ਸ਼੍ਰੋਮਣੀ ਕਮੇਟੀ ’ਚ ਬਾਹਰੀ ਦਖਲਅੰਦਾਜ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਬੀਬੀ ਜਗੀਰ ਕੌਰ

Saturday, Dec 19, 2020 - 08:16 PM (IST)

ਸ਼੍ਰੋਮਣੀ ਕਮੇਟੀ ’ਚ ਬਾਹਰੀ ਦਖਲਅੰਦਾਜ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਬੀਬੀ ਜਗੀਰ ਕੌਰ

ਫਤਿਹਗੜ੍ਹ ਸਾਹਿਬ,(ਜਗਦੇਵ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਚ ਕਿਸੇ ਤਰ੍ਹਾਂ ਦੀ ਬਾਹਰੀ ਦਖਲਅੰਦਾਜ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਨਾ ਹੀ ਸ਼੍ਰੋਮਣੀ ਕਮੇਟੀ ਮੈਂਬਰ ਗਲਤ ਕੰਮਾਂ ਲਈ ਉਨ੍ਹਾਂ ’ਤੇ ਦਬਾਅ ਬਣਾਉਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਾਲਾਨਾ ਸ਼ਹੀਦੀ ਸਿੰਘ ਸਭਾ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਜ਼ਿਲਾ ਪ੍ਰਸ਼ਾਸਨ ਨਾਲ ਮੀਟਿੰਗ ਕਰ ਕੇ ਤਿਆਰੀਆਂ ਦਾ ਜਾਇਜ਼ਾ ਲੈਣ ਦੌਰਾਨ ਕੀਤਾ। ਉਨ੍ਹਾਂ ਚਿਤਾਵਨੀ ਭਰੇ ਲਹਿਜ਼ੇ ’ਚ ਕਿਹਾ ਕਿ ਸ਼੍ਰੋਮਣੀ ਕਮੇਟੀ ’ਚ ਭ੍ਰਿਸ਼ਟਾਚਾਰ ਸੰਗੀਨ ਦੋਸ਼ ਪਾਏ ਜਾਣ ਵਾਲਿਆਂ ਦੀ ਕੋਈ ਸੁਣਵਾਈ ਨਹੀਂ ਹੋਵੇਗੀ ਤੇ ਸਿੱਧਾ ਡਿਸਮਿਸ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਪ੍ਰਬੰਧ ਸੁਚਾਰੂ ਢੰਗ ਤੇ ਪਾਰਦਰਸ਼ਤਾ ਲਿਆਉਣ ਦੇ ਮਨੋਰਥ ਨਾਲ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਹਰੇਕ 2 ਮਹੀਨੇ ਬਾਅਦ ਵਿਸ਼ੇਸ਼ ਮੀਟਿੰਗਾਂ ਕੀਤੀਆਂ ਜਾਣਗੀਆਂ, ਜਿਸ ’ਚ ਉਨ੍ਹਾਂ ਦੇ ਇਲਾਕਿਆਂ ’ਚ ਆਉਣ ਵਾਲੀਆਂ ਕਿਸੇ ਵੀ ਕਿਸਮ ਦੀਆਂ ਜੋ ਪ੍ਰੇਸ਼ਾਨੀਆਂ ਹੋਣਗੀਆਂ, ਉਨ੍ਹਾਂ ਨੂੰ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਕਿਸਾਨੀ ਸੰਘਰਸ਼ ’ਚ ਸ਼ਾਮਲ ਕਿਸਾਨਾਂ ਦੀ ਸਹੂਲਤ ਲਈ ਵਾਟਰਪਰੂਫ ਟੈਂਟ ਤਿਆਰ ਕਰਵਾ ਕੇ ਉਨ੍ਹਾਂ ’ਚ ਬੈੱਡ ਲਾ ਦਿੱਤੇ ਗਏ ਹਨ ਤੇ ਮੱਛਰਦਾਨੀਆਂ ਦਾ ਵੀ ਪ੍ਰਬੰਧ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਧਰਨੇ ’ਚ ਮੌਤ ਹੋ ਜਾਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਤੇ ਕਿਸੇ ਪੱਖ ਤੋਂ ਜ਼ਖ਼ਮੀ ਹੋਣ ਵਾਲੇ ਕਿਸਾਨਾਂ ਲਈ 20-20 ਹਜ਼ਾਰ ਰੁਪਏ ਦੀ ਸ਼੍ਰੋਮਣੀ ਕਮੇਟੀ ਵੱਲੋਂ ਆਰਥਿਕ ਤੌਰ ’ਤੇ ਮਦਦ ਵੀ ਕੀਤੀ ਜਾ ਰਹੀ ਹੈ। ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਜਗਦੀਪ ਸਿੰਘ ਚੀਮਾ, ਦੀਦਾਰ ਸਿੰਘ ਭੱਟੀ, ਜ਼ਿਲਾ ਪੁਲਸ ਮੁਖੀ ਅਮਨੀਤ ਕੌਂਡਲ, ਐੱਸ. ਪੀ. (ਡੀ) ਹਰਪਾਲ ਸਿੰਘ, ਡੀ. ਐੱਸ. ਪੀ. ਹਰਦੀਪ ਸਿੰਘ ਬਡੂੰਗਰ, ਐੱਸ. ਡੀ. ਐੱਮ. ਫਤਿਹਗਡ਼੍ਹ ਸਾਹਿਬ ਡਾ. ਸੰਜੀਵ ਕੁਮਾਰ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਦਰਬਾਰਾ ਸਿੰਘ ਗੁਰੂ, ਸਤਵਿੰਦਰ ਸਿੰਘ ਟੌਹੜਾ, ਬੀਬੀ ਕੁਲਦੀਪ ਕੌਰ ਟੌਹੜਾ, ਕਰਨੈਲ ਸਿੰਘ ਪੰਜੋਲੀ, ਅਵਤਾਰ ਸਿੰਘ ਰਿਆ, ਰਵਿੰਦਰ ਸਿੰਘ ਖਾਲਸਾ, ਕੁਲਵਿੰਦਰ ਸਿੰਘ ਡੇਰਾ, ਮੈਨੇਜਰ ਕਰਮ ਸਿੰਘ, ਜਰਨੈਲ ਸਿੰਘ ਕਰਤਾਰਪੁਰ, ਬੀਬੀ ਸਤਵਿੰਦਰ ਕੌਰ ਗਿੱਲ, ਕਰਮਜੀਤ ਸਿੰਘ ਭਗਡ਼ਾਣਾ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।


author

Deepak Kumar

Content Editor

Related News