ਸ਼੍ਰੋਮਣੀ ਅਕਾਲੀ ਦਲ ਨੇ ਭਾਰਤੀ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ, ਕੀਤੀ ਵੱਡੀ ਮੰਗ

01/14/2022 4:38:43 PM

ਚੰਡੀਗੜ੍ਹ (ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਭਾਰਤੀ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਮੰਗ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਲਿਖਿਆ ਕਿ ਚੋਣ ਕਮਿਸ਼ਨ ਨੁੱਕੜ ਮੀਟਿੰਗਾਂ ਕਰਨ ਦੀ ਇਜਾਜ਼ਤ ਦੇਵੇ ਕਿਉਂਕਿ ਡਿਜੀਟਲ ਤਕਨਾਲੋਜੀ ਤੱਕ ਪੰਜਾਬ ਦੇ ਬਜ਼ੁਰਗ ਲੋਕਾਂ ਤੇ ਪੱਛੜੇ ਇਲਾਕਿਆਂ ’ਚ ਰਹਿਣ ਵਾਲੇ ਲੋਕਾਂ ਦੀ ਪਹੁੰਚ ਨਹੀਂ ਹੈ। ਇਸ ਨਾਲ ਵੋਟਿੰਗ ਫੀਸਦੀ ਵੀ ਪ੍ਰਭਾਵਿਤ ਹੋਵੇਗੀ। ਉਨ੍ਹਾਂ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਦੇ ਚੋਣ ਲੜ ਰਹੇ ਉਮੀਦਵਾਰਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡਿਜੀਟਲ ਤਕਨਾਲੋਜੀ ਨਾਲ ਵਿਧਾਨ ਸਭਾ ਹਲਕੇ ਦੇ ਸਾਰੇ ਵੋਟਰਾਂ ਨੂੰ ਕਵਰ ਕਰਨਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਪੱਛੜਿਆਂ ਇਲਾਕਿਆਂ ’ਚ ਇੰਟਰਨੈੱਟ ਵੀ ਸਹੀ ਢੰਗ ਨਾਲ ਕੰਮ ਨਹੀਂ ਕਰ ਰਹੇ। ਇਸ ਦੌਰਾਨ ਉਨ੍ਹਾਂ ਆਮ ਆਦਮੀ ਪਾਰਟੀ ’ਤੇ ਵੀ ਵੱਡੇ ਹਮਲੇ ਕੀਤੇ।

ਇਹ ਵੀ ਪੜ੍ਹੋ : ਰਾਘਵ ਚੱਢਾ ਨੇ ਚੋਣ ਕਮਿਸ਼ਨ ਤੇ ਭਾਜਪਾ ’ਤੇ ਲਾਏ ਵੱਡੇ ਇਲਜ਼ਾਮ, ਕੀਤੇ 5 ਸਵਾਲ

ਡਾ. ਚੀਮਾ ਨੇ ਕਿਹਾ ਕਿ ‘ਆਪ’ ਪੰਜਾਬ ਦੇ ਟੀ. ਵੀ. ਚੈਨਲਾਂ ’ਤੇ ਪੇਡ ਨਿਊਜ਼ ਰਾਹੀਂ ਵਿਕਾਸ ਦੀਆਂ ਕਹਾਣੀਆਂ ਦਿਖਾ ਰਹੀ ਹੈ ਤੇ ਇਨ੍ਹਾਂ ਰਾਹੀਂ ਉਹ ਪੰਜਾਬ ਦੇ ਵੋਟਰਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਦਿੱਲੀ ’ਚ ਚੋਣ ਜ਼ਾਬਤਾ ਨਾ ਹੋਣ ਕਾਰਨ ‘ਆਪ’ ਇਸ ਦਾ ਵੱਧ ਤੋਂ ਵੱਧ ਫਾਇਦਾ ਚੁੱਕ ਰਹੀ ਹੈ। ਉਹ ਦਿੱਲੀ ਦੇ ਸਰਕਾਰੀ ਖਜ਼ਾਨੇ ਦੇ ਖਰਚੇ ’ਤੇ ਪੇਡ ਨਿਊਜ਼ ਦੇ ਇਸ਼ਤਿਹਾਰਾਂ ’ਤੇ ਕਰੋੜਾਂ ਰੁਪਏ ਖਰਚ ਕਰ ਰਹੀ ਹੈ, ਜਿਸ ਨਾਲ ਦੂਜੀਆਂ ਪਾਰਟੀਆਂ ਨੂੰ ਬਹੁਤ ਨੁਕਸਾਨ ਹੋਵੇਗਾ। ਸ਼੍ਰੋਮਣੀ ਅਕਾਲੀ ਦਲ ਵੱਲੋਂ ਮੰਗ ਕੀਤੀ ਜਾਂਦੀ ਹੈ ਕਿ ਨੁੱਕੜ ਮੀਟਿੰਗਾਂ ਦੇ ਫ਼ੈਸਲੇ ’ਤੇ ਮੁੜ ਵਿਚਾਰ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ 8 ਜਨਵਰੀ ਨੂੰ ਚੋਣਾਂ ਐਲਾਨਣ ਦੇ ਨਾਲ ਹੀ 15 ਜਨਵਰੀ ਤੱਕ ਚੋਣ ਰੈਲੀਆਂ, ਪੈਦਲ ਯਾਤਰਾ, ਨੁੱਕੜ ਮੀਟਿੰਗਾਂ ਆਦਿ ਉੱਤੇ ਪਾਬੰਦੀ ਲਾ ਦਿੱਤੀ ਸੀ।

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

Manoj

This news is Content Editor Manoj