ਪੰਜਾਬ ''ਚ ਗੜੇਮਾਰੀ ਦੀ ਮਾਰ ਝੱਲ ਰਹੇ ਕਿਸਾਨਾਂ ਦੀ ਮਦਦ ਕਰੇਗਾ ਸ਼੍ਰੋਮਣੀ ਅਕਾਲੀ ਦਲ

Monday, Apr 06, 2026 - 03:03 PM (IST)

ਪੰਜਾਬ ''ਚ ਗੜੇਮਾਰੀ ਦੀ ਮਾਰ ਝੱਲ ਰਹੇ ਕਿਸਾਨਾਂ ਦੀ ਮਦਦ ਕਰੇਗਾ ਸ਼੍ਰੋਮਣੀ ਅਕਾਲੀ ਦਲ

ਸ੍ਰੀ ਮੁਕਤਸਰ ਸਾਹਿਬ (ਵੈੱਬ ਡੈਸਕ): ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਪਾਰਟੀ ਵੱਲੋਂ ਸੂਬੇ ਵਿਚ ਗੜੇਮਾਰੀ ਕਾਰਨ ਤਬਾਹ ਹੋਈਆਂ ਫ਼ਸਲਾਂ ਕਾਰਨ ਨੁਕਸਾਨ ਝੱਲ ਰਹੇ ਕਿਸਾਨਾਂ ਦੀ ਮਦਦ ਕੀਤੀ ਜਾਵੇਗੀ। ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਬਚਾਓ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਾਰਿਸ਼ ਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ। ਉਹ ਸਾਰੇ ਹਲਕਾ ਇੰਚਾਰਜਾਂ ਤੋਂ ਗੜੇਮਾਰੀ ਕਾਰਨ ਹੋਏ ਨੁਕਸਾਨ ਦੀ ਰਿਪੋਰਟ ਲੈ ਰਹੇ ਹਨ। ਉਨ੍ਹਾਂ ਨੇ ਪਾਰਟੀ ਦੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਮਰੱਥਾ ਅਨੁਸਾਰ ਯੋਗਦਾਨ ਪਾ ਕੇ ਕਿਸਾਨਾਂ ਦੀ ਮਦਦ ਕਰਨ। 

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਹਿਲਾਂ ਹੜ੍ਹਾਂ ਕਾਰਨ ਵੀ ਕਿਸਾਨਾਂ ਦਾ ਬਹੁਤ ਨੁਕਸਾਨ ਹੋਇਆ ਸੀ, ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਮਿਲੀ। ਹੁਣ ਗੜੇਮਾਰੀ ਤੇ ਬੇਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦਾ ਬਹੁਤ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਉਹ ਸਰਕਾਰੀ ਤੌਰ 'ਤੇ ਫ਼ਸਲਾਂ ਦੀ ਇੰਸ਼ੋਰੈਂਸ ਕਰਵਾਉਣ ਦੀ ਯੋਜਨਾ ਲੈ ਕੇ ਆਉਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਡਾਕਟਰਾਂ ਤੇ ਅਧਿਆਪਕਾਂ ਦੀਆਂ ਖ਼ਾਲੀ ਪੋਸਟਾਂ ਨੂੰ 6 ਮਹੀਨਿਆਂ ਅੰਦਰ ਭਰਨ ਦਾ ਵਾਅਦਾ ਵੀ ਕੀਤਾ ਤੇ ਨਾਲ ਹੀ ਇਹ ਵੀ ਐਲਾਨ ਕੀਤਾ ਕਿ ਪੰਜਾਬ ਵਿਚ ਸਰਕਾਰੀ ਨੌਕਰੀਆਂ ਸਿਰਫ਼ ਪੰਜਾਬੀਆਂ ਲਈ ਹੀ ਰਾਖਵੀਆਂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਦੀ ਤਰੱਕੀ ਲਈ ਆਪਣਾ ਵਿਜ਼ਨ ਵੀ ਲੋਕਾਂ ਨੂੰ ਦੱਸਿਆ।

ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਪੰਜਾਬ ਦੀ ਸਿਆਸਤ ਤੋਂ ਬਾਦਲ ਪਰਿਵਾਰ ਦਾ ਨਾਂ ਖ਼ਤਮ ਕਰਨ ਦੀਆਂ ਕਈ ਸਾਜ਼ਿਸ਼ਾਂ ਰਚੀਆਂ ਗਈਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਉੱਪਰ ਗੋਲ਼ੀ ਤਕ ਚਲਾਉਣ ਦੀ ਕੋਸ਼ਿਸ਼ ਕੀਤੀ ਗਈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਹੜੇ ਉਨ੍ਹਾਂ ਨੂੰ ਖ਼ਤਮ ਕਰਨਾ ਚਾਹੁੰਦੇ ਸੀ, ਉਹ ਅੱਜ ਆਪ ਰੁਲਦੇ ਫ਼ਿਰਦੇ ਹਨ।  ਉਨ੍ਹਾਂ ਸਪਸ਼ਟ ਕੀਤਾ ਕਿ ਨਾ ਉਨ੍ਹਾਂ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਕਦੇ ਸੰਗਤ ਤੋਂ ਇਲਾਵਾ ਕਿਸੇ ਅੱਗੇ ਝੁਕੇ ਤੇ ਨਾ ਹੀ ਉਹ ਕਿਸੇ ਵੀ ਤਾਕਤ ਅੱਗੇ ਝੁਕਣਗੇ। 


author

Anmol Tagra

Content Editor

Related News