸਾਬਕਾ ਮੁੱਖ ਮੰਤਰੀ ਵਲੋਂ ਟਿੱਪਣੀ ਕੀਤੇ ਜਾਣ 'ਤੇ ਤੁਰੰਤ ਸਿੱਖ ਭਾਈਚਾਰੇ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।

ਉਨ੍ਹਾਂ ਦਿੱਲੀ ਸਰਕਾਰ ਤੋਂ ਮੰਗ ਕੀਤੀ ਕਿ ਆਪ ਦੀ ਆਗੂ ਆਤਿਸ਼ੀ ਦੀ ਵਿਧਾਨ ਸਭਾ ਦੀ ਮੈਂਬਰੀ ਰੱਦ ਕੀਤੀ ਜਾਵੇ। ਬੁਲਾਰਿਆਂ ਨੇ ਅਕਾਲੀ ਆਗੂ ਤੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਪੰਥ ਵਿਰੋਧੀ ਤਾਕਤਾਂ ਦਾ ਡੱਟ ਕੇ ਵਿਰੋਧ ਕਰਨ। ਧਰਨੇ ਤੋਂ ਬਾਅਦ ਅਕਾਲੀ ਆਗੂਆਂ ਤੇ ਵਰਕਰਾਂ ਨੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਦਾ ਪੁਤਲਾ ਜਲਾ ਕੇ ਨਾਅਰੇਬਾਜ਼ੀ ਕੀਤੀ ਅਤੇ ਬਾਅਦ ਵਿਚ ਐਸ.ਡੀ.ਐਮ. ਕਪੂਰਥਲਾ ਮੇਜਰ ਡਾ: ਇਰਵਿਨ ਕੌਰ ਨੂੰ  ਪੰਜਾਬ ਦੇ ਰਾਜਪਾਲ ਅਤੇ ਦਿੱਲੀ ਵਿਧਾਨ ਸਭਾ ਦੇ ਸਪੀਕਰ ਦੇ ਨਾਂਅ ਮੰਗ ਪੱਤਰ ਦਿੱਤਾ। ਜਿਸ ਵਿਚ ਮੰਗ ਕੀਤੀ ਗਈ ਕਿ ਆਤਿਸ਼ੀ ਦੀ ਮੈਂਬਰਸ਼ਿਪ ਰੱਦ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।
 


author

Inder Prajapati

Content Editor

Related News