ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਆਗੂ ਤੇ SGPC ਮੈਂਬਰ ਨੂੰ ਪਾਰਟੀ ''ਚੋਂ ਕੱਢਣ ਦਾ ਫ਼ੈਸਲਾ ਲਿਆ ਵਾਪਸ
Thursday, May 16, 2024 - 06:46 PM (IST)
ਚੰਡੀਗੜ੍ਹ (ਮਨਜੋਤ): ਸ਼੍ਰੋਮਣੀ ਅਕਾਲੀ ਦਲ ਨੇ ਸੀਨੀਅਰ ਪਾਰਟੀ ਆਗੂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ ’ਚੋਂ ਕੱਢਣ ਦਾ ਫ਼ੈਸਲਾ ਤੁਰੰਤ ਵਾਪਸ ਲੈ ਲਿਆ। ਪਾਰਟੀ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਕੇਸ ਦੇ ਸਾਰੇ ਤੱਥਾਂ ਦੀ ਪੜਚੋਲ ਕਰਨ ਤੋਂ ਬਾਅਦ ਇਹ ਸਾਹਮਣੇ ਆਇਆ ਹੈ ਕਿ ਬੀਬੀ ਹਰਜਿੰਦਰ ਕੌਰ ਸਵੇਰ ਦੀ ਸੈਰ ਵੇਲੇ ਭਾਜਪਾ ਦੇ ਉਮੀਦਵਾਰ ਨੂੰ ਮਿਲ ਗਏ ਸੀ। ਸਾਰੇ ਮਾਮਲੇ ਦੀ ਘੋਖ ਤੋਂ ਬਾਅਦ ਇਹ ਵੀ ਸਾਹਮਣੇ ਆਇਆ ਕਿ ਉਨ੍ਹਾਂ ਨੇ ਭਾਜਪਾ ਲਈ ਕੋਈ ਪ੍ਰਚਾਰ ਨਹੀਂ ਕੀਤਾ ਤੇ ਨਾ ਹੀ ਭਾਜਪਾ ਦੀ ਕਿਸੇ ਸਟੇਜ ’ਤੇ ਗਏ। ਇਸ ਲਈ ਫ਼ੈਸਲਾ ਕੀਤਾ ਗਿਆ ਕਿ ਪਾਰਟੀ ਦੇ ਪਹਿਲਾਂ ਲਏ ਫ਼ੈਸਲੇ ਦੀ ਮੁੜ ਸਮੀਖਿਆ ਕੀਤੀ ਜਾਵੇ ਤੇ ਬੀਬੀ ਹਰਜਿੰਦਰ ਕੌਰ ਦੀ ਬਰਖ਼ਾਸਤਗੀ ਦਾ ਫ਼ੈਸਲਾ ਵਾਪਸ ਲਿਆ ਜਾਵੇ।
ਇਹ ਖ਼ਬਰ ਵੀ ਪੜ੍ਹੋ - ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਦੇ ਘਰ ਲੱਗੇ ਭਾਜਪਾ ਦੇ ਬੋਰਡ ਤੇ ਪੋਸਟਰ!
ਭੂੰਦੜ ਨੇ ਕਿਹਾ ਕਿ ਪਾਰਟੀ ਦੀ ਕਾਰਵਾਈ ਮਗਰੋਂ ਬੀਬੀ ਹਰਜਿੰਦਰ ਕੌਰ ਵੱਡੀ ਗਿਣਤੀ ’ਚ ਲੋਕਾਂ ਨੂੰ ਨਾਲ ਲੈ ਕੇ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੂੰ ਮਿਲੇ ਤੇ ਲੋਕਾਂ ਨੇ ਬੀਬੀ ਹਰਜਿੰਦਰ ਕੌਰ ਵੱਲੋਂ ਪਾਰਟੀ ਦੇ ਨਾਲ-ਨਾਲ ਕੌਮ ਦੀ ਕੀਤੀ ਜਾ ਰਹੀ ਸੇਵਾ ਤੋਂ ਜਾਣੂ ਕਰਵਾਇਆ। ਬੀਬੀ ਹਰਜਿੰਦਰ ਕੌਰ ਨੇ ਵੀ ਇਹ ਸਪੱਸ਼ਟ ਕੀਤਾ ਕਿ ਉਹ ਅਕਾਲੀ ਸਨ ਤੇ ਹਮੇਸ਼ਾ ਰਹਿਣਗੇ ਤੇ ਹਮੇਸ਼ਾ ਅਕਾਲੀ ਸਿਧਾਂਤ ਉਨ੍ਹਾਂ ਦਾ ਮਾਰਗ ਦਰਸ਼ਨ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਾਰੇ ਮਾਮਲੇ ਤੋਂ ਜਾਣੂ ਕਰਵਾਇਆ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ’ਚ ਮੁੜ ਬਹਾਲ ਕੀਤਾ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8