ਲਖੀਮਪੁਰ ’ਚ ਮਾਸੂਮ ਕਿਸਾਨਾਂ ਦੇ ਕਾਤਲਾਂ ਖ਼ਿਲਾਫ ਜਲਦ ਕਾਰਵਾਈ ਕਰਵਾਏ ਕੇਂਦਰ : ਅਕਾਲੀ ਦਲ

Tuesday, Oct 05, 2021 - 07:43 PM (IST)

ਚੰਡੀਗੜ੍ਹ (ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਨੂੰ ਲਖੀਮਪੁਰ ਖੀਰੀ ਵਿਖੇ ਮਾਸੂਮ ਕਿਸਾਨਾਂ ਦੇ ਕਾਤਲਾਂ ਖ਼ਿਲਾਫ ਜਲਦ ਕਾਰਵਾਈ ਕਰਵਾਉਣੀ ਚਾਹੀਦੀ ਹੈ । ਸ਼੍ਰੋਮਣੀ ਅਕਾਲੀ ਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਤਿੰਨ ਖੇਤੀ ਕਾਨੂੰਨ ਤੁਰੰਤ ਵਾਪਸ ਲੈਣ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਕੋਰ ਕਮੇਟੀ ਮੀਟਿੰਗ ’ਚ ਪਾਰਟੀ ਨੇ ਇਸ ਮਾਮਲੇ ’ਚ ਦ੍ਰਿੜ੍ਹ ਨਿਸ਼ਚਾ ਲਿਆ ਤੇ ਪਾਰਟੀ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਅਤੇ ਇਨ੍ਹਾਂ ਦਾ ਖਿਆਲ ਕਰਦਿਆਂ ਜਿੰਨੀ ਛੇਤੀ ਸੰਭਵ ਹੋ ਕੇ ਖੇਤੀ ਕਾਨੂੰਨ ਖਾਰਿਜ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਫ਼ੈਲੀ ਬੇਚੈਨੀ ਖਤਮ ਕਰਨ ਤੇ ਹੋਰ ਜਾਨਾਂ ਨਾ ਜਾਣਾ ਯਕੀਨੀ ਬਣਾਉਣ ਦੀ ਬੇਹੱਦ ਜ਼ਰੂਰਤ ਹੈ। ਕੋਰ ਕਮੇਟੀ ਨੇ ਹੈਰਾਨੀ ਪ੍ਰਗਟ ਕੀਤੀ ਕਿ ਲਖੀਮਪੁਰ ਵਿਖੇ ਮਾਸੂਮ ਕਿਸਾਨਾਂ ਦਾ ਬੇਰਹਿਮੀ ਨਾਲ ਕਤਲ ਕਰਨ ਵਾਲਿਆਂ ਖ਼ਿਲਾਫ ਕਾਰਵਾਈ ਵਾਸਤੇ ਕੋਈ ਠੋਸ ਕਦਮ ਨਹੀਂ ਚੁੱਕੇ ਗਏ। ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਭੜਕਾਊ ਭਾਸ਼ਣ ਸਮੇਤ ਸਾਰੇ ਮਾਮਲੇ ਦੀ ਨਿਆਇਕ ਜਾਂਚ ਕਰਵਾਈ ਜਾਵੇ। ਕੋਰ ਕਮੇਟੀ ਨੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ’ਚ ਲਖੀਮਪੁਰ ਖੀਰੀ ਜਾ ਰਹੇ ਅਕਾਲੀ ਦਲ ਦੇ ਵਫ਼ਦ ਨੂੰ ਰਾਹ ’ਚ ਰੋਕਣ ਲਈ ਉੱਤਰ ਪ੍ਰਦੇਸ਼ ਸਰਕਾਰ ਦੀ ਨਿਖੇਧੀ ਕੀਤੀ।

ਇਹ ਵੀ ਪੜ੍ਹੋ : ਜੇ ਸਿੱਧੂ ਅਸਤੀਫ਼ੇ ’ਤੇ ਅੜੇ ਰਹੇ ਤਾਂ ਕਾਂਗਰਸ ਕੋਲ ਤਿਆਰ ਹੈ ‘ਪਲਾਨ-ਬੀ’ : ਹਰੀਸ਼ ਚੌਧਰੀ

