ਸ਼੍ਰੋਮਣੀ ਕਮੇਟੀ ਬ੍ਰਹਮਰਿਸ਼ੀ ਕੁਮਾਰ ਸਵਾਮੀ ਵਿਰੁੱਧ ਕਰੇਗੀ ਕਾਨੂੰਨੀ ਕਾਰਵਾਈ : ਭਾਈ ਲੌਂਗੋਵਾਲ

11/03/2019 12:58:00 AM

ਅੰਮ੍ਰਿਤਸਰ,(ਦੀਪਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੀ ਅੱਜ ਹੋਈ ਇਕੱਤਰਤਾ ਦੌਰਾਨ ਬ੍ਰਹਮਰਿਸ਼ੀ ਕੁਮਾਰ ਸਵਾਮੀ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਕਾਰਵਾਈ ਸਬੰਧਤ ਵੱਲੋਂ ਪੰਜਾਬੀ ਦੇ ਇਕ ਅਖ਼ਬਾਰ 'ਚ ਸਿੱਖ ਸਿਧਾਂਤਾਂ ਨੂੰ ਠੇਸ ਪਹੁੰਚਾਉਣ ਵਾਲੇ ਇਸ਼ਤਿਹਾਰ ਛਪਾਉਣ ਕਰ ਕੇ ਕੀਤੀ ਗਈ ਹੈ। ਧਰਮ ਪ੍ਰਚਾਰ ਕਮੇਟੀ ਦੀ ਸ੍ਰੀ ਗੁਰੂ ਰਾਮਦਾਸ ਡੈਂਟਲ ਕਾਲਜ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ 'ਚ ਹੋਈ ਇਕੱਤਰਤਾ ਦੌਰਾਨ ਇਸ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਗਈ ਤੇ ਫੈਸਲਾ ਕੀਤਾ ਗਿਆ ਕਿ ਸਿੱਖੀ ਦੇ ਮੌਲਿਕ ਸਿਧਾਂਤਾਂ ਨੂੰ ਰਲਗਡ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਕਾਰਵਾਈ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੂੰ ਪੱਤਰ ਵੀ ਲਿਖਿਆ ਗਿਆ ਹੈ।

ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਬ੍ਰਹਮਰਿਸ਼ੀ ਕੁਮਾਰ ਸਵਾਮੀ ਨੇ ਜਿਥੇ ਪਾਵਨ ਗੁਰਬਾਣੀ ਅਤੇ ਇਕ ਓਅੰਕਾਰ ਦੀ ਤੁਲਨਾ ਆਪਣੇ ਨਾਲ ਕੀਤੀ ਹੈ, ਉਥੇ ਹੀ ਉਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਦਸਮ ਪਾਤਸ਼ਾਹ ਜੀ ਦੀ ਬਾਣੀ ਦਾ ਵੀ ਨਿਰਾਦਰ ਕੀਤਾ ਹੈ। ਉਸ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਹਿੰਦੂ ਦੇਵੀ-ਦੇਵਤਿਆਂ ਨਾਲ ਵੀ ਜੋੜਿਆ ਗਿਆ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਇਹ ਕਿਸੇ ਵੀ ਤਰ੍ਹਾਂ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿ ਕੋਈ ਸਿੱਖ ਧਰਮ ਦੀ ਮੌਲਿਕਤਾ, ਗੁਰੂ ਸਾਹਿਬਾਨ ਅਤੇ ਪਾਵਨ ਗੁਰਬਾਣੀ ਦਾ ਨਿਰਾਦਰ ਕਰੇ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਸਬੰਧਤ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਉਥੇ ਨਾਲ ਹੀ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੂੰ ਵੀ ਉਸ ਵਿਰੁੱਧ ਕਾਰਵਾਈ ਕਰਨ ਲਈ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਥਾਨਕ ਪੁਲਸ ਪ੍ਰਸ਼ਾਸਨ ਨੂੰ ਸਬੰਧਤ ਦੀ ਘਿਨੌਣੀ ਹਰਕਤ ਬਦਲੇ ਉਸ ਦਾ ਅੰਮ੍ਰਿਤਸਰ ਵਿਖੇ ਕੀਤਾ ਜਾ ਰਿਹਾ ਸਮਾਗਮ ਵੀ ਰੋਕਣਾ ਚਾਹੀਦਾ ਹੈ।

ਇਸੇ ਦੌਰਾਨ ਭਾਈ ਲੌਂਗੋਵਾਲ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਵੱਲੋਂ ਪ੍ਰਸਿੱਧ ਸਿੱਖ ਇਤਿਹਾਸਕਾਰ ਹਰਵਿੰਦਰ ਸਿੰਘ ਖ਼ਾਲਸਾ ਦੀਆਂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਤਿੰਨ ਪੁਸਤਕਾਂ ਜਾਰੀ ਕੀਤੀਆਂ ਗਈਆਂ, ਜਿਨ੍ਹਾਂ 'ਚ 'ਇਲਾਹੀ ਦਰਸ਼ਨ', 'ਜਗਤੁ ਗੁਰੁ ਬਾਬਾ' ਅਤੇ 'ਗੁਰੂ ਨਾਨਕ ਪਾਤਸ਼ਾਹ ਦੇ ਸਿੱਦਕੀ ਸਿੱਖ' ਸ਼ਾਮਿਲ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਹਰਵਿੰਦਰ ਸਿੰਘ ਖ਼ਾਲਸਾ ਨੇ ਇਹ ਪੁਸਤਕਾਂ ਪ੍ਰਕਾਸ਼ਿਤ ਕਰਵਾ ਕੇ ਸ਼ਲਾਘਾਯੋਗ ਉੱਦਮ ਕੀਤਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਬਿੱਕਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ, ਅਵਤਾਰ ਸਿੰਘ, ਰਾਮਪਾਲ ਸਿੰਘ, ਮਨਜੀਤ ਸਿੰਘ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਹਿੰਦਰ ਸਿੰਘ ਆਹਲੀ, ਨਿੱਜੀ ਸਕੱਤਰ ਅਵਤਾਰ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ, ਗੁਰਿੰਦਰ ਸਿੰਘ, ਹਰਜਿੰਦਰ ਸਿੰਘ, ਦਰਸ਼ਨ ਸਿੰਘ ਆਦਿ ਮੌਜੂਦ ਸਨ।


Related News