ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋਂ ਮੁਕਤ ਕਰਵਾਉਣਾ ਸਾਡਾ ਮੁੱਖ ਟੀਚਾ : ਢੀਂਡਸਾ

02/22/2020 12:08:50 AM

ਤਰਨਤਾਰਨ/ਚੋਹਲਾ ਸਾਹਿਬ, (ਮਨਜੀਤ, ਬਲਦੇਵ, ਬਲਵਿੰਦਰ ਕੌਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਆਜ਼ਾਦ ਕਰਵਾਉਣ ਅਤੇ ਸ਼੍ਰੋਮਣੀ ਅਕਾਲੀ ਦਲ 1920 ਦੀ ਹੋਂਦ ਨੂੰ ਬਰਕਰਾਰ ਰੱਖਣ ਲਈ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਲੋਂ 'ਲੋਕ ਬਚਾਓ-ਪੰਜਾਬ ਬਚਾਓ' ਦੇ ਨਾਅਰੇ ਹੇਠ ਪਿੰਡ ਠੱਠੀਆਂ ਮਹੰਤਾਂ ਵਿਖੇ ਅੱਜ ਜ਼ਿਲਾ ਪੱਧਰੀ ਰੈਲੀ ਦਾ ਆਯੋਜਨ ਕੀਤਾ ਗਿਆ।

ਰੈਲੀ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਤੇ ਸਾਬਕਾ ਮੈਂਬਰ ਪਾਰਲੀਮੈਂਟ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਦੀ ਭਾਰੀ ਹਾਰ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਡੇਰਾ ਸਿਰਸਾ ਮੁਖੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਮੁਆਫੀ ਵਰਗੇ ਹੋਰ ਕਈ ਕਾਰਣਾਂ ਕਰ ਕੇ ਹੋਈ ਹੈ, ਦੇ ਬਾਅਦ ਅਸੀਂ ਮਜਬੂਰ ਹੋ ਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਤੋਂ ਵੱਖ ਹੋਏ ਹਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਹੋਂਦ ਨੂੰ ਬਚਾਉਣ ਲਈ ਵੱਖਰਾ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਬਣਾ ਕੇ ਲੋਕਾਂ ਤੋਂ ਸਹਿਯੋਗ ਮੰਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਲਈ ਅਸੀਂ ਲੋਕਾਂ 'ਚ ਜਾ ਰਹੇ ਹਾਂ ਅਤੇ ਅੱਜ ਦੀ ਇਸ ਰੈਲੀ 'ਚ ਹਜ਼ਾਰਾਂ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਲੋਕ ਸਾਡੇ ਨਾਲ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 1920 ਬਹੁਤ ਕੁਰਬਾਨੀਆਂ ਤੋਂ ਬਾਅਦ ਹੋਂਦ 'ਚ ਆਇਆ ਸੀ ਪਰ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੀਆਂ ਗਲਤ ਨੀਤੀਆਂ ਕਾਰਣ ਇਹ ਲਗਭਗ ਖਤਮ ਹੋ ਚੁੱਕਾ ਹੈ। ਉਨ੍ਹਾਂ ਪੰਜਾਬ ਦੀ ਕੈਪਟਨ ਸਰਕਾਰ ਨੂੰ ਲੰਬੇ ਹੱਥੀਂ ਲੈਂਦਿਆਂ ਕਿਹਾ ਕਿ ਚੋਣਾਂ ਦੌਰਾਨ ਝੂਠੇ ਵਾਅਦੇ ਕਰ ਕੇ ਕਾਂਗਰਸ ਦੀ ਸਰਕਾਰ ਤਾਂ ਬਣ ਗਈ ਪਰ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਕੈਪਟਨ ਨੇ ਹੱਥ 'ਚ ਗੁਟਕਾ ਸਾਹਿਬ ਲੈ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਸਹੁੰ ਚੁੱਕੀ ਸੀ ਪਰ ਪੰਜਾਬ 'ਚ ਨਸ਼ਾ ਪਹਿਲਾਂ ਨਾਲੋਂ ਜ਼ਿਆਦਾ ਹੋ ਚੁੱਕਾ ਹੈ।

ਇਸ ਮੌਕੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਜੇਕਰ ਅਸੀਂ ਬਾਦਲਾਂ ਦੀ ਹਾਂ 'ਚ ਹਾਂ ਮਿਲਾਉਂਦੇ ਰਹਿੰਦੇ ਤਾਂ ਅਸੀਂ ਅਕਾਲੀ ਸੀ ਅਤੇ ਜੇਕਰ ਅਸੀਂ ਉਨ੍ਹਾਂ ਦੀ ਨੁਕਤਾਚੀਨੀ ਕਰਨੀ ਸ਼ੁਰੂ ਕਰ ਦਿੱਤੀ ਤਾਂ ਅਸੀਂ ਕਾਂਗਰਸ ਦੀ ਬੀ-ਟੀਮ ਹੋ ਗਏ। ਉਨ੍ਹਾਂ ਕਿਹਾ ਕਿ ਅਸੀਂ ਉਨਾ ਚਿਰ ਆਰਾਮ ਨਾਲ ਨਹੀਂ ਬੈਠਾਂਗੇ ਜਦ ਤੱਕ 1920 ਵਾਲਾ ਅਕਾਲੀ ਦਲ ਕਾਇਮ ਨਹੀਂ ਕਰ ਲੈਂਦੇ। ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਅਕਾਲੀ ਦਲ (1920) ਦੇ ਪ੍ਰਧਾਨ ਰਵੀਇੰਦਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਬਹੁਤ ਹੰਕਾਰੀ ਹੋ ਗਿਆ ਹੈ ਪਰ ਉਹ ਇਹ ਨਹੀਂ ਜਾਣਦਾ ਕਿ ਲੋਕਾਂ ਅੱਗੇ ਸਭ ਕੁਝ ਢਹਿ-ਢੇਰੀ ਹੋ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਭਾਈ ਰਣਜੀਤ ਸਿੰਘ ਸਾਬਕਾ ਜਥੇ. ਸ੍ਰੀ ਅਕਾਲ ਤਖਤ ਸਾਹਿਬ, ਬਾਬਾ ਸਾਹਿਬ ਸਿੰਘ ਬੇਦੀ, ਐੱਚ. ਐੱਸ. ਫੂਲਕਾ, ਬੈਂਸ ਭਰਾ ਅਤੇ ਕਈ ਹੋਰ ਦਲ ਵੀ ਸਾਡੇ ਨਾਲ ਹਨ।


Related News