ਕੋਰ ਕਮੇਟੀ ਨੇ ਇਸ ਗੱਲ ਦਾ ਵੀ ਗੰਭੀਰ ਨੋਟਿਸ ਲਿਆ ਕਿ ਕਿਸ ਤਰੀਕੇ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਸਿੱਖ ਕੌਮ ਦੇ ਅੰਦਰੂਨੀ ਮਾਮਲਿਆਂ ’ਚ ਦਖਲ ਦੇ ਰਹੀ ਹੈ। ਕਮੇਟੀ ਨੇ ਕਿਹਾ ਕਿ ‘ਆਪ’ ਸਰਕਾਰ ਅਕਾਲੀ ਦਲ ਵੱਲੋਂ ਸਪੱਸ਼ਟ ਬਹੁਮਤ ਹਾਸਲ ਕਰਨ ਦੇ ਬਾਵਜੂਦ ‘ਆਪ’ ਸਰਕਾਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਜਨਰਲ ਹਾਊਸ ਦਾ ਗਠਨ ਨਹੀਂ ਹੋਣ ਦੇ ਰਹੀ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮਨਜਿੰਦਰ ਸਿੰਘ ਸਿਰਸਾ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਕਮੇਟੀ ਦਾ ਕੋਆਪਟਿਡ ਮੈਂਬਰ ਬਣਨ ਤੋਂ ਰੋਕਣ ਲਈ ਕਿਸ ਤਰੀਕੇ ਦੇ ਫਿਲਮੀ ਆਧਾਰ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਰਸਾ ਦੀ ਨਾਮਜ਼ਦਗੀ ਸਾਰੇ ਪੱਖਾਂ ਤੋਂ ਦਰੁੱਸਤ ਹੈ ਤੇ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਉਹ ਪੰਜਾਬੀ ਭਾਸ਼ਾ ਤੋਂ ਚੰਗੀ ਤਰ੍ਹਾਂ ਜਾਣੂ ਹਨ ਪਰ ਜਾਣਬੁੱਝ ਕੇ ਬਹਾਨਾ ਬਣਾ ਕੇ ਉਨ੍ਹਾਂ ਦੀ ਨਾਮਜ਼ਦਗੀ ਰੱਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰੀਕੇ ਡਾਇਰੈਕਟਰ ਗੁਰਦੁਆਰਾ ਚੋਣਾਂ ਨੇ ਦਿੱਲੀ ਦੀਆਂ ਸਿੰਘ ਸਭਾਵਾਂ ਦੇ ਦੋ ਮੈਂਬਰਾਂ ਦੀ ਕੋਆਪਸ਼ਨ ਨਾਲ ਚੋਣ ਦੇ ਮਾਮਲੇ ’ਚ ਵੀ ਨਿਯਮਾਂ ਮੁਤਾਬਕ ਸਿੰਘ ਸਭਾਵਾਂ ਦੇ ਦੋ ਪ੍ਰਧਾਨਾਂ ਨੂੰ ਨਾਮਜ਼ਦ ਨਹੀਂ ਕੀਤਾ। ਉਨ੍ਹਾਂ ਇਹ ਵੀ ਦੱਸਿਆ ਕਿ ਕਿਵੇਂ ਦਿੱਲੀ ਕਮੇਟੀ ਚੋਣਾਂ ਜਿੱਤ ਚੁੱਕੇ ਅਕਾਲੀ ਦਲ ਦੇ 7 ਤੋਂ 8 ਮੈਂਬਰਾਂ ਨੂੰ ਝੂਠੇ ਕੇਸਾਂ ਵਿਚ ਫਸਾ ਕੇ ਉਨ੍ਹਾਂ ਨੂੰ ਡਰਾਇਆ-ਧਮਕਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਦੀਪ ਸਿੱਧੂ ਖ਼ਿਲਾਫ਼ ਐੱਸ. ਸੀ./ਐੱਸ. ਟੀ. ਐਕਟ ਤਹਿਤ ਜਲੰਧਰ ’ਚ ਮਾਮਲਾ ਦਰਜ

ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਦੀ ‘ਆਪ’ ਸਰਕਾਰ ਸੰਵਿਧਾਨਕ ਸੰਸਥਾਵਾਂ ਨੂੰ ਖ਼ਤਮ ਕਰਨ ’ਤੇ ਤੁਲੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸੇ ਵੀ ਹਾਲਤ ’ਚ ਸਿੱਖ ਕੌਮ ਦੇ ਅੰਦਰੂਨੀ ਮਾਮਲਿਆਂ ’ਚ ਸਿੱਧਾ ਦਖਲ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੇ ਗੁਰਧਾਮਾਂ ਦਾ ਲੰਬੇ ਸੰਘਰਸ਼ ਤੋਂ ਬਾਅਦ ਮਹੰਤਾਂ ਤੋਂ ਕਬਜ਼ਾ ਛੁਡਵਾਇਆ ਤੇ ਕੌਮ ਹੁਣ ਵੀ ਕਾਨੂੰਨ ਮੁਤਾਬਕ ਲੜਾਈ ਲੜ ਕੇ ਯਕੀਨੀ ਬਣਾਏਗੀ ਕਿ ਦਿੱਲੀ ਕਮੇਟੀ ਤੇ ਹੋਰ ਸਿੱਖ ਸੰਸਥਾਵਾਂ ਕਾਇਮ ਹੋਣ। ਇਸ ਮੌਕੇ ਕੋਰ ਕਮੇਟੀ ਮੈਂਬਰਾਂ ਨੇ ਦੋ ਮਿੰਟ ਦਾ ਮੌਨ ਰੱਖ ਕੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ। ਇਸ ਮੀਟਿੰਗ ’ਚ ਹੋਰਨਾਂ ਤੋਂ ਇਲਾਵਾ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਬੀਬੀ ਜਗੀਰ ਕੌਰ, ਨਿਰਮਲ ਸਿੰਘ ਕਾਹਲੋਂ, ਡਾ. ਦਲਜੀਤ ਸਿੰਘ ਚੀਮਾ, ਜਥੇਦਾਰ ਹੀਰਾ ਸਿੰਘ ਗਾਬੜੀਆ, ਬਿਕਰਮ ਸਿੰਘ ਮਜੀਠੀਆ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ ਤੇ ਬਲਦੇਵ ਸਿੰਘ ਮਾਨ ਵੀ ਸ਼ਾਮਲ ਸਨ।


Manoj

Content Editor

Related News